ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜਿਆ ਨਸ਼ਾ ਤਸਕਰ 4.7 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
ਕਾਊਂਟਰ ਇੰਟੈਲੀਜੈਂਸ (ਸੀਆਈ) ਪਟਿਆਲਾ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ 4.7 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵੰਸ਼ ਕੁਮਾਰ ਵਜੋਂ ਹੋਈ ਹੈ, ਜੋ ਕਿ ਬਟਾਲਾ ਦੇ ਪਿੰਡ ਦਾਲਮ ਦਾ ਰਹਿਣ ਵਾਲਾ ਹੈ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵੰਸ਼ ਕੁਮਾਰ ਦੁਬਈ ਸਥਿਤ ਅੰਮ੍ਰਿਤਪਾਲ ਸਿੰਘ ਨਾਲ ਨੇੜਿਓਂ ਜੁੜਿਆ ਹੋਇਆ ਹੈ, ਜੋ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹੈ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅੱਗੇ ਅਤੇ ਪਿੱਛੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਗਿਰੋਹ ਦਾ ਪਰਦਾਫਾਸ਼ ਕੀਤਾ ਜਾ ਸਕੇ।
ਏਆਈਜੀ ਸੀਆਈ ਪਟਿਆਲਾ ਡਾ: ਸਿਮਰਤ ਕੌਰ ਨੇ ਕਿਹਾ ਕਿ ਇੱਕ ਭਰੋਸੇਯੋਗ ਜਾਣਕਾਰੀ ਤੋਂ ਬਾਅਦ ਕਿ ਸ਼ੱਕੀ ਵੰਸ਼ ਕੁਮਾਰ ਨੇ ਤਰਨਤਾਰਨ ਤੋਂ ਹੈਰੋਇਨ ਦੀ ਖੇਪ ਚੁੱਕੀ ਹੈ ਅਤੇ ਇਸਨੂੰ ਜਲੰਧਰ ਸਥਿਤ ਇੱਕ ਸੰਸਥਾ ਨੂੰ ਪਹੁੰਚਾਉਣ ਜਾ ਰਿਹਾ ਸੀ, ਸੀਆਈ ਪਟਿਆਲਾ ਦੀਆਂ ਪੁਲੀਸ ਟੀਮਾਂ ਨੇ ਉਸਨੂੰ ਰੋਕਿਆ ਅਤੇ ਉਸਦੇ ਕਬਜ਼ੇ ਵਿੱਚੋਂ ਹੈਰੋਇਨ ਦੀ ਖੇਪ ਬਰਾਮਦ ਕੀਤੀ।
ਉਨ੍ਹਾਂ ਕਿਹਾ ਕਿ ਪੁਲੀਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਵਿਅਕਤੀ ਦਾ ਮੋਬਾਈਲ ਫੋਨ ਵੀ ਜ਼ਬਤ ਕਰ ਲਿਆ ਹੈ।
ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵੰਸ਼ ਅੰਮ੍ਰਿਤਪਾਲ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ। ਜਿਸ ਉੱਤੇ ਪਹਿਲਾਂ ਹੀ ਤਿੰਨ ਅਪਰਾਧਿਕ ਮਾਮਲੇ ਚੱਲ ਰਹੇ ਹਨ, ਜਿਨ੍ਹਾਂ ਵਿੱਚ ਅਸਲਾ ਐਕਟ, ਐਨਡੀਪੀਐਸ ਐਕਟ ਅਤੇ ਆਈਪੀਸੀ ਦੀ ਧਾਰਾ 302 ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮ ਅੰਮ੍ਰਿਤਪਾਲ ਨੂੰ ਇਨ੍ਹਾਂ ਵਿੱਚੋਂ ਇੱਕ ਮਾਮਲੇ ਵਿੱਚ ਸਥਾਨਕ ਅਦਾਲਤ ਵੱਲੋਂ ਭਗੌੜਾ ਅਪਰਾਧੀ ਵੀ ਐਲਾਨਿਆ ਜਾ ਚੁੱਕਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਪਲਾਈ ਚੇਨ ਦਾ ਪਤਾ ਲਗਾਉਣ ਲਈ ਅੱਗੇ ਵੀ ਜਾਂਚ ਜਾਰੀ ਹੈ।