ਮਹਿਲਾ ਰਾਖਵਾਂਕਰਨ ਬਿੱਲ ਲਾਗੂ ਕਰਵਾਉਣ ਲਈ ਚਾਰਾਜੋਈ
ਮਹਿਲਾਵਾਂ ਤੋਂ ਦਸਤਖ਼ਤ ਕਰਵਾ ਕੇ ਪ੍ਰਧਾਨ ਮੰਤਰੀ ਨੂੰ ਭੇਜੇ ਜਾਣਗੇ: ਅਲਕਾ ਲਾਂਬਾ
ਚੰਡੀਗੜ੍ਹ ਮਹਿਲਾ ਕਾਂਗਰਸ ਵੱਲੋਂ ਦੇਸ਼ ਵਿੱਚ ਮਹਿਲਾਵਾਂ ਨੂੰ ਸਿਆਸਤ ’ਚ 33 ਫ਼ੀਸਦ ਰਾਖਵਾਂਕਰਨ ਦੇਣ ਲਈ ਮਹਿਲਾ ਰਾਖਵਾਂਕਰਨ ਬਿੱਲ 2023 ਲਾਗੂ ਕਰਾਉਣ ਦੀ ਮੰਗ ਨੂੰ ਲੈ ਕੇ ਸ਼ਹਿਰ ਵਿੱਚ ਦਸਤਖਤ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਮਹਿਲਾ ਕਾਂਗਰਸ ਦੀ ਕੌਮੀ ਪ੍ਰਧਾਨ ਅਲਕਾ ਲਾਂਬਾ ਵਿਸ਼ੇਸ਼ ਤੌਰ ’ਤੇ ਚੰਡੀਗੜ੍ਹ ਪਹੁੰਚੀ, ਜਿਨ੍ਹਾਂ ਨੇ ਦਸਤਖਤ ਮੁਹਿੰਮ ਦੀ ਸ਼ੁਰੂਆਤ ਕਰਵਾਈ।
ਉਨ੍ਹਾਂ ਕਿਹਾ ਕਿ ਮਹਿਲਾ ਕਾਂਗਰਸ ਵੱਲੋਂ ਦੇਸ਼ ਭਰ ਵਿੱਚ ਔਰਤਾਂ ਕੋਲ ਪਹੁੰਚ ਕੇ ਮਹਿਲਾ ਰਾਖਵਾਂਕਰਨ ਬਿੱਲ 2023 ਨੂੰ ਲਾਗੂ ਕਰਨ ਲਈ ਦਸਤਖ਼ਤ ਕਰਵਾਏ ਜਾਣਗੇ। ਇਹ ਦਸਤਖ਼ਤ ਬਾਅਦ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜੇ ਜਾਣਗੇ। ਇਸ ਦੌਰਾਨ ਮਹਿਲਾ ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਨੂੰ ਪੋਸਟਲ ਕਾਰਡ ਭੇਜ ਕੇ ਵੀ ਬਿੱਲ ਲਾਗੂ ਕਰਨ ਦੀ ਮੰਗ ਕੀਤੀ ਜਾਵੇਗੀ।
ਅਲਕਾ ਲਾਂਬਾ ਨੇ ਕਿਹਾ ਕਿ ਭਾਜਪਾ ਵੱਲੋਂ ਮਹਿਲਾ ਰਾਖਵਾਂਕਰਨ ਬਿੱਲ ਦੀ ਆੜ ਵਿੱਚ ਦੇਸ਼ ਵਿੱਚ ਹਲਕਾਬੰਦੀ ਕੀਤੀ ਜਾ ਰਹੀ ਹੈ। ਇਸ ਨਾਲ ਛੋਟੇ ਸੂਬਿਆਂ ਦੇ ਅਧਿਕਾਰਾਂ ’ਤੇ ਡਾਕਾ ਮਾਰਿਆ ਜਾਵੇਗਾ। ਜਦੋਂ ਕਿ ਭਾਜਪਾ ਸ਼ਾਸਿਤ ਵੱਡੇ ਸੂਬਿਆਂ ਦੀਆਂ ਸੀਟਾਂ ਵੱਧ ਜਾਣਕਾਰੀਆਂ। ਇਸ ਤਰ੍ਹਾਂ ਭਾਜਪਾ ਦੇਸ਼ ਵਿੱਚ ਆਪਣੀ ਹਕੂਮਤ ਰੱਖਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕ ਸਭਾ ਵਿੱਚ ਸਾਲ 2023 ਵਿੱਚ ਮਹਿਲਾਵਾਂ ਨੂੰ 33 ਫ਼ੀਸਦ ਰਾਖਵਾਂਕਰਨ ਦੇਣ ਲਈ ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰ ਦਿੱਤਾ ਸੀ ਤਾਂ ਭਾਜਪਾ ਨੇ ਤਿੰਨ ਸਾਲ ਬਾਅਦ ਬਿੱਲ ਨੂੰ ਲਾਗੂ ਕਿਉਂ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲੋਕ ਸਭਾ ਦੀਆਂ ਮੌਜੂਦਾ 543 ਸੀਟਾਂ ਦੇ ਆਧਾਰ ’ਤੇ ਮਹਿਲਾ ਰਾਖਵਾਂਕਰਨ ਬਿੱਲ ਲਾਗੂ ਕਰੇ।
‘ਪੱਛਮੀ ਬੰਗਾਲ ਵਿੱਚ ਭਾਜਪਾ ਨੇ ਧੱਕੇਸ਼ਾਹੀ ਕੀਤੀ’
ਮਹਿਲਾ ਕਾਂਗਰਸ ਦੀ ਕੌਮੀ ਪ੍ਰਧਾਨ ਅਲਕਾ ਲਾਂਬਾ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪੱਛਮੀ ਬੰਗਾਲ ਵਿੱਚ ਹਾਰ ਦਾ ਮੰਥਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪੱਛਮੀ ਬੰਗਾਲ ਵਿੱਚ ਚੋਣ ਕਮਿਸ਼ਨ ਤੇ ਸਰਕਾਰੀ ਤੰਤਰ ਦੀ ਵੱਡੇ ਪੱਧਰ ’ਤੇ ਦੁਰਵਰਤੋਂ ਕੀਤੀ ਹੈ। ਉੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖੁਦ ਨਿਗਰਾਨੀ ਕਰ ਰਹੇ ਸਨ। ਇਸੇ ਕਰਕੇ ਭਾਜਪਾ ਜਿੱਤ ਹਾਸਲ ਕਰ ਸਕੀ ਹੈ। ਉਨ੍ਹਾਂ ਕਿਹਾ ਕਿ ਕੇਰਲ ਵਿੱਚ ਸਹੀ ਢੰਗ ਨਾਲ ਚੋਣ ਹੋਈ ਤਾਂ ਕਾਂਗਰਸ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ। ਅਲਕਾ ਲਾਂਬਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਹਮਲਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦਾ ਨਸ਼ੇ ਦੀ ਹਾਲਤ ਵਿੱਚ ਵਿਧਾਨ ਸਭਾ ਜਾਣਾ ਮੰਦਭਾਗਾ ਹੈ, ਜਿਸ ਦਾ ਕਾਂਗਰਸ ਨੇ ਵਿਰੋਧ ਕੀਤਾ ਹੈ।

