ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 1 ਮਈ
ਇੱਥੇ ਦੇ ਮੁਹਾਲੀ ਪ੍ਰੈੱਸ ਕਲੱਬ ਵਿੱਚ ਪੱਤਰਕਾਰ ਸੰਮੇਲਨ ਦੌਰਾਨ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮਨਿੰਦਰ ਸਿੰਘ ਮਰਵਾਹਾ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਪੱਡਾ ਨੇ ਕਿਹਾ ਪੰਜਾਬ ਦੀ ‘ਆਪ’ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਪਹਿਲੀ ਕੈਬਨਿਟ ਮੀਟਿੰਗ ਵਿੱਚ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਬੜੀ ਹੈਰਾਨੀ ਦੀ ਗੱਲ ਕੱਚੇ ਮੁਲਾਜ਼ਮਾਂ ਨੂੰ ਪੱਕੇ ਤਾਂ ਕੀ ਕਰਨਾ ਸੀ ਹੁਣ ਤੱਕ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਲਈ ਵੀ ਸਮਾਂ ਨਹੀਂ ਦਿੱਤਾ। ਸਿੱਖਿਆ ਪ੍ਰੋਵਾਈਡਰਾਂ ਨੇ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਇਸ ਦੌਰਾਨ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਉਹ ਲੜੀਵਾਰ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਆਗੂਆਂ ਨੇ ਕਿਹਾ ਕਿ ‘ਆਪ’ ਸਰਕਾਰ ਵੀ ਬਾਕੀ ਸਰਕਾਰਾਂ ਵਾਂਗ ਝੂਠੇ ਲਾਰੇ ਲਾਉਣ ਦੀ ਨੀਤੀ ’ਤੇ ਹੀ ਕੰਮ ਕਰ ਰਹੀ ਹੈ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਮੋਗਾ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ, ਗੁਰਮੀਤ ਕੌਰ ਪਟਿਆਲਾ ਤੇ ਹਰਪ੍ਰੀਤ ਕੌਰ ਮਾਨ, ਸੁਖਜਿੰਦਰ ਸਿੰਘ ਰੰਧਾਵਾ, ਜਗਮੋਹਨ ਸਿੰਘ ਮੁਹਾਲੀ, ਪਵਨਦੀਪ ਸਿੰਘ ਬਰਾੜ, ਨਵਤੇਜ ਸਿੰਘ ਮੋਗਾ, ਕਰਮਵੀਰ ਸਿੰਘ, ਜਗਸੀਰ ਸਿੰਘ ਸੰਧੂ, ਰਿੰਪਲਜੀਤ ਸਿੰਘ, ਇੰਦਰਜੀਤ ਸਿੰਘ ਮਾਨਸਾ, ਜਗਸੀਰ ਸਿੰਘ ਘਾਰੂ ਅਤੇ ਜਗਦੀਪ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।