ਬਿਜਲੀ-ਪਾਣੀ ਦੀ ਸਮੱਸਿਆ: ਸੋਹਾਣਾ ਵਾਸੀਆਂ ਦਾ ਏਅਰਪੋਰਟ ਰੋਡ ’ਤੇ ਧਰਨਾ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 16 ਜੂਨ
ਬਿਜਲੀ ਦੇ ਅਣਐਲਾਨੇ ਕੱਟ ਅਤੇ ਪਾਣੀ ਦੀ ਸਮੱਸਿਆ ਖ਼ਿਲਾਫ਼ ਅੱਜ ਇਤਿਹਾਸਕ ਨਗਰ ਸੋਹਾਣਾ ਦੇ ਵਸਨੀਕ ਅਤੇ ਲੋਕ ਨੁਮਾਇੰਦੇ ਸੜਕਾਂ ’ਤੇ ਉਤਰੇ ਅਤੇ ਮੁਹਾਲੀ ਹਵਾਈ ਅੱਡਾ ਸੜਕ ’ਤੇ ਧਰਨਾ ਦੇ ਕੇ ਸਰਕਾਰ ਤੇ ਪਾਵਰਕੌਮ ਵਿਰੁੱਧ ਨਾਅਰੇਬਾਜ਼ੀ ਕੀਤੀ। ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਵਸਨੀਕ ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਦੁਖੀ ਹਨ। ਬੱਤੀ ਗੁੱਲ ਹੋਣ ਕਾਰਨ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਅਤਿ ਦੀ ਗਰਮੀ ਵਿੱਚ ਬਿਜਲੀ ਤੇ ਪਾਣੀ ਦੀ ਜ਼ਿਆਦਾ ਲੋੜ ਹੁੰਦੀ ਹੈ ਪਰ ਸਰਕਾਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਬਿਜਲੀ ਆਉਣੀ ਹੀ ਨਹੀਂ ਤਾਂ ਮੁਫ਼ਤ ਬਿਜਲੀ ਦਾ ਕਹੀ ਮਤਲਬ ਹੈ।
ਅਕਾਲੀ ਆਗੂ ਨੇ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋ ਰਹੀ ਹੈ ਅਤੇ ਭਗਵੰਤ ਮਾਨ ਸਰਕਾਰ ਝੂਠੇ ਪੋਸਟਰਾਂ ਵਾਲੀ ਸਰਕਾਰ ਬਣ ਕੇ ਰਹਿ ਗਈ ਹੈ। ਹੁਕਮਰਾਨਾਂ ਦੀ ਕਹਿਣੀ ਤੇ ਕਥਨੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ। ਉਨ੍ਹਾਂ ਮੰਗ ਕੀਤੀ ਕਿ ਪਿੰਡ ਸੋਹਾਣਾ ਨੂੰ ਨਹਿਰੀ ਪਾਣੀ ਸਪਲਾਈ ਕੀਤਾ ਜਾਵੇ ਅਤੇ ਸੈਕਟਰ-77 ਸਥਿਤ ਬੂਸਟਰ ਤੋਂ ਪਾਣੀ ਸਪਲਾਈ ਕੀਤਾ ਜਾਵੇ ਕਿਉਂਕਿ ਟਿਊਬਵੈੱਲ ਲੋਕਾਂ ਦੀ ਪਿਆਸ ਬੁਝਾਉਣ ਤੋਂ ਅਸਮਰੱਥ ਹਨ। ਜੇ ਇਹੀ ਹਾਲਾਤ ਰਹੇ ਤਾਂ ਲੋਕ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ ਅਤੇ ਮੁੱਖ ਸੜਕਾਂ ਜਾਮ ਕੀਤੀਆਂ ਜਾਣਗੀਆਂ।
ਇਸ ਮੌਕੇ ਨੰਬਰਦਾਰ ਹਰਵਿੰਦਰ ਸਿੰਘ, ਕੌਂਸਲਰ ਸੁੱਚਾ ਸਿੰਘ ਕਲੌੜ, ਹਰਜਿੰਦਰ ਕੌਰ ਬੈਦਵਾਨ, ਗੁਰਦੀਪ ਸਿੰਘ ਸਾਬਕਾ ਸਰਪੰਚ, ਚਰਨਜੀਤ ਕੌਰ, ਬਲਬੀਰ ਕੌਰ, ਹਰਪ੍ਰੀਤ ਸਿੰਘ, ਮਨਜੀਤ ਸਿੰਘ ਪੱਪੀ ਤੇ ਹੋਰ ਪਤਵੰਤੇ ਹਾਜ਼ਰ ਸਨ। ਪਿੰਡ ਵਾਸੀਆਂ ਨੇ ਇਨਸਾਫ਼ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਜੇ ਬਿਜਲੀ ਤੇ ਪਾਣੀ ਵਿੱਚ ਸੁਧਾਰ ਨਹੀਂ ਹੋਇਆ। ਧਰਨਿਆਂ ਦਾ ਦਾਇਰਾ ਵਧਾਇਆ ਜਾਵੇਗਾ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਜਨ ਅੰਦੋਲਨ ਵਿੱਢਿਆ ਜਾਵੇਗਾ।
ਬਿਜਲੀ ਦੇ ਕੱਟਾਂ ਕਾਰਨ ਲੋਕ ਪ੍ਰੇਸ਼ਾਨ
ਖਰੜ (ਸ਼ਸ਼ੀ ਪਾਲ ਜੈਨ): ਵਪਾਰ ਮੰਡਲ ਖਰੜ ਦੇ ਪ੍ਰਧਾਨ ਅਸ਼ੋਕ ਸ਼ਰਮਾ ਨੇ ਕਿਹਾ ਕਿ ਇੱਥੇ ਬਿਜਲੀ ਦੇ ਕੱਟਾਂ ਕਾਰਨ ਲੋਕ ਪ੍ਰੇਸ਼ਾਨ ਹਨ। ਦਿਨ ਅਤੇ ਰਾਤ ਅਣਐਲਾਨੇ ਬਿਜਲੀ ਕੱਟਾਂ ਕਾਰਨ ਲੋਕਾਂ ਦਾ ਜਿਊਣਾ ਮੁਹਾਲ ਹੋ ਰਿਹਾ ਹੈ। ਬੱਚੇ, ਬਿਮਾਰ ਤੇ ਬਜ਼ੁਰਗਾਂ ਦਾ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਬਿਜਲੀ ਨਾ ਆਉਣ ਕਾਰਨ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਖਰੜ ਵਿੱਚ ਬਿਜਲੀ ਸਪਲਾਈ ਵਿੱਚ ਜਲਦੀ ਸੁਧਾਰ ਕੀਤਾ ਜਾਵੇ।
ਨਿਰਵਿਘਨ ਬਿਜਲੀ ਸਪਲਾਈ ਦੇਣ ’ਚ ‘ਆਪ’ ਅਸਫ਼ਲ: ਸਿੱਧੂ
ਐੱਸਏਐੱਸ ਨਗਰ(ਮੁਹਾਲੀ) (ਕਰਮਜੀਤ ਸਿੰਘ ਚਿੱਲਾ): ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ’ਤੇ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਵਿਚ ਅਸਫ਼ਲ ਰਹਿਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਰਗੇ ਸ਼ਹਿਰ ਵਿੱਚ ਵੀ ਘੰਟਿਆਂਬੱਧੀ ਕੱਟ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਗਰਮੀ ਕਾਰਨ ਲੋਕ ਜਾਗ ਕੇ ਰਾਤਾਂ ਕੱਟਣ ਲਈ ਮਜਬੂਰ ਹਨ। ਸ੍ਰੀ ਸਿੱਧੂ ਨੇ ਮਨੀਸ਼ ਸਿਸੋਦੀਆ ਵੱਲੋਂ ਜ਼ੀਰੋ ਪਾਵਰ ਕੱਟ ਸਬੰਧੀ ਸੋਸ਼ਲ ਮੀਡੀਆ ’ਤੇ ਪਾਈ ਪੋਸਟ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਵਰਕੌਮ ਵਿੱਚ ਹਜ਼ਾਰਾਂ ਅਸਾਮੀਆਂ ਖ਼ਾਲੀ ਹੋਣ ਕਾਰਨ ਮਾਮੂਲੀ ਨੁਕਸ ਵੀ ਸਮੇਂ ਸਿਰ ਠੀਕ ਨਹੀਂ ਹੋ ਰਹੇ।