ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 20 ਜੁਲਾਈ
ਕੌਂਸਲ ਆਫ਼ ਡਿਪਲੋਮਾ ਇੰਜਨੀਅਰਜ਼ ਨੇ ਅੱਜ ਇੱਥੇ ਵਰ੍ਹਦੇ ਮੀਂਹ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਭਰ ’ਚੋਂ ਡਿਪਲੋਮਾ ਇੰਜਨੀਅਰ ਅੱਜ ਸਵੇਰੇ ਹੀ ਇੱਥੋਂ ਦੇ ਫੇਜ਼-7 ਸਥਿਤ ਕਮਿਊਨਿਟੀ ਸੈਂਟਰ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ। ਉਨ੍ਹਾਂ ਕਰੀਬ ਦੋ ਘੰਟੇ ਤੱਕ ਇੱਥੇ ਆਪਣੀਆਂ ਮੰਗਾਂ ’ਤੇ ਚਰਚਾ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਸੈਂਕੜੇ ਡਿਪਲੋਮਾ ਇੰਜਨੀਅਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਲਈ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ ਪਰ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਦੀ ਅਗਵਾਈ ਹੇਠ ਪੁਲੀਸ ਨੇ ਫੇਜ਼-7 ਦੇ ਪੈਟਰੋਲ ਪੰਪ ਨੇੜੇ ਹੀ ਉਨ੍ਹਾਂ ਨੂੰ ਰੋਕ ਲਿਆ। ਜ਼ਿਲ੍ਹਾ ਪ੍ਰਸ਼ਾਸਨ ਦੀ ਸੂਚਨਾ ’ਤੇ ਮੁੱਖ ਮੰਤਰੀ ਦੇ ਓਐੱਸਡੀ ਅੰਕਿਤ ਬਾਂਸਲ ਨੇ ਮੁਹਾਲੀ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਤੋਂ ਮੰਗ ਪੱਤਰ ਹਾਸਲ ਕੀਤਾ ਅਤੇ ਉਨ੍ਹਾਂ ਦੀਆਂ ਮੰਗਾਂ ਵੱਲ ਸਰਕਾਰ ਦਾ ਧਿਆਨ ਦਿਵਾਉਣ ਦਾ ਭਰੋਸਾ ਦਿੱਤਾ। ਇਸ ਮਗਰੋਂ ਡਿਪਲੋਮਾ ਇੰਜੀਨਅਰਾਂ ਨੇ ਧਰਨਾ ਖ਼ਤਮ ਕਰ ਦਿੱਤਾ।
ਇਸ ਮੌਕੇ ਡਿਪਲੋਮਾ ਇੰਜਨੀਅਰਜ਼ ਐਸੋਸੀਏਸ਼ਨ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ) ਦੇ ਸੂਬਾ ਪ੍ਰਧਾਨ ਦਿਲਪ੍ਰੀਤ ਸਿੰਘ ਲੋਹਟ ਤੇ ਉਪ ਪ੍ਰਧਾਨ ਹਰਮਨਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਪਿਛਲੀ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਸਾਰੀਆਂ ਤਰੁਟੀਆਂ ਦੂਰ ਕਰ ਕੇ ਲਾਗੂ ਕੀਤੇ ਗਏ ਸੋਧੇ ਹੋਏ ਤਨਖ਼ਾਹ ਸਕੇਲਾਂ ਨੂੰ ਮੁੱਢੋਂ ਹੀ ਕਰ ਦਿੱਤਾ ਹੈ, ਜਿਸ ਨਾਲ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਧਣ ਦੀ ਜਗ੍ਹਾ ਘਟ ਰਹੀਆਂ ਹਨ। ਉਨ੍ਹਾਂ 80 ਲਿਟਰ ਪ੍ਰਤੀ ਮਹੀਨਾ ਪੈਟਰੋਲ ਭੱਤਾ ਫਿਕਸ ਟਰੈਵਲਿੰਗ ਅਲਾਉਂਸ ਦੇਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਆਊਟਸੋਰਸਿੰਗ ਭਰਤੀ ਬੰਦ ਕਰ ਕੇ ਪੱਕੀ ਭਰਤੀ ਕਰਨ ਦੀ ਮੰਗ ਕੀਤੀ।
ਹੋਰਨਾਂ ਸ਼ਹਿਰਾਂ ’ਚ ਧਰਨੇ ਲਾਉਣ ਦਾ ਐਲਾਨ
ਇੰਜਨੀਅਰ ਵਾਸੂਦੇਵ ਸ਼ਰਮਾ, ਹਰਿੰਦਰ ਸਿੰਘ ਗਿੱਲ, ਗੁਰਤੇਜ ਸਿੰਘ, ਬੀਕੇ ਕਪੂਰ ਅਤੇ ਕੁਲਬੀਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਇਸ ਮਹੀਨੇ ਮੋਗਾ, ਫ਼ਤਹਿਗੜ੍ਹ ਸਾਹਿਬ ਅਤੇ ਕਪੂਰਥਲਾ ਜ਼ੋਨਾਂ ਵਿੱਚ ਵੀ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾਣਗੇ।