ਆਤਿਸ਼ ਗੁਪਤਾ
ਚੰਡੀਗੜ੍ਹ, 24 ਅਪਰੈਲ
ਚੰਡੀਗੜ੍ਹ ਵਿੱਚ ਕਰੋਨਾਵਾਇਰਸ ਦਾ ਕਹਿਰ ਦਿਨੋਂ-ਦਿਨ ਵਧ ਰਿਹਾ ਹੈ। ਇਸ ’ਤੇ ਕਾਬੂ ਪਾਉਣ ਲਈ ਯੂਟੀ ਪ੍ਰਸ਼ਾਸਨ ਜੁਟਿਆ ਹੋਇਆ ਹੈ। ਪ੍ਰਸ਼ਾਸਨ ਕਰੋਨਾ ਦਾ ਪਸਾਰ ਰੋਕਣ ਲਈ ਮੁੱਖ ਤੌਰ ’ਤੇ ਟੈਸਟਿੰਗ, ਇਕਾਂਤਵਾਸ (ਮਾਈਕ੍ਰੋ ਕੰਟੇਨਮੈਂਟ ਜ਼ੋਨ ਬਣਾਉਣ) ਅਤੇ ਵੈਕਸੀਨੇਸ਼ਨ ’ਤੇ ਜ਼ੋਰ ਦੇ ਰਿਹਾ ਹੈ। ਇਸ ਗੱਲ ਦੀ ਪੁਸ਼ਟੀ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਦੇ ਸਲਾਹਕਾਰ ਮਨੋਜ ਪਰੀਦਾ ਨੇ ਕੀਤੀ।
ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਤੋਂ ਵੱਡੀ ਗਿਣਤੀ ਵਿੱਚ ਲੋਕ ਰੋਜ਼ਾਨਾ ਚੰਡੀਗੜ੍ਹ ਆ ਰਹੇ ਹਨ। ਇਸ ਕਰਕੇ ਸ਼ਹਿਰ ਵਿੱਚ ਕਰੋਨਾਵਾਇਰਸ ਦੇ ਕੇਸ ਵਧਦੇ ਜਾ ਰਹੇ ਹਨ। ਪ੍ਰਸ਼ਾਸਨ ਕਰੋਨਾ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਦੇ ਟੈਸਟ ਕਰ ਰਿਹਾ ਹੈ। ਉੱਧਰ ਲੋਕਾਂ ਨੂੰ ਕਰੋਨਾ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਵੀ ਕਰ ਰਿਹਾ ਹੈ। ਸ਼ਹਿਰ ਦੇ ਜਿਹੜੇ ਇਲਾਕੇ ਵਿੱਚ ਕਰੋਨਾ ਕੇਸਾਂ ਦੀ ਗਿਣਤੀ ਵਧ ਜਾਂਦੀ ਹੈ। ਉਸ ਇਲਾਕੇ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਬਣਾ ਦਿੱਤਾ ਜਾਂਦਾ ਹੈ। ਜਿੱਥੇ ਹਰ ਤਰ੍ਹਾਂ ਦੀ ਆਵਾਜਾਈ ਬੰਦ ਕਰ ਦਿੱਤੀ ਜਾਂਦੀ ਹੈ। ਸਿਰਫ਼ ਜ਼ਰੂਰੀ ਵਸਤੂਆਂ ਦੀ ਸਪਲਾਈ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਦੇਖ-ਰੇਖ ਹੇਠ ਹੁੰਦੀ ਹੈ। ਇਸ ਸਮੇਂ ਸ਼ਹਿਰ ਵਿੱਚ 136 ਮਾਈਕਰੋ ਕੰਟੇਨਮੈਂਟ ਜ਼ੋਨ ਬਣਾਏ ਗਏ ਹਨ। ਇਸ ਤੋਂ ਇਲਾਵਾ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕਰਦਿਆਂ 62 ਹਜ਼ਾਰ ਲੋਕਾਂ ਦੇ ਚਾਲਾਨ ਕੀਤੇ ਹਨ। ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਦੱਸਿਆ ਕਿ ਸ਼ਹਿਰ ਵਿੱਚ ਕਰੋਨਾ ਵੈਕਸੀਨ ਲੈਣ ਵਾਲੇ ਲੋਕਾਂ ਦੀ ਗਿਣਤੀ ਬਹੁਤ ਘੱਟ ਹੈ। ਹੁਣ ਤੱਕ ਇਕ ਲੱਖ 66 ਹਜ਼ਾਰ ਦੇ ਕਰੀਬ ਲੋਕਾਂ ਨੇ ਵੈਕਸੀਨ ਲਈ ਹੈ ਜਦਕਿ ਸ਼ਹਿਰ ਦੀ ਆਬਾਦੀ 12 ਲੱਖ ਦੇ ਕਰੀਬ ਹੈ।
ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੀ ਹਦਾਇਤਾਂ ਅਨੁਸਾਰ 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਦੇ ਕਰੋਨਾ ਵੈਕਸੀਨ ਲਗਾਈ ਜਾਵੇਗੀ। ਸ੍ਰੀ ਪਰੀਦਾ ਨੇ ਸ਼ਹਿਰ ਵਾਸੀਆਂ ਨੂੰ ਕਰੋਨਾ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਮਾਸਕ ਦੀ ਵਰਤੋਂ ਕਰਨ ਲਈ ਪ੍ਰੇਰਿਆ ਗਿਆ।
ਇਕ ਲੱਖ ਕਰੋਨਾ ਵੈਕਸੀਨ ਦੀ ਡੋਜ਼ ਚੰਡੀਗੜ੍ਹ ਪਹੁੰਚੀ
ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਦੱਸਿਆ ਕਿ ਚੰਡੀਗੜ੍ਹ ਕੋਲ ਵੈਕਸੀਨ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਤੋਂ ਸ਼ਹਿਰ ਵਿੱਚ ਇਕ ਲੱਖ ਕਰੋਨਾ ਵੈਕਸੀਨ ਦੀ ਡੋਜ਼ ਪਹੁੰਚ ਚੁੱਕੀ ਹੈ। ਇਸ ਲਈ ਵੱਡੀ ਗਿਣਤੀ ਵਿੱਚ ਲੋਕ ਅੱਗੇ ਆਉਣ ਅਤੇ ਕਰੋਨਾ ਵੈਕਸੀਨ ਲਗਵਾਉਣ। ਪ੍ਰਸ਼ਾਸਨ ਨੇ ਸਮਾਜਿਕ ਜਥੇਬੰਦੀਆਂ ਅਤੇ ਰੈਜੀਡੇਂਟ ਵੈਲਫੇਅਰ ਐਸੋਸੀਏਸ਼ਨਾਂ ਨੂੰ ਵੀ ਕਰੋਨਾ ਵੈਕਸੀਨ ਲਗਾਉਣ ਲਈ ਅੱਗੇ ਆ ਕੇ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ ਹੈ।