ਮੰਡੀ ਗੋਬਿੰਦਗੜ੍ਹ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਨਿਵਾਸ ਸਥਾਨ ’ਤੇ ਸਿੱਖ ਵਫ਼ਦ ਨਾਲ ਮੁਲਾਕਾਤ ਦੌਰਾਨ ਦੇਸ਼ ਭਗਤ ਯੂਨੀਵਰਸਿਟੀ ਦੇ ਕੁਲਪਤੀ ਡਾ. ਜ਼ੋਰਾ ਸਿੰਘ ਨਾਲ ਸ਼ਿਸਟਾਚਾਰ ਗੱਲਬਾਤ ਕੀਤੀ। ਡਾ. ਜ਼ੋਰਾ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਹਿਲੀ ਮੁਲਾਕਾਤ ਵਿੱਚ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਆਪਣੀ ਗੱਲਬਾਤ ਦੌਰਾਨ ਕਿਸਾਨਾਂ ਦੀ ਭਲਾਈ, ਰੁਜ਼ਗਾਰ, ਨਸ਼ਾ ਮੁਕਤ ਸਮਾਜ, ਨਵੀਂ ਸਿਖਿਆ ਨੀਤੀ ਅਤੇ ਸਮਾਜ ਦੇ ਸਰਬਪੱਖੀ ਵਿਕਾਸ ਬਾਰੇ ਚਰਚਾ ਕੀਤੀ। ਉਨ੍ਹਾਂ ਨਵੀਂ ਸਿਖਿਆ ਨੀਤੀ ਦੇ ਮਾਟੋ ਬਾਰੇ ਵੀ ਗੱਲਬਾਤ ਕੀਤੀ ਅਤੇ ਦਰਪੇਸ਼ ਸਮੱਸਿਆਵਾਂ ਅਤੇ ਹਰ ਸੰਭਵ ਹੱਲ ਬਾਰੇ ਵੀ ਵਿਚਾਰ ਕੀਤਾ। ਇਸ ਮੌਕੇ ਸ੍ਰੀ ਮੋਦੀ ਨੇ ਡਾ. ਜ਼ੋਰਾ ਸਿੰਘ ਦੀ ਅਗਵਾਈ ਹੇਠ ਪਿਛਲੇ ਸਾਲਾਂ ਦੌਰਾਨ ਦੇਸ਼ ਭਗਤ ਯੂਨੀਵਰਸਿਟੀ ਦੀਆਂ ਸ਼ਾਨਦਾਰ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ। -ਨਿੱਜੀ ਪੱਤਰ ਪ੍ਰੇਰਕ