ਬਿਜਲੀ ਕਾਮਿਆਂ ਵੱਲੋਂ ਖਰੜ ਵਿੱਚ ਰੋਸ ਰੈਲੀ
ਬਿਜਲੀ ਕਾਮਿਆਂ ਨੇ ਸਮੂਹਿਕ ਛੁੱਟੀ ਲੈ ਕੇ ਟੀਐੱਸਯੂ ਡਿਵੀਜ਼ਨ ਖਰੜ ਦੇ ਪ੍ਰਧਾਨ ਸੁਖਜਿੰਦਰ ਸਿੰਘ ਅਤੇ ਡਿਵੀਜ਼ਨ ਐੱਮਐੱਸਯੂ ਦੇ ਪ੍ਰਧਾਨ ਸਿਮਰਪ੍ਰੀਤ ਸਿੰਘ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ ਗਈ। ਜੁਆਇੰਟ ਫੋਰਮ ਪੰਜਾਬ ਦੇ ਆਗੂ ਸੁਖਵਿੰਦਰ ਸਿੰਘ ਦੁੱਮਣਾ ਨੇ ਦੱਸਿਆ ਕਿ 10 ਅਗਸਤ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਨਾਲ ਮੀਟਿੰਗ ਬੇਸਿੱਟਾ ਰਹੀ।
ਆਗੂਆਂ ਨੇ ਕਿਹਾ ਕਿ 2 ਜੂਨ ਦੀ ਮੀਟਿੰਗ ਵਿੱਚ ਕਾਫੀ ਮੰਗਾਂ ’ਤੇ ਸਹਿਮਤੀ ਬਣੀ ਸੀ ਜਿਨ੍ਹਾਂ ਨੂੰ ਲਾਗੂ ਕਰਨ ਲਈ ਪਾਵਰਕੌਮ ਮੈਨਜਮੈਂਟ ਨੇ ਦਸ ਦਿਨ ਦਾ ਸਮਾਂ ਮੰਗਿਆ ਸੀ। ਲਗਪਗ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਪਾਵਰਕੌਮ ਮੈਨੇਜਮੈਂਟ ਜਾਣਬੁੱਝ ਕੇ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕਰ ਰਹੀ।
ਉਨ੍ਹਾਂ ਕਿਹਾ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਕਰਮਚਾਰੀਆਂ ’ਤੇ ਬਿਜਲੀ ਨਿਗਮ ਦੇ ਤਨਖਾਹ ਸਕੇਲ ਲਾਗੂ ਕਰਨ ਦੀ ਥਾਂ ਧੱਕੇ ਨਾਲ ਕੇਂਦਰੀ ਸਕੇਲ ਲਾਗੂ ਕੀਤਾ ਗਿਆ।
ਰੈਲੀ ਨੂੰ ਰੰਜੂ ਬਾਲਾ, ਪਰਮਜੀਤ ਸਿੰਘ, ਭੁਪਿੰਦਰ ਮਦਨਹੇੜੀ, ਸ਼ੇਰ ਸਿੰਘ, ਜਰਨੈਲ ਸਿੰਘ, ਯੋਗਰਾਜ ਸਿੰਘ, ਗੁਲਜ਼ਾਰ ਸਿੰਘ, ਸੁਖਵੀਰ ਸਿੰਘ, ਭਾਗ ਸਿੰਘ, ਬਲਜਿੰਦਰ ਸਿੰਘ, ਬਲਵਿੰਦਰ ਰਡਿਆਲਾ ਨੇ ਵੀ ਸੰਬੋਧਨ ਕੀਤਾ।