ਰਾਜੀਵ ਕਲੋਨੀ ’ਚ ਪੀਣ ਵਾਲੇ ਪਾਣੀ ਦੀ ਕਿੱਲਤ
ਪੀਪੀ ਵਰਮਾ
ਪੰਚਕੂਲਾ, 28 ਜੂਨ
ਪੰਚਕੂਲਾ ਦੇ ਸੈਕਟਰ-17 ਰਾਜੀਵ ਕਲੋਨੀ ਦੇ ਲੋਕ ਤਿੰਨ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਪ੍ਰੇਸ਼ਾਨ ਹਨ। ਉਨ੍ਹਾਂ ਨੂੰ ਪੀਣ ਲਈ ਪਾਣੀ ਮੁੱਲ ਖ਼ਰੀਦਣਾ ਪੈ ਰਿਹਾ ਹੈ। ਲੋਕਾਂ ਨੇ ਦੱਸਿਆ ਕਿ ਸਭ ਤੋਂ ਵੱਡੀ ਸਮੱਸਿਆ ਇਹ ਹੈ ਕਿ ਇੱਥੇ ਪਾਣੀ ਦੀ ਸਪਲਾਈ ਦਾ ਕੋਈ ਨਿਸ਼ਚਿਤ ਸਮਾਂ ਨਹੀਂ ਹੈ। ਟਿਊਬਵੈੱਲ ਚਾਲਕਾਂ ਦੀ ਮਰਜ਼ੀ ਅਨੁਸਾਰ ਇੱਥੇ ਪਾਣੀ ਦੀ ਸਪਲਾਈ ਕੀਤੀ ਜਾਂਦੀ ਹੈ। ਪਿਛਲੇ ਦੋ ਦਿਨਾਂ ਤੋਂ ਕਲੋਨੀ ਵਿੱਚ ਪਾਣੀ ਦੀ ਸਮੱਸਿਆ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਨੇ ਸਮੱਸਿਆ ਦੇ ਹੱਲ ਲਈ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਹੈ ਪਰ ਕਿਸੇ ਨੇ ਉਨ੍ਹਾਂ ਦੀ ਸਮੱਸਿਆ ਵੱਲ ਧਿਆਨ ਨਹੀਂ ਦਿੱਤਾ। ਇਸ ਨਾਲ ਆਮ ਲੋਕਾਂ ਵਿੱਚ ਗੁੱਸਾ ਹੈ। ਵਿਜੇ ਸੈਣੀ, ਗੁਲਾਬ ਚੰਦ, ਜਗਦੀਸ਼, ਅਸ਼ੋਕ ਕੁਮਾਰ, ਰਾਮਚੰਦ ਅਤੇ ਹੋਰਾਂ ਨੇ ਸਰਕਾਰ ਤੋਂ ਸਮੱਸਿਆ ਦੇ ਹੱਲ ਦੀ ਮੰਗ ਕੀਤੀ ਹੈ।
ਦੂਜੇ ਪਾਸੇ, ਜੇਈ ਨਰਸਿੰਘ ਦੱਸਿਆ ਕਿ ਕਲੋਨੀ ਵਿੱਚ ਨਾਲੀਆਂ ਟੁੱਟੀਆਂ ਹੋਈਆਂ ਸਨ। ਪੀਐੱਮਡੀਏ ਵਿਭਾਗ ਨਾਲੀਆਂ ਦੀ ਸਫ਼ਾਈ ਕਰ ਰਿਹਾ ਹੈ। ਇਸ ਕਾਰਨ ਪੀਣ ਵਾਲੇ ਪਾਣੀ ਦੀਆਂ ਪਾਈਪਲਾਈਨਾਂ ਟੁੱਟ ਗਈਆਂ ਸਨ, ਪਰ ਹੁਣ ਸਾਰੀਆਂ ਦੀ ਮੁਰੰਮਤ ਕਰ ਦਿੱਤੀ ਗਈ ਹੈ। ਹੁਣ ਕਲੋਨੀ ਵਿੱਚ ਪਾਣੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਜਾਵੇਗੀ।