ਜ਼ਿਮਣੀ ਚੋਣ: ਭਾਰਤੀ ਚੋਣ ਕਮਿਸ਼ਨ ਨੇ ਐਸਐਸਪੀ ਤਰਨ ਤਾਰਨ ਡਾ. ਰਵਜੋਤ ਕੌਰ ਗਰੇਵਾਲ ਨੂੰ ਕੀਤਾ ਮੁਅੱਤਲ
ਭਾਰਤੀ ਚੋਣ ਕਮਿਸ਼ਨ ਨੇ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਲਈ 11 ਨਵੰਬਰ ਨੂੰ ਹੋਣ ਵਾਲੀ ਵੋਟਿੰਗ ਤੋਂ ਤਿੰਨ ਦਿਨ ਪਹਿਲਾਂ ਤਰਨਤਾਰਨ ਦੀ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਮੁਅੱਤਲ ਕਰ ਦਿੱਤਾ ਹੈ। ਹਾਲਾਂਕਿ ਮੁਅੱਤਲ ਦਾ ਕੋਈ ਖਾਸ ਕਾਰਨ ਨਹੀਂ ਦੱਸਿਆ ਗਿਆ ।
ਇਸ ਦੇ ਨਾਲ ਚੋਣ ਕਮਿਸ਼ਨ ਨੇ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਤੁਰੰਤ ਪ੍ਰਭਾਵ ਨਾਲ ਤਰਨਤਾਰਨ ਦੇ ਐਸਐਸਪੀ ਦਾ ਵਾਧੂ ਚਾਰਜ ਸੌਂਪ ਦਿੱਤਾ ਹੈ।
ਦੱਸ ਦਈਏ ਕਿ ਪਿਛਲੇ ਮਹੀਨੇ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ SSP ਗਰੇਵਾਲ ਖਿਲਾਫ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ (CEO) ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਅਕਾਲੀ ਦਲ ਨੇ ਦੋਸ਼ ਲਾਇਆ ਸੀ ਕਿ ਉਹ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਜ਼ਿਮਨੀ ਚੋਣ ਪ੍ਰਚਾਰ ਤੋਂ ਰੋਕਣ ਲਈ ਪੁਲੀਸ ਦੀ ਵਰਤੋਂ ਕਰਕੇ ਝੂਠੇ ਕੇਸ ਦਰਜ ਕਰਵਾ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਅਕਾਲੀ ਦਲ ਨੇ ਐਸਐਸਪੀ ਖ਼ਿਲਾਫ਼ ਧਰਨਾ ਵੀ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਤਰਨਤਾਰਨ ਜ਼ਿਮਨੀ ਚੋਣ ਲਈ 11 ਨਵੰਬਰ ਨੂੰ ਵੋਟਾਂ ਪੈਣਗੀਆਂ। ਨਤੀਜਿਆਂ ਦਾ ਐਲਾਨ 14 ਨਵੰਬਰ ਨੂੰ ਹੋਵੇਗਾ। ਇਹ ਸੀਟ ਜੂਨ ਵਿੱਚ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਕਾਰਨ ਖਾਲੀ ਹੋ ਗਈ ਸੀ।
