ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਨਵੰਬਰ
ਇੱਥੋਂ ਦੇ ਇੰਡਸਟਰੀਅਲ ਏਰੀਆ ਫੇਜ਼-2 ਵਿੱਚ ਸਥਿਤ ਫਰਨੀਚਰ ਦੇ ਸ਼ੋਅਰੂਮ ਵਿੱਚ ਦੇਰ ਰਾਤ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਚਾਰ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਇਸ ਦੌਰਾਨ ਜਾਨੀ ਨੁਕਸਾਨ ਤੋਂ ਤਾਂ ਬਚਾਅ ਰਿਹਾ ਪਰ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਹਾਲਾਂਕਿ, ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਫਾਇਰ ਬ੍ਰਿਗੇਡ ਵਿਭਾਗ ਵੱਲੋਂ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ੋਅਰੂਮ ਵਿੱਚ ਸਾਮਾਨ ਲੱਕੜ ਦਾ ਹੋਣ ਕਰ ਕੇ ਅੱਗ ਤੇਜ਼ੀ ਨਾਲ ਭੜਕ ਗਈ। ਅੱਗ ’ਤੇ ਕਾਬੂ ਪਾਉਣ ਲਈ ਛੇ ਤੋਂ ਵੱਧ ਫਾਇਰ ਟੈਂਡਰ ਮੌਕੇ ’ਤੇ ਪਹੁੰਚੇ।