ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 13 ਅਪਰੈਲ
ਮੁਹਾਲੀ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਸੁਧਾਰਨ ਲਈ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਇਸ ਦਿਸ਼ਾ ਵਿੱਚ ਫੌਰੀ ਤੌਰ ’ਤੇ ਠੋਸ ਕਦਮ ਚੁੱਕਣ ਦੇ ਆਦੇਸ਼ ਦਿੱਤੇ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਡਾ. ਕਮਲ ਗਰਗ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਵਿੱਚ ਮਸ਼ੀਨੀ ਸਫ਼ਾਈ ਦਾ ਠੇਕਾ ਖ਼ਤਮ ਹੋਣ ਤੋਂ ਬਾਅਦ ਹਾਲੇ ਤੱਕ ਨਵਾਂ ਠੇਕਾ ਨਹੀਂ ਦਿੱਤਾ ਜਾ ਸਕਿਆ ਹੈ। ਇਸ ਕਾਰਨ ਮੈਨੂਅਲ ਸਵੀਪਿੰਗ ਵਿੱਚ ਲੱਗੇ ਕਰਮਚਾਰੀਆਂ ਨੂੰ ਮੁੱਖ ਸੜਕਾਂ ਦੀ ਸਫ਼ਾਈ ਦੇ ਕੰਮ ’ਤੇ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਆਗਾਮੀ ਮੀਟਿੰਗ ਵਿੱਚ ਮਸ਼ੀਨੀ ਸਫ਼ਾਈ ਦਾ ਨਵੇਂ ਸਿਰਿਓਂ ਠੇਕਾ ਦੇਣ ਦਾ ਮਤਾ ਪਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਮਸ਼ੀਨੀ ਸਫ਼ਾਈ ਦਾ ਠੇਕਾ ਦੇਣ ਦੀ ਪ੍ਰਕਿਰਿਆ ਨੂੰ ਸਮਾਂ ਲੱਗ ਸਕਦਾ ਹੈ। ਲਿਹਾਜ਼ਾ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਦੇ ਬਦਲਵੇਂ ਪ੍ਰਬੰਧ ਕੀਤੇ ਜਾਣਗੇ। ਮੇਅਰ ਨੇ ਕਿਹਾ ਕਿ ਪਤਝੜ ਦੇ ਮੌਸਮ ਦੌਰਾਨ ਮੁਹਾਲੀ ਦੀਆਂ ਮੁੱਖ ਸੜਕਾਂ ਅਤੇ ਪਾਰਕਾਂ ਵਿੱਚ ਸੁੱਕੇ ਪੱਤਿਆਂ ਦੇ ਢੇਰ ਲੱਗ ਗਏ ਸਨ। ਇਨ੍ਹਾਂ ਦੀ ਸਫ਼ਾਈ ਬਹੁਤ ਜ਼ਰੂਰੀ ਸੀ। ਇਸ ਕਰਕੇ ਅੰਦਰੂਨੀ ਸੜਕਾਂ ਉੱਤੇ ਲੱਗੇ ਸਫ਼ਾਈ ਕਰਮਚਾਰੀਆਂ ਕੋਲੋਂ ਮੁੱਖ ਸੜਕਾਂ ਦੀ ਸਫ਼ਾਈ ਦਾ ਕੰਮ ਲਿਆ ਜਾ ਰਿਹਾ ਹੈ। ਜਿਸ ਕਾਰਨ ਕੁੱਝ ਹੱਦ ਤੱਕ ਸ਼ਹਿਰ ਦੀ ਸਫ਼ਾਈ ਵਿਵਸਥਾ ਪ੍ਰਭਾਵਿਤ ਹੋਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਵਿਵਸਥਾ ਦੇ ਫੌਰੀ ਤੌਰ ’ਤੇ ਬਦਲਵੇਂ ਪ੍ਰਬੰਧ ਕੀਤੇ ਜਾਣ।