ਚਰਨਜੀਤ ਸਿੰਘ ਚੰਨੀ
ਮੁੱਲਾਂਪੁਰ ਗਰੀਬਦਾਸ, 24 ਅਕਤੂਬਰ
ਇਥੇ ਬੀਤੀ ਅੱਧੀ ਰਾਤ ਤੋਂ ਲੈ ਕੇ ਅੱਜ ਸਾਰਾ ਦਿਨ ਹੋਈ ਬੇਮੌਸਮੀ ਬਾਰਸ਼ ਨੇ ਜਿੱਥੇ ਕਿਸਾਨਾਂ ਦੀਆਂ ਆਸਾਂ ਉਤੇ ਪਾਣੀ ਫੇਰ ਕੇ ਰੱਖ ਦਿੱਤਾ ਹੈ, ਉਥੇ ਲੋਕਾਂ ਨੂੰ ਗਰਮ ਕੱਪੜੇ ਪਾਉਣ ਲਈ ਵੀ ਮਜਬੂਰ ਕਰ ਦਿੱਤਾ ਹੈ ਕਿਉਂਕਿ ਬਾਰਸ਼ ਹੋਣ ਨਾਲ ਠੰਢ ਦੀ ਸ਼ੁਰੂਆਤ ਹੋ ਗਈ ਹੈ। ਕਿਸਾਨਾਂ ਦੀ ਪੱਕੀ ਪਕਾਈ ਜ਼ੀਰੀ ਦੀ ਫਸਲ ’ਤੇ ਭਾਰੀ ਮੀਂਹ ਅਤੇ ਗੜ੍ਹੇਮਾਰੀ ਨੇ ਪਾਣੀ ਫੇਰ ਦਿੱਤਾ ਹੈ।
ਸ੍ਰੀ ਕੀਰਤਪੁਰ ਸਾਹਿਬ (ਪੱਤਰ ਪ੍ਰੇਰਕ): ਇਥੇ ਦੇਰ ਰਾਤ ਤੋਂ ਪੈ ਰਹੇ ਮੀਂਹ ਕਾਰਨ ਕਿਸਾਨਾਂ ਵਲੋਂ ਮੰਡੀ ਵਿਚ ਸੁੱਟੀ ਗਈ ਝੋਨੇ ਦੀ ਫਸਲ ਪਾਣੀ ਵਿੱਚ ਡੁੱਬ ਗਈ ਹੈ। ਕਿਸਾਨ ਨੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੀ ਜ਼ਮੀਨ ਠੇਕੇ ’ਤੇ ਲਈ ਹੋਈ ਹੈ। ਬੀਤੇ ਦਿਨ ਉਨ੍ਹਾਂ ਵੱਲੋਂ ਆਪਣੀ ਝੋਨੇ ਦੀ ਫਸਲ ਵੱਢ ਕੇ ਵੇਚਣ ਲਈ ਮੰਡੀ ਵਿੱਚ ਸੁੱਟੀ ਗਈ ਸੀ ਅਤੇ ਹੁਣ ਬੀਤੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਉਨ੍ਹਾਂ ਦੀ ਮੰਡੀ ਵਿਚ ਲਿਆਂਦੀ ਫਸਲ ਪਾਣੀ ਵਿੱਚ ਡੁੱਬੀ ਪਈ ਹੈ।
ਸੰਜੀਵ ਬੱਬੀ (ਨਿੱਜੀ ਪੱਤਰ ਪ੍ਰੇਰਕ): ਬੀਤੀ ਰਾਤ ਤੋਂ ਪੈ ਰਹੇ ਬੇਮੌਸਮੀ ਮੀਂਹ ਨੇ ਕਿਸਾਨਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ, ਕਿਉਕਿ ਲਗਾਤਾਰ ਮੀਂਹ ਪੈਣ ਕਾਰਨ ਇਲਾਕੇ ਵਿੱਚ ਖੜੇ ਅਤੇ ਕਟਾਈ ਕੀਤੇ ਹੋਏ ਝੋਨੇ ਦਾ ਬਹੁਤ ਨੁਕਸਾਨ ਹੋ ਗਿਆ ਹੈ।
ਖਮਾਣੋਂ (ਜਗਜੀਤ ਕੁਮਾਰ): ਖਮਾਣੋਂ ਅਤੇ ਇਸ ਦੇ ਆਸ ਪਾਸ ਦੇ ਪਿੰਡਾਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਸ਼ ਅਤੇ ਗੜ੍ਹੇਮਾਰੀ ਕਾਰਨ ਝੋਨੇ ਦੀ ਫ਼ਸਲ ਨੂੰ ਕਾਫ਼ੀ ਨੁਕਸਾਨ ਪੁੱਜਾ ਹੈ। ਇਸ ਭਾਰੀ ਬਾਰਸ਼ ਕਾਰਨ ਦਾਣਾ ਮੰਡੀ ਖਮਾਣੋਂ ਵਿਖੇ ਵਿਕਣ ਆਈ ਝੋਨੇ ਦੀ ਫਸਲ ਪਾਣੀ ਵਿਚ ਡੁੱਬ ਗਈ।
ਵਿਧਾਇਕ ਵੱਲੋਂ ਖੇਤਾਂ ਦਾ ਜਾਇਜ਼ਾ
ਨੂਰਪੁਰ ਬੇਦੀ (ਬਲਵਿੰਦਰ ਰੈਤ): ਬਾਰਿਸ਼ ਅਤੇ ਹਨੇਰੀ ਕਾਰਨ ਬਹੁਤ ਸਾਰੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਗਈਆਂ ਹਨ। ਲਗਾਤਾਰ ਹੋਈ ਭਾਰੀ ਬਾਰਿਸ਼ ਕਾਰਨ ਕਿਸਾਨਾਂ ਦਾ ਬਹੁਤ ਨੁਕਸਾਨ ਹੋਇਆ ਹੈ। ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਮੀਂਹ ਨਾਲ ਹੋਏ ਨੁਕਸਾਨ ਲਈ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਇਸ ਮੌਕੇ ਖੇਤਾਂ ਦਾ ਦੌਰਾ ਵੀ ਕੀਤਾ ਅਤੇ ਬਾਰਿਸ਼ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਨੁਕਸਾਨ ਦੀ ਗਿਰਦਾਵਰੀ ਕਰਕੇ ਕਿਸਾਨਾਂ ਨੂੰ ਜਲਦ ਤੋਂ ਜਲਦ ਬਣਦਾ ਮੁਆਵਜ਼ਾ ਦਿੱਤਾ ਜਾਵੇ।