ਕਰਮਜੀਤ ਸਿੰਘ ਚਿੱਲਾ
ਬਨੂੜ, 28 ਮਈ
ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਹੈ ਕਿ ਕੋਈ ਵੀ ਮੰਜ਼ਿਲ ਅਜਿਹੀ ਨਹੀਂ ਹੁੰਦੀ, ਜੋ ਸਰ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਜੀਵਨ ਦਾ ਟੀਚਾ ਮਿੱਥਣ ਤੇ ਇਸ ਟੀਚੇ ਨੂੰ ਹਾਸਲ ਕਰਨ ਲਈ ਖੂਬ ਮਿਹਨਤ ਕਰਨ। ਉਹ ਅੱਜ ਇੱਥੋਂ ਦੇ ਸਵਾਮੀ ਵਿਵੇਕਾਨੰਦ ਗਰੁੱਪ ਆਫ਼ ਇੰਸਟੀਚਿਊਟਸ ਵਿੱਚ ਡਿਗਰੀ ਵੰਡ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਨ। ਉਨ੍ਹਾਂ ਨੇ ਬੀਟੈੱਕ ਦੇ 512 ਅਤੇ ਐੱਮਟੈੱਕ ਤੇ ਹੋਰ ਮਾਸਟਰਜ਼ ਕੋਰਸਾਂ ਦੇ 203 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਸਿੱਖਿਆ ਮੰਤਰੀ ਨੇ ਇਸ ਮੌਕੇ ਸਵਾਈਟ ਕਾਲਜ ਵਿੱਚ ਪੜ੍ਹਨ ਸਮੇਂ ਕਾਲਜ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ। ਇਸ ਮੌਕੇ ਇਸੇ ਕਾਲਜ ਵਿੱਚੋਂ ਪੜ੍ਹੇ ਹੋਏ ‘ਆਪ’ ਵਿਧਾਇਕ ਅੰਮ੍ਰਿਤਪਾਲ ਸਿੰਘ ਸੁੱਖਾਨੰਦ ਬਾਘਾ ਪੁਰਾਣਾ ਅਤੇ ਅਮੋਲਕ ਸਿੰਘ ਵਿਧਾਇਕ ਜੈਤੋ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਕਾਲਜ ਦੇ ਅਹਾਤੇ ਵਿੱਚ ਸਵਾਮੀ ਵਿਵੇਕਾਨੰਦ ਦੇ ਬੁੱਤ ਤੋਂ ਪਰਦਾ ਹਟਾਇਆ ਅਤੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਖੋਲ੍ਹੇ ਰੈਸਤਰਾ ਦਾ ਉਦਘਾਟਨ ਵੀ ਕੀਤਾ।
ਸੁਰੱਖਿਆ ਘਟਾਉਣ ਦੇ ਫ਼ੈਸਲੇ ਨੂੰ ਦਰੁਸਤ ਦੱਸਿਆ
ਸਿੱਖਿਆ ਮੰਤਰੀ ਮੀਤ ਹੇਅਰ ਨੇ ਪੰਜਾਬ ਸਰਕਾਰ ਵੱਲੋਂ ਅੱਜ ਰਾਜਸੀ, ਧਾਰਮਿਕ ਆਗੂਆਂ ਤੇ ਪੁਲੀਸ ਅਫ਼ਸਰਾਂ ਦੀ ਸੁਰੱਖਿਆ ਘਟਾਉਣ ਦੇ ਫ਼ੈਸਲੇ ਨੂੰ ਦਰੁਸਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਹੁਤ ਸਾਰੇ ਵਿਅਕਤੀਆਂ ਨੂੰ ਪ੍ਰੋਟੋਕੋਲ ਤੋਂ ਬਾਹਰ ਜਾ ਸੁਰੱਖਿਆ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੂੰ ਸੁਰੱਖਿਆ ਲੋੜੀਂਦੀ ਹੈ, ਉਨ੍ਹਾਂ ਨੂੰ ਦਿੱਤੀ ਜਾ ਰਹੀ ਹੈ।