ਪੱਤਰ ਪ੍ਰੇਰਕ
ਚੰਡੀਗੜ੍ਹ, 21 ਫਰਵਰੀ
ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਰੋਕਥਾਮ ਅਤੇ ਕੰਟਰੋਲ ਲਈ ਰੋਡਮੈਪ ਦਾ ਦੂਜਾ ਐਡੀਸ਼ਨ ਅੱਜ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਵੱਲੋਂ ਜਾਰੀ ਕੀਤਾ ਗਿਆ। ਪੀਜੀਆਈ ਦੇ ਕਮਿਊਨਿਟੀ ਮੈਡੀਸਿਨ ਦੇ ਪ੍ਰੋਫ਼ੈਸਰ ਡਾ. ਜੇ ਐੱਸ ਠਾਕੁਰ ਵੱਲੋਂ ਸੰਪਾਦਿਤ ਇਸ ਰਿਪੋਰਟ ਨੂੰ ਜਾਰੀ ਕਰਨ ਮੌਕੇ ਪੀਜੀਆਈ ਦੇ ਡਾਇਰੈਕਟਰ ਪ੍ਰੋ. ਸੁਰਜੀਤ ਸਿੰਘ ਅਤੇ ਡੀ.ਐੱਚ.ਐੱਸ. ਡਾ. ਜੀ.ਬੀ. ਸਿੰਘ ਵੀ ਹਾਜ਼ਰ ਸਨ।
ਇਸ ਰਿਪੋਰਟ ਵਿੱਚ ਭਾਰਤ ਅਤੇ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਲੋਕਾਂ ਵੱਲੋਂ ਵੱਖ-ਵੱਖ ਕਿਸਮਾਂ ਦੇ ਪਦਾਰਥਾਂ ਕੀਤੀ ਜਾ ਰਹੀ ਦੁਰਵਰਤੋਂ ਦੀ ਰੋਕਥਾਮ ਅਤੇ ਨਿਯੰਤਰਣ ਲਈ ਰਣਨੀਤੀਆਂ ਲਾਗੂ ਕਰਨ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪ੍ਰੋ. ਠਾਕੁਰ ਅਤੇ ਉਨ੍ਹਾਂ ਦੀ ਟੀਮ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਇਸ ਰਿਪੋਰਟ ਦੇ ਤੱਤਸਾਰ ਦਾ ਸਮਰਥਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਹਰ ਪੱਖੋਂ ਰੋਕਥਾਮ ਇਲਾਜ ਨਾਲੋਂ ਬਿਹਤਰ ਹੈ।