ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਜੁਲਾਈ
ਚੰਡੀਗੜ੍ਹ ਟਰੈਫ਼ਿਕ ਪੁਲੀਸ ਨੇ ਸ਼ਹਿਰ ਵਿਚ ਈ-ਚਾਲਾਨ ਸਿਸਟਮ ਸ਼ੁਰੂ ਕੀਤਾ ਹੈ। ਇਸ ਦੀ ਸ਼ੁਰੂਆਤ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਅਤੇ ਚੰਡੀਗੜ੍ਹ ਦੇ ਡੀਜੀਪੀ ਸੰਜੇ ਬੈਨੀਵਾਲ ਨੇ ਸਾਂਝੇ ਤੌਰ ’ਤੇ ਕਰਵਾਈ। ਈ-ਚਾਲਾਨ ਸਿਸਟਮ ਰਾਹੀ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਦਾ ਚਲਾਨ ਕੱਟਿਆ ਜਾਵੇਗਾ ਅਤੇ ਇਸ ਨੂੰ ਆਨਲਾਈਨ ਅਪਡੇਟ ਕੀਤਾ ਜਾਵੇਗਾ ਅਤੇ ਚਾਲਕ ਤੁਰੰਤ ਚਲਾਨ ਵੀ ਭੁਗਤ ਸਕੇਗਾ।
ਚੰਡੀਗੜ੍ਹ ਟਰੈਫ਼ਿਕ ਪੁਲੀਸ ਨੂੰ ਈ-ਚਾਲਾਨ ਸਿਸਟਮ ਲਈ ਐਕਸਿਸ ਬੈਂਕ ਵੱਲੋਂ 200 ਮਸ਼ੀਨਾਂ ਦਿੱਤੀਆਂ ਗਈਆਂ ਹਨ ਜਿਸ ਰਾਹੀਂ ਈ-ਚਲਾਨ ਦੀ ਪ੍ਰਕਿਰਿਆ ਨੂੰ ਲਾਗੂ ਕੀਤਾ ਜਾਵੇਗਾ। ਪੁਲੀਸ ਨੇ 60 ਹਜ਼ਾਰ ਦੇ ਕਰੀਬ ਪੈਂਡਿੰਗ ਪਏ ਚਲਾਨਾਂ ਨੂੰ ਭੁਗਤਨ ਲਈ ਲੋਕਾਂ ਨੂੰ ਮੈਸਜ ਭੇਜ ਕੇ ਜਾਗਰੂਕ ਕੀਤਾ ਹੈ। ਇਸ ਮੌਕੇ ਚੰਡੀਗੜ੍ਹ ਟਰੈਫ਼ਿਕ ਪੁਲੀਸ ਦੀ ਵੈੱਬਸਾਈਟ ਦਾ ਵੀ ਉਦਘਾਟਨ ਕੀਤਾ ਗਿਆ। ਇਸ ਵੈਬਸਾਈਟ ’ਤੇ ਆਵਾਜਾਈ ਦੇ ਨਿਯਮ ਅਤੇ ਟਰੈਫ਼ਿਕ ਪੁਲੀਸ ਵੱਲੋਂ ਦਿੱਤੀ ਜਾਣ ਵਾਲੀਆਂ ਸਹੂਲਤਾਂ ਬਾਰੇ ਦੱਸਿਆ ਗਿਆ ਹੈ।
ਇਸ ਮੌਕੇ ਸ੍ਰੀ ਬਦਨੌਰ ਨੇ ਟਰੈਫ਼ਿਕ ਪੁਲੀਸ ਦੀ ਸ਼ਲਾਘਾ ਕਰਦਿਆ ਕਿਹਾ ਕਿ ਇਹ ਪ੍ਰਕੀਰੀਆ ਡਿਜੀਟਲ ਇੰਡੀਆ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਟਰੈਫ਼ਿਕ ਦਾ ਮੁੱਖ ਸਕਸਦ ਲੋਕਾਂ ਨੂੰ ਆਵਾਜਾਈ ਨਿਯਮਾਂ ਸਬੰਧੀ ਜਾਗਰੂਕ ਕਰਨਾ ਹੈ ਅਤੇ ਜੇਕਰ ਕੋਈ ਉਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਟਰੈਫ਼ਿਕ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਦਾ ਵਾਰ-ਵਾਰ ਚਲਾਨ ਹੁੰਦਾ ਹੈ ਤਾਂ ਉਸ ਦਾ ਡਰਾਈਵਿੰਗ ਲਾਇਸੈਂਸ ਤਿੰਨ ਮਹੀਨੇ ਲਈ ਮੁਅੱਤਲ ਕਰ ਦਿੱਤਾ ਜਾਵੇਗਾ।