ਪੱਤਰ ਪ੍ਰੇਰਕ
ਚੰਡੀਗੜ੍ਹ, 30 ਦਸੰਬਰ
ਯੂਟੀ ਦੇ ਵੱਖ-ਵੱਖ ਅਦਾਰਿਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਕੋਆਰਡੀਨੇਸ਼ਨ ਕਮੇਟੀ ਗੌਰਮਿੰਟ ਐਂਡ ਐੱਮਸੀ ਐਂਪਲਾਈਜ਼ ਅਤੇ ਵਰਕਰਜ਼ ਯੂਟੀ ਚੰਡੀਗੜ੍ਹ ਦੇ ਬੈਨਰ ਹੇਠ ਸੈਕਟਰ 17 ਵਿੱਚ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ।
ਮੁਲਾਜ਼ਮਾਂ ਨੇ ਤਨਖਾਹਾਂ ਦੇ ਡੀਸੀ ਰੇਟਾਂ ਵਿੱਚ ਵਾਧਾ ਕਰਨ ਦੀ ਮੰਗ ਸਮੇਤ ਕਈ ਮੰਗਾਂ ਰੱਖੀਆਂ। ਇਸ ਮੌਕੇ ਪ੍ਰਧਾਨ ਸਤਿੰਦਰ ਸਿੰਘ, ਜਨਰਲ ਸਕੱਤਰ ਰਾਕੇਸ਼ ਕੁਮਾਰ, ਸੀਨੀਅਰ ਵਾਈਸ ਪ੍ਰਧਾਨ ਸੁਰੇਸ਼ ਕੁਮਾਰ ਅਤੇ ਚੇਅਰਮੈਨ ਅਨਿਲ ਕੁਮਾਰ ਨੇ ਕਿਹਾ ਕਿ ਮੁਲਾਜ਼ਮ ਆਪਣੀਆਂ ਮੰਗਾਂ ਲਾਗੂ ਕਰਵਾਉਣ ਲਈ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪਰ ਅਧਿਕਾਰੀ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹਨ। ਕੋਆਰਡੀਨੇਸ਼ਨ ਕਮੇਟੀ ਵੱਲੋਂ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੂੰ ਵੀ ਵਾਰ-ਵਾਰ ਅਪੀਲ ਕੀਤੀ ਜਾ ਰਹੀ ਹੈ ਪਰ ਉੱਧਰੋਂ ਵੀ ਕੋਈ ਸੁਣਵਾਈ ਨਹੀਂ ਹੋਈ।
ਉਨ੍ਹਾਂ ਮੰਗ ਕੀਤੀ ਕਿ ਪਬਲਿਕ ਅਦਾਰਿਆਂ ਦਾ ਨਿੱਜੀਕਰਨ ਤੁਰੰਤ ਬੰਦ ਕੀਤਾ ਜਾਵੇ, ਡੀ.ਸੀ. ਰੇਟਾਂ ਵਿੱਚ ਵਾਧਾ ਕੀਤਾ ਜਾਵੇ, ਬਰਾਬਰ ਕੰਮ ਬਰਾਬਰ ਤਨਖ਼ਾਹ ਦਾ ਫਾਰਮੂਲਾ ਲਾਗੂ ਕੀਤਾ ਜਾਵੇ, ਮ੍ਰਿਤਕਾਂ ਦੇ ਵਾਰਿਸਾਂ ਨੂੰ ਨੌਕਰੀਆਂ ਅਤੇ ਪਿੰਡਾਂ ਵਿੱਚੋਂ ਕਾਰਪੋਰੇਸ਼ਨ ਅਧੀਨ ਆਏ ਸਫ਼ਾਈ ਕਰਮਚਾਰੀਆਂ ਨੂੰ ਬੇਸਿਕ ਤਨਖਾਹ ਅਤੇ ਡੀਏ ਦਿੱਤਾ ਜਾਵੇ। ਮੁਲਾਜ਼ਮ ਆਗੂਆਂ ਨੇ ਕਿਹਾ ਜੇਕਰ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 8 ਜਨਵਰੀ ਨੂੰ ਮੁਲਾਜ਼ਮ ਕਨਵੈਨਸ਼ਨ ਕਰ ਕੇ ਅਗਲਾ ਸੰਘਰਸ਼ ਉਲੀਕਿਆ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਯੂਟੀ ਪ੍ਰਸ਼ਾਸਨ ਦੀ ਹੋਵੇਗੀ।