ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 17 ਅਗਸਤ
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ’ਤੇ ਅੱਜ ਮੁਹਾਲੀ ਜ਼ਿਲ੍ਹੇ ਨਾਲ ਸਬੰਧਤ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਨ੍ਹਾਂ ਸਰਕਾਰ ’ਤੇ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ, ਸੈਕੰਡਰੀ ਵਿਭਾਗ ਦੀਆਂ ਬਦਲੀਆਂ ਦੀ ਸੂਚੀ ਜਾਰੀ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਕੀਤੀ।
ਰੂਪਨਗਰ (ਪੱਤਰ ਪ੍ਰੇਰਕ): ਜ਼ਿਲ੍ਹੇ ਦੇ ਅਧਿਆਪਕਾਂ ਵੱਲੋਂ ਰਣਜੀਤ ਸਿੰਘ ਬਾਗ਼ ਵਿੱਚ ਅਧਿਆਪਕ ਮੰਗਾਂ ਦੇ ਹੱਲ ਲਈ ਇੱਥੇ ਧਰਨਾ ਦਿੱਤਾ ਗਿਆ। ਇਸ ਮੌਕੇ ਮੋਰਚੇ ਦੇ ਕਨਵੀਨਰ ਗੁਰਬਿੰਦਰ ਸਿੰਘ ਸਸਕੋਰ, ਜਗਮੋਹਨ ਸਿੰਘ ਚੋਂਤਾ, ਕੁਲਵੀਰ ਕੰਧੋਲਾ ਨੇ ਕਿਹਾ ਕਿ ਨਵੀਂ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਭੁੱਲ ਕੇ ਪੁਰਾਣੀਆਂ ਸਰਕਾਰਾਂ ਵਾਲੇ ਰਾਹ ’ਤੇ ਹੀ ਚੱਲ ਰਹੀ ਹੈ। ਉਨ੍ਹਾਂ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਮੰਗ ਕੀਤੀ।
ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨ ਲਈ ਸਰਕਾਰ ਨੂੰ ਅਲਟੀਮੇਟਮ
ਐੱਸ.ਏ.ਐੱਸ. ਨਗਰ (ਪੱਤਰ ਪ੍ਰੇਰਕ) : ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰਨਾਂ ਕਰਮਚਾਰੀ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਐੱਨਐੱਨ ਸੈਣੀ ਅਤੇ ਸਰਪ੍ਰਸਤ ਗੁਰਚਰਨ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ। ਇਸ ਵਿੱਚ ਸੂਬਾਈ ਆਗੂਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਾ ਤਾਂ ਹੁਣ ਤੱਕ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਪੈਨਸ਼ਨਰਾਂ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕੀਤੀਆਂ ਹਨ ਅਤੇ ਨਾ ਹੀ ਕਈ ਜ਼ਿਲ੍ਹਿਆਂ ਵਿੱਚ ਅਧਿਆਪਕਾਂ ਨੂੰ ਮਾਰਚ ਤੋਂ ਜੁਲਾਈ ਦੀ ਤਨਖ਼ਾਹ ਸਬੰਧੀ ਗਰਾਂਟ ਜਾਰੀ ਕੀਤੀ ਗਈ। ਉਨ੍ਹਾਂ ਸਰਕਾਰ ਨੂੰ 10 ਦਿਨ ਦਾ ਅਲਟੀਮੇਟਮ ਦਿੰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਦੌਰਾਨ ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਵਿੱਢਿਆ ਜਾਵੇਗਾ।