ਨਿਜੀ ਪੱਤਰ ਪ੍ਰੇਰਕ
ਡੇਰਾਬੱਸੀ, 10 ਸਤੰਬਰ
ਸ਼ਹਿਰ ਵਿੱਚ ਚੋਰੀ ਦੀਆਂ ਵਾਰਦਾਤਾਂ ਦਿਨੋ ਦਿਨ ਵਧ ਰਹੀਆਂ ਹਨ। ਚੋਰ ਰਾਤ ਵੇਲੇ ਘਰਾਂ ਵਿੱਚ ਵੜ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਜਿਸ ਕਾਰਨ ਲੋਕਾਂ ਵਿੱਚ ਸਹਿਮ ਹੈ। ਪਰ ਅੱਜ ਚੋਰ ਦਿਨ ਦਿਹਾੜੇ ਹੀ ਇੱਕ ਗਲੀ ਵਿਚੋਂ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਬਣੇ ਮੇਨ ਹੋਲ ਦਾ ਢੱਕਣ ਚੋਰੀ ਕਰ ਕੇ ਲੈ ਗਏ। ਚੋਰੀ ਦੀ ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਇਸਦੇ ਬਾਵਜੂਦ ਪੁਲੀਸ ਚੋਰਾਂ ਦਾ ਕੋਈ ਸੁਰਾਗ ਨਹੀਂ ਲਾ ਸਕੀ। ਸਥਾਨਕ ਲੋਕਾਂ ਨੇ ਦੱਸਿਆ ਕਿ ਨਸ਼ੇੜੀ ਨੌਜਵਾਨਾਂ ਵੱਲੋਂ ਦਿਨ ਦਿਹਾੜੇ ਗਲੀਆਂ ਨਾਲੀਆਂ ਉੱਤੇ ਰੱਖੇ ਲੋਹੇ ਦੇ ਢੱਕਣ ਚੋਰੀ ਕੀਤੇ ਜਾ ਰਹੇ ਹਨ। ਥਾਣਾ ਮੁਖੀ ਸਹਾਇਕ ਇੰਸਪੈਕਟਰ ਜਸਕੰਵਲ ਸਿੰਘ ਸੇਖੋਂ ਨੇ ਕਿਹਾ ਕਿ ਚੋਰਾਂ ਨੂੰ ਛੇਤੀ ਕਾਬੂ ਕਰ ਲਿਆ ਜਾਵੇਗਾ।