ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਐਮਰਜੈਂਸੀ ਮੀਟਿੰਗ ਸੋਮਵਾਰ ਨੂੰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਐਮਰਜੰਸੀ ਮੀਟਿੰਗ ਸੋਮਵਾਰ ਨੂੰ ਦੁਪਹਿਰੇ 2 ਵਜੇ ਸੱਦੀ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿੱਚ ਹੋਵੇਗੀ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੜ੍ਹਾਂ ਕਰਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਮਦਦ ਲਈ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹੜ੍ਹਾਂ ਕਰਕੇ ਪੰਜਾਬ ਦੇ ਵੱਡੇ ਹਿੱਸੇ ਵਿੱਚ ਭਾਰੀ ਨੁਕਸਾਨ ਹੋ ਚੁੱਕਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਵਰਕਰ ਜ਼ਮੀਨੀ ਪੱਧਰ ’ਤੇ ਪਹੁੰਚ ਕੇ ਲੋਕਾਂ ਦੀ ਸੇਵਾ ਵਿੱਚ ਜੁਟਿਆ ਹੋਇਆ ਹੈ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਨਿੱਜੀ ਤੌਰ ’ਤੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਲੋਕਾਂ ਦੀ ਮਦਦ ਕਰ ਰਹੇ ਹਨ। ਹੁਣ ਪਾਰਟੀ ਵੱਲੋਂ ਸਾਰੇ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਨਾਲ ਗੱਲਬਾਤ ਕਰਕੇ ਪੰਜਾਬ ਵਿੱਚ ਹੜ੍ਹਾਂ ਕਰਕੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਲੋਕਾਂ ਦੀ ਮਦਦ ਲਈ ਭਵਿੱਖ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ