ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਅਕਤੂਬਰ
ਇੱਥੋਂ ਦੇ ਸੈਕਟਰ-26 ’ਚ ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਿੱਚ ਮਨਾਏ ਜਾ ਰਹੇ ‘ਵਿਸ਼ਵ ਜੰਗਲੀ ਜੀਵ ਹਫ਼ਤੇ’ ਤਹਿਤ ਪੰਛੀਆਂ ਬਾਰੇ ਵਿਚਾਰ ਚਰਚਾ ਕਰਵਾਈ ਗਈ।
ਇਸ ਮੌਕੇ ਚੰਡੀਗੜ੍ਹ ਬਰਡਜ਼ ਕਲੱਬ ਦੀ ਸਕੱਤਰ ਰੀਮਾ ਢਿੱਲੋਂ ਨੇ ਬਨਸਪਤੀ ਅਤੇ ਜੀਵ-ਜੰਤੂਆਂ ਦੀ ਰੱਖਿਆ ਤੇ ਸੰਭਾਲ ਬਾਰੇ ਗੱਲ ਕੀਤੀ। ਉਨ੍ਹਾਂ ਨੇ ਇਸ ਖੇਤਰ ਵਿੱਚ ਦੇਖੇ ਗਏ ਪੰਛੀਆਂ ਦੀਆਂ ਵੱਖ-ਵੱਖ ਕਿਸਮਾਂ ਦੀਆਂ ਤਸਵੀਰਾਂ ਪੇਸ਼ ਕੀਤੀਆਂ। ਵਿਦਿਆਰਥੀਆਂ ਨੂੰ ਗੁਰੂ ਨਾਨਕ ਸੈਕਰਡ ਫੋਰੈਸਟ- ਕੈਂਪਸ ਵਿੱਚ ਦੇਸੀ ਪ੍ਰਜਾਤੀਆਂ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਡਾ. ਨਵਜੋਤ ਕੌਰ ਨੇ ਵਿਦਿਆਰਥੀਆਂ ਨੂੰ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ।