ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 27 ਮਈ
ਥਾਣਿਆਂ ਵਿੱਚ ਇਨਸਾਫ਼ ਲਈ ਖੱਜਲ-ਖੁਆਰ ਹੋ ਰਹੇ ਪੀੜਤ ਪਰਿਵਾਰਾਂ ਨੇ ਸ਼ੁੱਕਰਵਾਰ ਨੂੰ ਕਾਲੇ ਕੱਪੜੇ ਪਹਿਨ ਕੇ ਐੱਸਐੱਸਪੀ ਦਫ਼ਤਰ ਵੱਲ ਰੋਸ ਮਾਰਚ ਕੀਤਾ ਅਤੇ ਜ਼ਿੰਮੇਵਾਰ ਅਫ਼ਸਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਪੈਦਲ ਰੋਸ ਮਾਰਚ ਦੀ ਅਗਵਾਈ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਕੀਤੀ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੀੜਤ ਪਰਿਵਾਰ ਸਬੰਧਤ ਥਾਣਿਆਂ ਅਤੇ ਡੀਐੱਸਪੀ ਦਫ਼ਤਰਾਂ ਅੱਗੇ ਧਰਨਾ ਅਤੇ ਪੁਤਲੇ ਸਾੜ ਚੁੱਕੇ ਹਨ ਅਤੇ ਐੱਸਐੱਸਪੀ ਨੂੰ ਸ਼ਿਕਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲਿਆ। ਪ੍ਰਦਰਸ਼ਨਕਾਰੀਆਂ ਅਨੁਸਾਰ ਪੀੜਤ ਪਰਿਵਾਰ ਪਿਛਲੇ ਕਾਫ਼ੀ ਸਮੇਂ ਤੋਂ ਥਾਣਿਆਂ ਦੇ ਚੱਕਰ ਕੱਟ ਰਹੇ ਹਨ ਪਰ ਕੋਈ ਅਧਿਕਾਰੀ ਗੱਲ ਸੁਣਨ ਲਈ ਤਿਆਰ ਨਹੀਂ ਹੈ।
ਪੁਲੀਸ ਵੱਲੋਂ ਹਫਤੇ ਵਿੱਚ ਮਸਲੇ ਹੱਲ ਕਰਨ ਦਾ ਭਰੋਸਾ
ਐੱਸਐੱਸਪੀ ਦਫ਼ਤਰ ਦੇ ਬਾਹਰ ਡੀਐੱਸਪੀ (ਐੱਚ) ਮਨਵੀਰ ਸਿੰਘ ਬਾਜਵਾ, ਡੀਐੱਸਪੀ (ਸਿਟੀ-2) ਸੁਖਜੀਤ ਸਿੰਘ ਵਿਰਕ ਅਤੇ ਸੋਹਾਣਾ ਥਾਣੇ ਦੇ ਐੱਸਐੱਚਓ ਇੰਸਪੈਕਟਰ ਗੁਰਜੀਤ ਸਿੰਘ ਨੇ ਪ੍ਰਦਰਸ਼ਨਕਾਰੀਆਂ ਤੋਂ ਮੰਗ ਪੱਤਰ ਹਾਸਲ ਕੀਤਾ ਅਤੇ ਉਨ੍ਹਾਂ ਨੂੰ ਇੱਕ ਹਫ਼ਤੇ ਦੇ ਅੰਦਰ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮਗਰੋਂ ਪੀੜਤ ਪਰਿਵਾਰਾਂ ਨੇ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ।