ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਦਾ ਮੁਆਵਜ਼ਾ ਦੇਣ ’ਤੇ ਜ਼ੋਰ
ਬੀਕੇਯੂ ਏਕਤਾ ਸਿੱਧੂਪੁਰ ਨੇ ਯੂਰੀਆ ਖਾਦ ਦੀ ਘਾਟ ’ਤੇ ਗੰਭੀਰ ਚਿੰਤਾ ਜਤਾਈ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂ ਪੁਰ ਬਲਾਕ ਡੇਰਾਬਸੀ ਦੀ ਮੀਟਿੰਗ ਜ਼ਿਲ੍ਹਾ ਕਨਵੀਨਰ ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਲਾਲੜੂ ਮੰਡੀ ਵਿਖੇ ਜਥੇਬੰਦੀ ਦੇ ਦਫ਼ਤਰ ਵਿੱਚ ਹੋਈ। ਮੀਟਿੰਗ ਵਿੱਚ ਆਗੂਆਂ ਤੇ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੜ੍ਹ ਪੀੜਤ ਕਿਸਾਨਾਂ ਦੀ ਫਸਲਾਂ ਦਾ ਤੁਰੰਤ ਮੁਆਵਜਾ ਦਿੱਤਾ ਜਾਵੇ, ਨਹੀਂ ਤਾਂ ਜਥੇਬੰਦੀ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।
ਮੀਟਿੰਗ ਦੌਰਾਨ ਕਿਸਾਨਾਂ ਦੇ ਹੱਕਾਂ ਨਾਲ ਸੰਬੰਧਤ ਦੋ ਮਤੇ ਪਾਸ ਕੀਤੇ ਗਏ। ਪਹਿਲੇ ਮਤੇ ਅਧੀਨ ਜਥੇਬੰਦੀ ਨੇ ਕਿਹਾ ਕਿ ਪਿਛਲੇ ਦਿਨੀਂ ਆਏ ਹੜ੍ਹਾਂ ਕਾਰਨ ਫਸਲਾਂ ਨੂੰ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਸੀ, ਜਿਸ ਬਾਬਤ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ ਤਾਂ ਕੀਤਾ ਗਿਆ ਸੀ ਪਰ ਅਜੇ ਤੱਕ ਕਿਸਾਨਾਂ ਨੂੰ ਇੱਕ ਵੀ ਪੈਸਾ ਨਹੀਂ ਮਿਲਿਆ। ਯੂਨੀਅਨ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਫਸਲਾਂ ਦੇ ਖਰਾਬੇ ਦਾ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ।
ਦੂਜੇ ਮਤੇ ਵਿੱਚ ਜ਼ਿਲ੍ਹਾ ਮੁਹਾਲੀ ਵਿੱਚ ਯੂਰੀਆ ਖਾਦ ਦੀ ਘਾਟ 'ਤੇ ਗੰਭੀਰ ਚਿੰਤਾ ਜਤਾਈ ਗਈ। ਜਥੇਬੰਦੀ ਨੇ ਕਿਹਾ ਕਿ ਖਾਦ ਦੀ ਕਮੀ ਨੇ ਬਿਜਾਈ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਵਿੱਚ ਧੱਕ ਦਿੱਤਾ ਹੈ। ਸਰਕਾਰ ਤੋਂ ਮੰਗ ਕੀਤੀ ਗਈ ਕਿ ਕੋਆਪਰੇਟਿਵ ਸੁਸਾਇਟੀਆਂ ਵਿੱਚ ਤੁਰੰਤ ਯੂਰੀਆ ਖਾਦ ਦੀ ਸਪਲਾਈ ਸੁਚਾਰੂ ਕੀਤੀ ਜਾਵੇ ਤਾਂ ਜੋ ਕਿਸਾਨਾਂ ਦੀ ਪ੍ਰੇਸ਼ਾਨੀ ਦੂਰ ਹੋ ਸਕੇ।

