ਲਾਲੜੂ (ਸਰਬਜੀਤ ਸਿੰਘ ਭੱਟੀ): ਨਗਰ ਕੌਂਸਲ ਲਾਲੜੂ ਦੇ ਵਾਰਡ ਨੰਬਰ-11 ਅਤੇ 13 ’ਚ ਬਰਸਾਤੀ ਤੇ ਗੰਦੇ ਪਾਣੀ ਦੀ ਨਿਕਾਸੀ ਦੇ ਯੋਗ ਪ੍ਰਬੰਧ ਨਾ ਹੋਣ ਕਾਰਨ ਥੋੜੀ ਜਿਹੀ ਬਰਸਾਤ ਹੋਣ ’ਤੇ ਵੀ ਗਲੀਆਂ, ਨਾਲੀਆਂ ਛੱਪੜ ਦਾ ਰੂਪ ਧਾਰਨ ਕਰ ਜਾਂਦੀਆਂ ਹਨ। ਇਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਵਾਰ ਬਰਸਾਤ ਦਾ ਪਾਣੀ ਲੋਕਾਂ ਦੇ ਘਰਾਂ ਵਿੱਚ ਵੜ ਕੇ ਮਾਲੀ ਨੁਕਸਾਨ ਵੀ ਕਰਦਾ ਹੈ। ਕੌਂਸਲਰ ਸਤੀਸ਼ ਰਾਣਾ ਸਮੇਤ ਵਾਰਡ ਵਾਸੀਆਂ ਨੇ ਦੱਸਿਆ ਕਿ ਪਿਛਲੀਆਂ ਕਈ ਸਰਕਾਰਾਂ ਨੇ ਉਕਤ ਵਾਰਡਾਂ ’ਚ ਬਰਸਾਤੀ ਦੇ ਗੰਦੇ ਪਾਣੀ ਦੀ ਨਿਕਾਸੀ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਦੇ ਕਾਰਨ ਅੱਜ ਵੀ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ। ਕਾਰਜਸਾਧਕ ਅਫਸਰ ਰਾਜੇਸ਼ ਸ਼ਰਮਾ ਨੇ ਕਿਹਾ ਕਿ ਉਕਤ ਮਾਮਲੇ ਵਿੱਚ ਕਰਮਚਾਰੀ ਭੇਜ ਕੇ ਜਾਇਜ਼ਾ ਲਿਆ ਜਾਵੇਗਾ ਅਤੇ ਛੇਤੀ ਹੀ ਗੰਦੇ ਤੇ ਬਰਸਾਤੀ ਪਾਣੀ ਦੀ ਨਿਕਾਸੀ ਦਾ ਯੋਗ ਪ੍ਰਬੰਧ ਕਰਵਾਇਆ ਜਾਵੇਗਾ।