ਚੰਡੀਗੜ੍ਹ ਦੀਆਂ ਸੜਕਾਂ ਦੀ ਹਾਲਤ ਸੁਧਾਰਨ ਬਾਰੇ ਚਰਚਾ
ਕੁਲਦੀਪ ਸਿੰਘ
ਚੰਡੀਗੜ੍ਹ, 4 ਜੂਨ
ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਵੱਖ-ਵੱਖ ਸੈਕਟਰਾਂ ਅਤੇ ਪਿੰਡਾਂ ਦੀਆਂ ਖਸਤਾ ਹਾਲਤ ਹੋ ਚੁੱਕੀਆਂ ਸੜਕਾਂ ਦੀ ਦਸ਼ਾ ਸੁਧਾਰਨ ਲਈ ਐੱਮਸੀ ਰੋਡ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਸੜਕਾਂ ਦੀ ਹਾਲਤ ਸੁਧਾਰਨ ਬਾਰੇ ਚਰਚਾ ਕੀਤੀ ਗਈ। ਰੋਡ ਕਮੇਟੀ ਦੇ ਚੇਅਰਮੈਨ ਦਲੀਪ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਹੋਰ ਕਮੇਟੀ ਮੈਂਬਰ ਕੌਂਸਲਰ ਸਰਬਜੀਤ ਕੌਰ, ਮਹੇਸ਼ਇੰਦਰ ਸਿੰਘ ਸਿੱਧੂ, ਸੁਮਨ ਦੇਵੀ, ਨਿਰਮਲਾ ਦੇਵੀ, ਮਨੌਰ, ਨਰੇਸ਼ ਪੰਚਾਲ ਸਮੇਤ ਨਗਰ ਨਿਗਮ ਨਾਲ ਸਬੰਧਤ ਅਧਿਕਾਰੀ ਨੇ ਵੀ ਸ਼ਿਰਕਤ ਕੀਤੀ। ਕਮੇਟੀ ਨੇ ਸ਼ਹਿਰ ਦੇ ਵੱਖ-ਵੱਖ ਸੈਕਟਰਾਂ ਅਤੇ ਪਿੰਡਾਂ ਵਿੱਚ ਸੜਕਾਂ ਦੀ ਸਥਿਤੀ ਬਾਰੇ ਤੁਰੰਤ ਕਾਰਵਾਈ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਬੁਰੀ ਤਰ੍ਹਾਂ ਖਰਾਬ ਹੋਈਆਂ ਸੜਕਾਂ ਨੂੰ ਪਹਿਲ ਦੇ ਆਧਾਰ ’ਤੇ ਲਿਆ ਜਾਵੇਗਾ ਅਤੇ ਚਾਲੂ ਵਿੱਤੀ ਸਾਲ ਦੇ ਅੰਦਰ ਇਹਨਾਂ ਸੜਕਾਂ ਦਾ ਕੰਮ ਮੁਕੰਮਲ ਕੀਤਾ ਜਾਵੇਗਾ। ਕਮੇਟੀ ਨੇ ਅਜਿਹੀਆਂ ਸੜਕਾਂ ਦੀ ਪਛਾਣ ਕਰਨ ਅਤੇ ਸੂਚੀ ਬਣਾਉਣ ਅਤੇ ਬਿਨਾਂ ਦੇਰੀ ਕੀਤੇ ਜ਼ਰੂਰੀ ਟੈਂਡਰਿੰਗ ਪ੍ਰਕਿਰਿਆ ਸ਼ੁਰੂ ਕਰਨ ਦਾ ਸੁਝਾਅ ਦਿੱਤਾ। ਮੈਂਬਰਾਂ ਨੇ ਸ਼ਹਿਰ ਵਾਸੀਆਂ ਲਈ ਆਉਣ-ਜਾਣ ਦੀਆਂ ਸਥਿਤੀਆਂ ਨੂੰ ਬਿਹਤਰ ਬਣਾਉਣ ਲਈ ਉੱਚ-ਗੁਣਵੱਤਾ ਵਾਲੇ ਕੰਮ ਅਤੇ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ। ਕਮੇਟੀ ਨੇ ਚੰਡੀਗੜ੍ਹ ਦੇ ਸੜਕੀ ਬੁਨਿਆਦੀ ਢਾਂਚੇ ਨੂੰ ਵਧਾਉਣ ਅਤੇ ਨਗਰ ਨਿਗਮ ਫੰਡਾਂ ਦੀ ਪ੍ਰਭਾਵਸ਼ਾਲੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ।