ਜ਼ਿਲ੍ਹਾ ਰੂਪਨਗਰ ਪ੍ਰਸ਼ਾਸਨ ਨੇ ਸਤਲੁਜ ਦਰਿਆ ਕਿਨਾਰੇ ਵਸੇ ਲੋਕਾਂ ਨੂੰ ਸੁਚੇਤ ਕੀਤਾ
ਹਿਮਾਚਲ ਪ੍ਰਦੇਸ਼ ਵਿੱਚ ਜਾਰੀ ਭਾਰੀ ਮੀਂਹ ਕਾਰਨ ਭਾਖੜਾ ਡੈਮ ਤੋਂ ਪਾਣੀ ਛੱਡਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਵੱਲੋਂ ਵੱਖ ਵੱਖ ਸੋਸ਼ਲ ਮੀਡੀਆ ਹੈਂਡਲਾਂ ’ਤੇ ਜਾਣਕਾਰੀ ਦੇ ਕੇ ਜਿੱਥੇ ਦਰਿਆ ਕਿਨਾਰੇ ਵਸੇ ਪਿੰਡਾਂ ਦੇ ਲੋਕਾਂ ਨੂੰ ਅਗਾਊਂ ਸੁਚੇਤ ਕੀਤਾ ਜਾ ਰਿਹਾ ਹੈ, ਉੱਥੇ ਹੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਵੀਡੀਓ ਕਲਿੱਪ ਜਾਰੀ ਕਰਕੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਡੀਸੀ ਵਰਜੀਤ ਵਾਲੀਆ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਭਾਖੜਾ ਡੈਮ ਤੋਂ ਪਾਣੀ ਛੱਡਿਆ ਜਾ ਰਿਹਾ ਹੈ ਤੇ ਪਾਣੀ ਦਾ ਵਹਾਅ 65,000 ਕਿਊਸਿਕ ਤੋਂ ਵਧਾ ਕੇ 75,000 ਕਿਊਸਿਕ ਕੀਤਾ ਜਾ ਰਿਹਾ ਹੈ, ਜਿਸ ਕਾਰਨ ਹਰਸ਼ਾ ਬੇਲਾ, ਬੇਲਾ ਰਾਮਗੜ੍ਹ, ਬੇਲਾ ਧਿਆਨੀ ਅੱਪਰ, ਬੇਲਾ ਧਿਆਨੀ ਲੋਅਰ, ਸੈਂਸੋਵਾਲ, ਐਲਗਰਾ, ਬੇਲਾ ਸ਼ਿਵ ਸਿੰਘ, ਭਲਾਣ, ਭਨਾਮ, ਸਿੰਘਪੁਰਾ, ਪਲਾਸੀ, ਤਰਫ਼ ਮਜਾਰਾ, ਮਜਾਰੀ, ਬੁਰਜ, ਚੰਦਪੁਰ ਬੇਲਾ, ਗਜਪੁਰ ਬੇਲਾ, ਸ਼ਾਹਪੁਰ ਬੇਲਾ, ਨਿੱਕੂਵਾਲ, ਅਮਰਪੁਰ ਬੇਲਾ, ਲੋਧੀਪੁਰ ਤੋਂ ਇਲਾਵਾ ਰੂਪਨਗਰ ਅਤੇ ਸ੍ਰੀ ਚਮਕੌਰ ਸਾਹਿਬ ਇਲਾਕੇ ਦੇ ਸਤਲੁਜ ਦਰਿਆ ਕਿਨਾਰੇ ਵਸੇ ਪਿੰਡਾਂ ਦੇ ਲੋਕਾਂ ਨੂੰ ਸੁਚੇਤ ਕੀਤਾ ਜਾਂਦਾ ਹੈ ਕਿ ਉਹ ਆਪੋ ਆਪਣੀ ਸੁਰੱਖਿਆ ਨੂੰ ਪ੍ਰਮੁੱਖਤਾ ਦਿੰਦੇ ਹੋਏ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕੇ ਅੰਦਰ ਬਣਾਏ ਹੋਏ ਸੁਰੱਖਿਆ ਕੈਂਪਾਂ ਵਿੱਚ ਪਹੁੰਚ ਜਾਣ। ਉਨ੍ਹਾਂ ਦੱਸਿਆ ਕਿ ਸੁਰੱਖਿਆ ਕੈਂਪਾਂ ਵਿੱਚ ਲੋਕਾਂ ਲਈ ਹਰ ਤਰ੍ਹਾਂ ਦੇ ਬੰਦੋਬਸਤ ਕੀਤੇ ਗਏ ਹਨ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਬੇਲੋੜੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਅਤੇ ਸਿਰਫ ਸਰਕਾਰੀ ਹਦਾਇਤਾਂ ਦੀ ਹੀ ਪਾਲਣ ਕੀਤੀ ਜਾਵੇ। ਉੱਧਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀਡੀਓ ਸੰਦੇਸ਼ ਜਾਰੀ ਕਰਕੇ ਲੋਕਾਂ ਨੂੰ ਦੱਸਿਆ ਕਿ ਪਾਣੀ ਕੁਝ ਸਮੇਂ ਦੇ ਅੰਦਰ ਹੀ ਵਧ ਜਾਵੇਗਾ, ਜਿਸ ਕਰਕੇ ਲੋਕ ਜਲਦੀ ਤੋਂ ਜਲਦੀ ਸੁਰੱਖਿਅਤ ਥਾਵਾਂ ’ਤੇ ਚਲੇ ਜਾਣ।