ਸੀਵਰੇਜ ਕਰਮਚਾਰੀ ਯੂਨੀਅਨ ਦੇ ਸੱਦੇ ’ਤੇ ਅੱਜ ਸੀਵਰੇਜ ਵਿਭਾਗ ਦੇ ਕਰਮਚਾਰੀਆਂ ਨੇ ਵਾਟਰ ਵਰਕਸ ਸੈਕਟਰ 37 ਵਿਚ ਆਪਣੀਆਂ ਤਨਖਾਹਾਂ ਨਾ ਮਿਲਣ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਵੀ ਕੀਤੀ। ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਸੀਵਰੇਜ ਕਰਮਚਾਰੀ ਯੂਨੀਅਨ ਅਤੇ ਤਾਲਮੇਲ ਕਮੇਟੀ ਦੇ ਮੁਖੀ ਸੁਰੇਸ਼ ਕੁਮਾਰ ਨੇ ਕਿਹਾ ਕਿ ਨਗਰ ਨਿਗਮ ਨੂੰ ਬਜਟ ਮਿਲਣ ਦੇ ਬਾਵਜੂਦ, ਕਰਮਚਾਰੀਆਂ ਨੂੰ ਦੋ ਤੋਂ ਤਿੰਨ ਮਹੀਨਿਆਂ ਤੋਂ ਤਨਖਾਹ ਨਾ ਮਿਲਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ 10 ਜੁਲਾਈ ਨੂੰ ਤਾਲਮੇਲ ਕਮੇਟੀ ਦੇ ਪ੍ਰਤੀਨਿਧੀਆਂ ਨਾਲ ਹੋਈ ਮੀਟਿੰਗ ਵਿੱਚ ਕਮਿਸ਼ਨਰ ਨੇ ਸਾਰੇ ਅਧਿਕਾਰੀਆਂ ਨੂੰ ਕਰਮਚਾਰੀਆਂ ਦੀ ਬਕਾਇਆ ਤਨਖਾਹ ਜਲਦੀ ਦੇਣ ਦੇ ਨਿਰਦੇਸ਼ ਦਿੱਤੇ ਸਨ, ਪਰ ਕਰਮਚਾਰੀਆਂ ਨੂੰ ਅਜੇ ਤੱਕ ਵੀ ਤਨਖਾਹ ਨਹੀਂ ਮਿਲੀ ਹੈ।
ਉਨ੍ਹਾਂ ਮੰਗ ਕੀਤੀ ਕਿ ਕਰਮਚਾਰੀਆਂ ਦੀ ਤਨਖਾਹ ਤੁਰੰਤ ਜਾਰੀ ਕੀਤੀ ਜਾਵੇ ਅਤੇ ਤੇਲ, ਸਾਬਣ ਅਤੇ ਵਰਦੀ ਦੀ ਅਦਾਇਗੀ ਵੀ ਜਲਦੀ ਕੀਤੀ ਜਾਵੇ।
ਉਨ੍ਹਾਂ ਮੰਗ ਕੀਤੀ ਕਿ ਸੋਧੇ ਹੋਏ ਡੀ.ਸੀ. ਰੇਟ ਤੁਰੰਤ ਜਾਰੀ ਕੀਤੇ ਜਾਣ। ਡੀ.ਸੀ. ਰੇਟ ਵਧਾਉਣ ਵਿੱਚ ਦੇਰੀ ਨਾਲ ਕਰਮਚਾਰੀਆਂ ਵਿੱਚ ਚਿੰਤਾ ਵਧਾ ਰਹੀ ਹੈ। ਲੀਡਰਸ਼ਿਪ ਨੇ ਐਲਾਨ ਕੀਤਾ ਕਿ ਜੇਕਰ ਡੀਸੀ ਰੇਟ ਜਲਦੀ ਜਾਰੀ ਨਹੀਂ ਕੀਤੇ ਗਏ ਤਾਂ 6 ਅਗਸਤ ਨੂੰ ਡੀਸੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।