ਸਿੱਖਿਆ ਸਮਾਜ ਨੂੰ ਸਹੀ ਦਿਸ਼ਾ ਦੇਣ ਦਾ ਮਾਧਿਅਮ: ਕਟਾਰੀਆ
ਚੰਡੀਗੜ੍ਹ, 5 ਜੂਨ
ਸਿੱਖਿਆ ਸਿਰਫ਼ ਰੁਜ਼ਗਾਰ ਦਾ ਮਾਧਿਅਮ ਨਹੀਂ ਹੈ, ਬਲਕਿ ਇਹ ਸਮਾਜ ਨੂੰ ਸਹੀ ਦਿਸ਼ਾ ਦੇਣ ਦਾ ਮਾਧਿਅਮ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਦੇ ਸੈਕਟਰ-42 ਵਿਖੇ ਪੋਸਟ ਗ੍ਰੇਜੂਏਟ ਸਰਕਾਰੀ ਕਾਲਜ ਲੜਕੀਆਂ ਵਿੱਚ 198 ਨਵ ਨਿਯੁਕਤ ਟੀਜੀਟੀ ਅਧਿਆਪਕਾਂ ਨੂੰ ਨਿਯੁਕਤ ਪੱਤਰ ਵੰਡ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ ਹੈ। ਉਨ੍ਹਾਂ ਚੰਡੀਗੜ੍ਹ ਦੇ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਸਖਤ ਮਿਹਨਤ ਨਾਲ ਪੜ੍ਹਾਉਣ ਦੀ ਅਪੀਲ ਕੀਤੀ, ਜਿਸ ਨਾਲ ਚੰਡੀਗੜ੍ਹ ਨੂੰ ਸਿੱਖਿਆ ਖੇਤਰ ਵਿੱਚ ਦੇਸ਼ ਦਾ ਸਭ ਤੋਂ ਮੋਹਰੀ ਸ਼ਹਿਰ ਬਣਾਇਆ ਜਾ ਸਕੇ।
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਸੈਕਟਰ-42 ਵਿਖੇ ਸਥਿਤ ਸਰਕਾਰੀ ਕਾਲਜ ਲੜਕੀਆਂ ਵਿਖੇ 198 ਨਵ ਨਿਯੁਕਤ ਟੀਜੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਉਨ੍ਹਾਂ ਕਿਹਾ ਕਿ ਯੂਟੀ ਪ੍ਰਸ਼ਾਸਨ ਨੇ ਸਿੱਖਿਆ ਖੇਤਰ ਦੇ 993 ਅਹੁਦਿਆਂ ’ਤੇ ਭਰਤੀ ਪ੍ਰਕਿਰਿਆ ਨੂੰ ਪਾਰਦਸ਼ੀ ਤੇ ਨਿਰਪੱਖ ਢੰਗ ਨਾਲ ਨੇਪੜੇ ਚਾੜਿਆ ਹੈ। ਸ੍ਰੀ ਕਟਾਰੀਆਂ ਨੇ ਕਿਹਾ ਕਿ ਚੰਡੀਗੜ੍ਹ ਦੇ 111 ਸਰਕਾਰੀ ਸਕੂਲਾਂ ਵਿੱਚ ਡੇਢ ਲੱਖ ਵਿਦਿਆਰਥੀ ਪੜਾਈ ਕਰ ਰਹੇ ਹਨ। ਇਨ੍ਹਾਂ 198 ਅਧਿਆਪਕਾਂ ਦੀ ਭਰਤੀ ਨਾਲ ਇਕ ਨਵੇਂ ਅਧਿਆਏ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਖੇਤਰ ਵਿੱਚ ਹੋਰ ਵੀ ਵਧੇਰੇ ਭਰਤੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਚੰਡੀਗੜ੍ਹ ਦੇ ਮੁੱਖ ਸਕੱਤਰ ਰਾਜੀਵ ਵਰਮਾ ਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ।
ਕਟਾਰੀਆ ਨੇ ‘ਵਿਸ਼ਵ ਵਾਤਾਵਰਣ ਦਿਵਸ’ ’ਤੇ ਬੂਟਾ ਲਗਾਇਆ
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਸੈਕਟਰ-42 ਸਥਿਤ ਪੋਸਟ ਗ੍ਰੇਜੂਏਟ ਸਰਕਾਰੀ ਕਾਲਜ ਲੜਕੀਆਂ ਵਿੱ ‘ਵਿਸ਼ਵ ਵਾਤਾਵਰਨਦਿਵਸ’ ਮੌਕੇ ਬੂਟਾ ਲਗਾਇਆ। ਇਸ ਦੇ ਨਾਲ ਹੀ ਸਾਰਿਆਂ ਨੂੰ ਇਕ-ਇਕ ਬੂਟਾ ਲਗਾਉਣ ਦੀ ਅਪੀਲ ਕੀਤੀ, ਜਿਸ ਨਾਲ ਵਾਤਾਵਰਣ ਨੂੰ ਹਰਾ-ਭਰਾ ਰੱਖਿਆ ਜਾ ਸਕੇ। ਇਸ ਦੌਰਾਨ ਸ੍ਰੀ ਕਟਾਰੀਆ ਨੇ ਸੱਤ ਸਰਕਾਰੀ ਸਕੂਲਾਂ ਵਿੱਚੋਂ ਇਕ ਵਿਦਿਆਰਥੀ, ਇਕ ਅਧਿਆਪਕ ਤੇ ਇਕ ਮਾਲੀ ਸਣੇ ਕੁੱਲ 21 ਈਕੋ ਵਾਰੀਅਰਜ਼ ਦਾ ਸਨਮਾਨ ਕੀਤਾ ਗਿਆ, ਜਿਨ੍ਹਾਂ ਸਕੂਲ ਵਿੱਚ ਵਾਤਾਵਰਨ ਦੀ ਦੇਖਭਾਲ ਨੂੰ ਲੈ ਕੇ ਚੰਗੇ ਕੰਮ ਕੀਤੇ ਹਨ।