ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 10 ਜੂਨ
ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਦੇਸ਼ ਦੇ ਪ੍ਰਧਾਨ ਮੰਤਰੀ, ਮੁੱਖ ਚੋਣ ਕਮਿਸ਼ਨ ਨਵੀਂ ਦਿੱਲੀ, ਪੰਜਾਬ ਦੇ ਮੁੱਖ ਮੰਤਰੀ ਨੂੰ ਮੁੱਖ ਚੋਣ ਅਫ਼ਸਰ ਪੰਜਾਬ ਨੂੰ ਮੁਹਾਲੀ ਦੇ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਭੇਜ ਕੇ ਕਿਹਾ ਕਿ ਚੋਣਾਂ ਕਰਵਾਉਣ ਲਈ ਈਵੀਐਮ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਵਿਧੀ ਨਾਲ ਵੱਡੇ ਪੱਧਰ ’ਤੇ ਉਥਲ-ਪੁਥਲ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਨੇ ਰਾਈਟ-ਟੂ-ਰੀਕਾਲ ਕਾਨੂੰਨ ਬਣਾਉਣ ਦੀ ਵੀ ਮੰਗ ਕੀਤੀ ਤਾਂ ਜੋ ਵੋਟਰ ਨੂੰ ਨੇਤਾ ਹਟਾਉਣ ਦਾ ਹੱਕ ਮਿਲ ਸਕੇ। ਕਿਸਾਨਾਂ ਤੋਂ ਮੁਹਾਲੀ ਦੇ ਐਸਡੀਐਮ ਹਰਬੰਸ ਸਿੰਘ ਨੇ ਮੰਗ ਪੱਤਰ ਹਾਸਲ ਕੀਤਾ।
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਪੁੱਡਾ ਗਰਾਊਂਡ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਚੜੂਨੀ ਨੇ ਬਰਸਾਤ ਦਾ ਪਾਣੀ ਇਕੱਠਾ ਕਰਨ ਲਈ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਛੋਟੇ ਤਲਾਬ ਬਣਾਉਣ ਲਈ ਸਬਸਿਡੀ ਦਿੱਤੀ ਜਾਵੇ। ਫ਼ਸਲਾਂ ਦੀ ਖ਼ਰੀਦ ਐਮਐਸਪੀ ਗਾਰੰਟੀ ਕਾਨੂੰਨ ਬਣਾਇਆ ਜਾਵੇ, ਠੇਕਾ ਪ੍ਰਣਾਲੀ ਬੰਦ ਕਰ ਕੇ ਕਿਰਤੀਆਂ ਤੇ ਕੱਚੇ ਮੁਲਾਜ਼ਮਾਂ ਤੋਂ ਅੱਠ ਘੰਟੇ ਹੀ ਡਿਊਟੀ ਲਈ ਜਾਵੇ। ਨੌਜਵਾਨਾਂ ਨੂੰ ਟਰੈਵਲ ਏਜੰਟਾਂ ਦੀ ਲੁੱਟ ਤੋਂ ਬਚਾਉਣ ਲਈ ਸਰਕਾਰੀ ਇਮੀਗਰੇਸ਼ਨ ਦਫ਼ਤਰ ਖੋਲ੍ਹੇ ਜਾਣ। ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ।
ਲਖੀਮਪੁਰ ਖੀਰੀ ਘਟਨਾ ਸਬੰਧੀ ਕਿਸਾਨਾਂ ਖ਼ਿਲਾਫ਼ ਦਰਜ ਪਰਚੇ ਤੁਰੰਤ ਰੱਦ ਕੀਤੇ ਜਾਣ। ਮ੍ਰਿਤਕ ਕਿਸਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਅਤੇ ਮਗਨਰੇਗਾ ਸਕੀਮ ਨੂੰ ਪਿੰਡਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ ਅਤੇ ਮਜ਼ਦੂਰਾਂ ਦੀ ਦਿਹਾੜੀ ਦੀ ਰਕਮ ਵਧਾਈ ਜਾਵੇ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਰੋਕਿਆ ਜਾਵੇ। ਉਨ੍ਹਾਂ ਮੰਗ ਕੀਤੀ ਕਿ ਖੇਤੀ ਕਾਨੂੰਨ ਵਾਪਸ ਲੈਣ ਸਮੇਂ ਬਾਕੀ ਮੰਨੀਆਂ ਸਾਰੀਆਂ ਜਾਇਜ਼ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ।
ਇਸ ਮੌਕੇ ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਲਖਨੌਰ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਪ੍ਰੀਤ ਸਿੰਘ ਖਾਨਪੁਰੀ ਸਣੇ ਹੋਰ ਕਿਸਾਨ ਆਗੂ ਹਾਜ਼ਰ ਸਨ।
ਇਸੇ ਦੌਰਾਨ ਉਨ੍ਹਾਂ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਨੇ ਪੰਜਾਬ ਸਣੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਕਤਲ, ਲੁੱਟਾਂ-ਖੋਹਾਂ ਦੀਆਂ ਵਾਰਦਾਤ ਹੋ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਲੋਕਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ।