ਕੁਲਦੀਪ ਸਿੰਘ
ਚੰਡੀਗੜ੍ਹ, 5 ਅਪਰੈਲ
ਚੰਡੀਗੜ੍ਹ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਆਊਟਸੋਰਸ ਵਰਕਰਾਂ ਦੀਆਂ ਤਨਖਾਹਾਂ ਵਿੱਚ 20 ਫੀਸਦੀ ਵਾਧੇ ਅਤੇ ਜੂਨੀਅਰ ਟੈਕਨੀਸ਼ੀਅਨ ਦੀ ਤਨਖਾਹ ਨੂੰ ਲਿਫ਼ਟ ਅਪਰੇਟਰ, ਇਲੈਕਟ੍ਰੀਸ਼ੀਅਨ ਦੀ ਤਨਖਾਹ ਦੇ ਬਰਾਬਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਕੋਆਰਡੀਨੇਸ਼ਨ ਕਮੇਟੀ ਆਫ਼ ਗੌਰਮਿੰਟ ਐਂਡ ਐੱਮਸੀ ਐਂਪਲਾਈਜ਼ ਤੇ ਵਰਕਰਜ਼ ਯੂਟੀ ਚੰਡੀਗੜ੍ਹ ਦੇ ਸੱਦੇ ’ਤੇ ਸੈਕਟਰ 16 ਸਥਿਤ ਮੈਂਟੀਨੈਂਸ ਬੂਥ ਤੋਂ ਲੈ ਕੇ ਡੀਸੀ ਦਫ਼ਤਰ ਵੱਲ ਪੈਦਲ ਰੋਸ ਮਾਰਚ ਕੱਢਿਆ ਗਿਆ। ਪੁਲੀਸ ਨੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੂੰ ਰਾਹ ਵਿੱਚ ਹੀ ਰੋਕ ਦਿੱਤਾ ਅਤੇ ਵਫ਼ਦ ਦੀ ਮੁਲਾਕਾਤ ਏਡੀਸੀ ਅਮਿਤ ਕੁਮਾਰ ਨਾਲ ਕਰਵਾਈ ਗਈ ਜਿਸ ਉਪਰੰਤ ਭਰੋਸਾ ਮਿਲਣ ’ਤੇ ਰੋਸ ਪ੍ਰਦਰਸ਼ਨ ਸਮਾਪਤ ਕੀਤਾ ਗਿਆ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਸਤਿੰਦਰ ਸਿੰਘ, ਰਾਕੇਸ਼ ਕੁਮਾਰ, ਸੀਵਰੇਜ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਸੁਰੇਸ਼ ਕੁਮਾਰ, ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸ਼ਾਮ ਲਾਲ ਘਾਵਰੀ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਉਨ੍ਹਾਂ ਦੀ ਮੰਗ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਕੌਂਸਲ ਵੱਲੋਂ ਫਾਰਗ ਆਊਟਸੋਰਸ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ
ਨੰਗਲ (ਨਿੱਜੀ ਪੱਤਰ ਪ੍ਰੇਰਕ): ਨਗਰ ਕੌਂਸਲ ਨੰਗਲ ਵਿੱਚ ਆਊਟਸੋਰਸ ਰਾਹੀਂ ਕੰਮ ਕਰਨ ਵਾਲੇ ਲਗਪਗ 200 ਮੁਲਾਜ਼ਮਾਂ ਨੂੰ ਬੀਤੀ ਸ਼ਾਮ ਇਕ ਫਰਮਾਨ ਜਾਰੀ ਕਰਕੇ ਕੰਮ ਤੋਂ ਫਾਰਗ ਕਰ ਦਿੱਤਾ ਗਿਆ। ਇਸ ਦੇ ਰੋਸ ਵਜੋਂ ਅੱਜ ਇਨ੍ਹਾਂ ਸਾਰੇ ਮੁਲਾਜ਼ਮਾਂ ਨੇ ਮਿਉਂਸਿਪਲ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਲਲਿਤ ਮੋਹਨ ਦੀ ਅਗਵਾਈ ਵਿੱਚ ਕੌਂਸਲ ਦਫਤਰ ਅੱਗੇ ਧਰਨਾ ਦਿੱਤਾ। ਇਨ੍ਹਾਂ ਸਾਰੇ ਮੁਲਾਜ਼ਮਾਂ ਨੇ ‘ਆਪ’ ਆਗੂ ਡਾ. ਸੰਜੀਵ ਗੌਤਮ ਰਾਹੀਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮੰਗ ਪੱਤਰ ਭੇਜਿਆ। ਡਾ. ਸੰਜੀਵ ਗੌਤਮ ਨੇ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਮੰਗ ਨੂੰ ਪੰਜਾਬ ਸਰਕਾਰ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਗੁਲਜ਼ਾਰ ਖਾਨ, ਜਤਿੰਦਰ ਕੁਮਾਰ, ਸੰਦੀਪ ਕੁਮਾਰ ਰਾਣਾ, ਸੁਦਰਸ਼ਨ ਕੁਮਾਰ, ਪਰਮਜੀਤ, ਵਿਪਨ, ਅਜੇ ਬਾਟੀ ਅਤੇ ਅਸ਼ੀਸ਼ ਸ਼ਰਮਾ ਮੌਜੂਦ ਸਨ।