ਮੁੱਖ ਅੰਸ਼
- ਪਰਿਵਾਰ ਵੱਲੋਂ ਹੰਗਾਮਾ; ਪ੍ਰਬੰਧਕਾਂ ’ਤੇ ਲਾਪ੍ਰਵਾਹੀ ਵਰਤਣ ਦੇ ਦੋਸ਼
- ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ
ਹਰਜੀਤ ਸਿੰਘ
ਡੇਰਾਬੱਸੀ, 13 ਅਪਰੈਲ
ਇੱਥੋਂ ਦੀ ਮੁਬਾਰਿਕਪੁਰ-ਰਾਮਗੜ੍ਹ ਸੜਕ ’ਤੇ ਸਥਿਤ ਪੇਪਰ ਮਿੱਲ ਵਿੱਚ ਅੱਜ ਮਸ਼ੀਨ ਦੀ ਲਪੇਟ ਵਿੱਚ ਆ ਜਾਣ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਮਨ ਵਾਲੀਆ ਪੁੱਤਰ ਸੰਜੈ ਵਾਲੀਆ ਵਾਸੀ ਮੀਰਪੁਰ ਦੇ ਰੂਪ ਵਿੱਚ ਹੋਈ ਹੈ। ਹਾਦਸੇ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਵਿੱਚ ਹੰਗਾਮਾ ਕਰਦਿਆਂ ਫੈਕਟਰੀ ਪ੍ਰਬੰਧਕਾਂ ’ਤੇ ਲਾਪ੍ਰਵਾਹੀ ਵਰਤਣ ਦਾ ਦੋਸ਼ ਲਾਇਆ ਹੈ
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਤਿੰਨ ਮਹੀਨੇ ਪਹਿਲਾਂ ਹੀ ਉਨ੍ਹਾਂ ਦਾ ਲੜਕਾ ਇਸ ਫੈਕਟਰੀ ਦੇ ਮੈਨਟੇਂਸ ਵਿਭਾਗ ਵਿੱਚ ਨੌਕਰੀ ਲੱਗਿਆ ਸੀ। ਅੱਜ ਉਸ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਸਵੇਰੇ ਤਕਰੀਬਨ ਪੌਣੇ ਦਸ ਵਜੇ ਇਹ ਹਾਦਸਾ ਹੋਇਆ ਸੀ ਪਰ ਪ੍ਰਬੰਧਕਾਂ ਨੇ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਹਾਦਸੇ ਬਾਰੇ ਜਾਣਕਾਰੀ ਨਹੀਂ ਦਿੱਤੀ। ਉਨ੍ਹਾਂ ਨੂੰ ਆਪਣੇ ਪੱਧਰ ’ਤੇ ਪਤਾ ਲੱਗਣ ’ਤੇ ਉਹ ਸਿਵਲ ਹਸਪਤਾਲ ਪਹੁੰਚੇ ਜਿੱਥੇ ਫੈਕਟਰੀ ਪ੍ਰਬੰਧਕ ਲਾਸ਼ ਲੈ ਕੇ ਪਹੁੰਚੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਇਹ ਹਾਦਸਾ ਫੈਕਟਰੀ ਪ੍ਰਬੰਧਕਾਂ ਦੀ ਲਾਪ੍ਰਵਾਹੀ ਕਾਰਨ ਹੋਇਆ ਹੈ ਜਿਨ੍ਹਾਂ ਵੱਲੋਂ ਮੁਲਾਜ਼ਮਾਂ ਦੀ ਸੁਰੱਖਿਆ ਦੇ ਢੁੱਕਵੇਂ ਪ੍ਰਬੰਧ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਫੈਕਟਰੀ ਪ੍ਰਬੰਧਕਾਂ ਦੇ ਬਿਆਨ ਆਪਸ ਵਿੱਚ ਨਹੀਂ ਰਲ ਰਹੇ ਹਨ। ਕੁਝ ਲੋਕ ਦਾਅਵਾ ਕਰ ਰਹੇ ਹਨ ਕਿ ਉਸ ਦਾ ਪੈਰ ਸਲਿੱਪ ਹੋਣ ’ਤੇ ਰੋਲਰ ਦੀ ਲਪੇਟ ਵਿੱਚ ਆ ਜਾਣ ਕਾਰਨ ਉਸ ਦੀ ਮੌਤ ਹੋ ਗਈ ਜਦਕਿ ਕੁਝ ਕਹਿ ਰਹੇ ਹਨ ਕਿ ਉਹ ਮਸ਼ੀਨ ’ਤੇ ਕੰਮ ਕਰ ਰਹੇ ਮੁਲਾਜ਼ਮ ਨੂੰ ਚਾਬੀ ਫੜਾਉਣ ਲੱਗਿਆ ਸੀ ਜਿਸ ਦੌਰਾਨ ਉਹ ਮਸ਼ੀਨ ਦੀ ਲਪੇਟ ਵਿੱਚ ਆ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਪੂਰੀ ਫੈਕਟਰੀ ਵਿੱਚ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ ਪਰ ਜਾਣ-ਬੁੱਝ ਕੇ ਉਨ੍ਹਾਂ ਨੂੰ ਮੌਕੇ ਦੀ ਫੁਟੇਜ ਨਹੀਂ ਦਿਖਾਈ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਪੁਲੀਸ ਨੂੰ ਸ਼ਿਕਾਇਤ ਦਿੰਦੇ ਹੋਏ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
ਥਾਣਾ ਮੁਖੀ ਇੰਸਪੈਕਟਰ ਕੁਲਬੀਰ ਸਿੰਘ ਨੇ ਕਿਹਾ ਕਿ ਸ਼ਿਕਾਇਤ ਮਿਲਣ ਮਗਰੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ’ਤੇ ਮੌਜੂਦ ਫੈਕਟਰੀ ਪ੍ਰਬੰਧਕਾਂ ਨੇ ਨਾਂਅ ਦੱਸੇ ਬਿਨਾਂ ਕਿਹਾ ਕਿ ਉੱਕਤ ਕਰਮੀ ਦਾ ਮਸ਼ੀਨ ਵਾਲੇ ਪਾਸੇ ਕੋਈ ਕੰਮ ਨਹੀਂ ਸੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਉਹ ਉਥੇ ਕਿਵੇਂ ਅਤੇ ਕਿਉਂ ਗਿਆ।