ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 1 ਜੁਲਾਈ
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਅਮਿਤ ਤਲਵਾੜ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮੁਹਾਲੀ ਜ਼ਿਲ੍ਹੇ ਵਿੱਚ ਸਥਿਤ ਮੈਰਿਜ ਪੈਲੇਸਾਂ ਵਿੱਚ ਵਿਆਹ ਜਾਂ ਹੋਰ ਸਮਾਗਮਾਂ ਦੌਰਾਨ ਅਸਲਾ ਲੈ ਕੇ ਦਾਖ਼ਲ ਹੋਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਇਹ ਹੁਕਮ ਤੁਰੰਤ ਪ੍ਰਭਾਵ ਨਾਲ 29 ਅਗਸਤ ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟਰੇਟ ਨੇ ਤਾਜ਼ਾ ਹੁਕਮਾਂ ਵਿੱਚ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਵਿਆਹ ਅਤੇ ਹੋਰ ਸਮਾਗਮਾਂ ਵਿੱਚ ਆਮ ਲੋਕ ਅਸਲਾ ਲੈ ਕੇ ਆਉਂਦੇ ਹਨ ਅਤੇ ਗੋਲੀਬਾਰੀ ਕਰ ਦਿੰਦੇ ਹਨ, ਜਿਸ ਨਾਲ ਜਾਨੀ ਨੁਕਸਾਨ ਹੋ ਸਕਦਾ ਹੈ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਖ਼ਤਰਾ ਬਣ ਜਾਂਦਾ ਹੈ, ਇਸ ਲਈ ਮੈਰਿਜ ਪੈਲੇਸਾਂ ਵਿੱਚ ਵਿਆਹਾਂ ਜਾਂ ਹੋਰ ਪ੍ਰੋਗਰਾਮਾਂ ’ਚ ਅਸਲਾ ਲੈ ਕੇ ਦਾਖ਼ਲ ਹੋਣ ’ਤੇ ਪਾਬੰਦੀ ਲਾਉਣੀ ਜ਼ਰੂਰੀ ਹੋ ਗਈ ਹੈ।
ਇਕ ਹੋਰ ਵੱਖਰੇ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਇੱਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੰਗ ਪੱਤਰ ਵਗੈਰ੍ਹਾ ਦੇਣ ਲਈ ਸਿਰਫ਼ ਪੰਜ ਤੋਂ ਘੱਟ ਗਿਣਤੀ ਵਿੱਚ ਵਿਅਕਤੀਆਂ (ਡੀਸੀ ਦਫ਼ਤਰ) ਦੇ ਮੁੱਖ ਗੇਟ ’ਚੋਂ ਲੰਘ ਕੇ ਆਉਣ ’ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਇਹ ਹੁਕਮ 29 ਅਗਸਤ ਤੱਕ ਲਾਗੂ ਰਹਿਣਗੇ।