ਪੱਤਰ ਪ੍ਰੇਰਕ
ਚੰਡੀਗੜ੍ਹ, 3 ਅਗਸਤ
ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੂਬਾ ਕਨਵੀਨਰ ਅਤੇ ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੇ ਪ੍ਰਧਾਨ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਵੱਲੋਂ ਅੱਜ ਆਪਣੇ ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਸਮੇਤ ਸਮੂਹ ਮੁਲਾਜ਼ਮਾਂ ਨੂੰ ਵੱਟਸਐਪ ਰਾਹੀਂ ਭੇਜੇ ਗਏ ਲਿਖਤੀ ਪੱਤਰ ਵਿੱਚ ਸੁਖਚੈਨ ਸਿੰਘ ਖਹਿਰਾ ਵੱਲੋਂ ਕਿਹਾ ਗਿਆ ਕਿ ਉਹ ਕੁਝ ਨਿੱਜੀ ਕਾਰਨਾਂ ਕਰਕੇ ਆਪਣੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਹੁਣ ਇਸ ਅਹੁਦੇ ’ਤੇ ਆਪਣੀ ਸਮਰਥਾ ਨਾਲ ਕਾਰਜ ਕਰਨ ਤੋਂ ਅਸਮਰਥ ਹਨ ਕਿਉਂਕਿ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤਣਾਅ ਵਿੱਚੋਂ ਗੁਜ਼ਰ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਬਤੌਰ ਮੁਲਾਜ਼ਮ ਐਸੋਸੀਏਸ਼ਨ ਦੇ ਕਾਰਜਾਂ ਵਿੱਚ ਆਪਣਾ ਬਣਦਾ ਯੋਗਦਾਨ ਪਾਉਂਦੇ ਰਹਿਣਗੇ। ਦੱਸਣਯੋਗ ਹੈ ਕਿ ਸੁਖਚੈਨ ਸਿੰਘ ਖਹਿਰਾ ਪਿਛਲੇ ਲੰਬੇ ਸਮੇਂ ਤੋਂ ਮੁਲਾਜ਼ਮ ਮੰਗਾਂ ਪ੍ਰਤੀ ਲੰਬੇ ਸੰਘਰਸ਼ਾਂ ਦੀ ਅਗਵਾਈ ਕਰਦੇ ਆ ਰਹੇ ਸਨ। ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੇ ਪ੍ਰਧਾਨ ਤੋਂ ਇਲਾਵਾ ਉਹ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਜਥੇਬੰਦੀ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂਟੀ ਚੰਡੀਗੜ੍ਹ ਦੇ ਵੀ ਸੂਬਾ ਕਨਵੀਨਰ ਵਜੋਂ ਅਗਵਾਈ ਕਰਦੇ ਆ ਰਹੇ ਹਨ।
ਖਹਿਰਾ ਦੇ ਅਸਤੀਫ਼ੇ ਉਪਰੰਤ ਪੀ.ਐੱਸ.ਐੱਮ.ਐੱਸ.ਯੂ. ਦੇ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ, ਜਨਰਲ ਸਕੱਤਰ ਮਨਦੀਪ ਸਿੰਘ ਸਿੱਧੂ, ਦਵਿੰਦਰ ਸਿੰਘ ਬੈਨੀਪਾਲ ਆਦਿ ਨੇ ਕਿਹਾ ਕਿ ਇਹ ਪੰਜਾਬ ਦੇ ਸਮੁੱਚੇ ਮੁਲਾਜ਼ਮ ਵਰਗ ਲਈ ਕਾਫ਼ੀ ਅਫਸੋਸਜਨਕ ਗੱਲ ਹੈ।