ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਅਪਰੈਲ
ਇੱਥੋਂ ਦੇ ਜੀਜੀਡੀ ਐੱਸਡੀ ਕਾਲਜ, ਸੈਕਟਰ-32 ਵਿੱਚ ਅੱਜ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਹਾਜ਼ਰੀ ਭਰੀ। ਇਸ ਮੌਕੇ 2017-18 ਅਤੇ 2018-19 ਬੈਚ ਦੇ 2300 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ। ਇਸ ਦੌਰਾਨ ਚੰਡੀਗੜ੍ਹ ਪੁਲੀਸ ਦੇ ਪਾਈਪ ਬੈਂਡ ਵੱਲੋਂ ਪੇਸ਼ਕਾਰੀ ਵੀ ਦਿੱਤੀ ਗਈ।
ਰਾਜਪਾਲ ਸ੍ਰੀ ਪੁਰੋਹਿਤ ਨੇ ਕਾਲਜ ਨੂੰ ਮਾਣਮੱਤੀਆਂ ਪ੍ਰਾਪਤ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨਵੀਂ ਸਿੱਖਿਆ ਨੀਤੀ-2020 ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਵਿਦਿਆਰਥੀਆਂ ਨੂੰ ਇਸ ਨੀਤੀ ਅਨੁਸਾਰ ਹੀ ਯੋਗ ਬਣਾਉਣ ਦਾ ਸੁਨੇਹਾ ਦਿੱਤਾ। ਕਾਲਜ ਦੀ ਸੁਸਾਇਟੀ ਦੇ ਪ੍ਰਧਾਨ ਉਪਕਾਰ ਕ੍ਰਿਸ਼ਨ ਸ਼ਰਮਾ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ।
ਕਾਲਜ ਦੇ ਪ੍ਰਿੰਸੀਪਲ ਡਾ. ਅਜੈ ਸ਼ਰਮਾ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹੀ। ਉਨ੍ਹਾਂ ਕਾਲਜ ਦੀਆਂ ਅਕਾਦਮਿਕ, ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਸਮਾਜ ਸੇਵਾ ਆਦਿ ਦੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਨ ਅਤੇ ਅਨੁਸ਼ਾਸਨ ਬਰਕਰਾਰ ਰੱਖਣ ’ਤੇ ਜ਼ੋਰ ਦਿੱਤਾ।