ਅਸਟੇਟ ਵਿਭਾਗ ਵੱਲੋਂ 11 ਦਿਨਾਂ ਵਿੱਚ 988 ਕੇਸਾਂ ਦਾ ਨਿਬੇੜਾ
ਚੰਡੀਗੜ੍ਹ ਵਿੱਚ ਬਿਲਡਿੰਗ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਇਕ ਬਜ਼ੁਰਗ ਦੀ ਮੌਤ ਤੋਂ ਬਾਅਦ ਯੂਟੀ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਪ੍ਰਸ਼ਾਸਨ ਵੱਲੋਂ ਬਿਲਡਿੰਗ ਨਿਯਮਾਂ ਦੀ ਉਲੰਘਣਾ ਕਰਨ ਦੇ ਬਕਾਇਆ ਮਾਮਲਿਆਂ ਦਾ ਤੇਜ਼ੀ ਨਾਲ ਨਿਬੇੜਾ ਕੀਤਾ ਜਾ...
ਚੰਡੀਗੜ੍ਹ ਵਿੱਚ ਬਿਲਡਿੰਗ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਇਕ ਬਜ਼ੁਰਗ ਦੀ ਮੌਤ ਤੋਂ ਬਾਅਦ ਯੂਟੀ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਪ੍ਰਸ਼ਾਸਨ ਵੱਲੋਂ ਬਿਲਡਿੰਗ ਨਿਯਮਾਂ ਦੀ ਉਲੰਘਣਾ ਕਰਨ ਦੇ ਬਕਾਇਆ ਮਾਮਲਿਆਂ ਦਾ ਤੇਜ਼ੀ ਨਾਲ ਨਿਬੇੜਾ ਕੀਤਾ ਜਾ ਰਿਹਾ ਹੈ। ਅਸਟੇਟ ਵਿਭਾਗ ਨੇ 11 ਦਿਨਾਂ ਵਿੱਚ ਬਿਲਡਿੰਗ ਨਿਯਮਾਂ ਦੀ ਉਲੰਘਣਾ ਨਾਲ ਸਬੰਧਤ 988 ਮਾਮਲਿਆਂ ਦਾ ਨਿਬੇੜਾ ਕੀਤਾ ਹੈ।
ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਕਿਹਾ ਕਿ 988 ਮਾਮਲਿਆਂ ਵਿੱਚੋਂ 722 ਮਾਮਲਿਆਂ ਬਿਲਡਿੰਗ ਨਿਯਮਾਂ ਦੀ ਉਲੰਘਣਾ ਦੇ ਸਨ। ਇਨ੍ਹਾਂ ਵੱਲੋਂ ਘਰਾਂ ਵਿੱਚ ਗੈਰ ਕਾਨੂੰਨੀ ਢੰਗ ਨਾਲ ਉਸਾਰੀਆਂ ਕੀਤੀਆਂ ਹੋਈਆਂ ਸਨ। ਇਸੇ ਤਰ੍ਹਾਂ 60 ਮਾਮਲੇ ਜ਼ਮੀਨੀ ਕਰਾਏ ਦੇ ਭੁਗਤਾਨ ਅਤੇ 196 ਹੋਰ ਮਾਮਲੇ ਸਨ। ਉਨ੍ਹਾਂ ਕਿਹਾ ਕਿ ਅਸਟੇਟ ਵਿਭਾਗ ਕੋਲ ਮੌਜੂਦਾ ਸਮੇਂ ਕੁੱਲ 4289 ਮਾਮਲੇ ਬਕਾਇਆ ਪਏ ਹਨ। ਇਨ੍ਹਾਂ ਵਿੱਚੋਂ ਦੋ ਹਜ਼ਾਰ ਮਾਮਲਿਆਂ ਦਾ ਨਿਬੇੜਾ ਦਸੰਬਰ ਮਹੀਨੇ ਵਿੱਚ ਕਰਨ ਦਾ ਟੀਚਾ ਮਿਥਿਆ ਹੈ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਅਸਟੇਟ ਵਿਭਾਗ ਵਿੱਚ 4 ਨਵੰਬਰ ਨੂੰ ਬਿਲਡਿੰਗ ਨਿਯਮਾਂ ਦੀ ਉਲੰਘਣਾ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਦੌਰਾਨ 78 ਸਾਲਾ ਚਰਨਜੀਤ ਸਿੰਘ ਦੀ ਮੌਤ ਹੋ ਗਈ ਸੀ। ਇਸ ਬਾਰੇ ਜਾਣਕਾਰੀ ਮਿਲਦਿਆਂ ਦੀ ਯੂਟੀ ਦੇ ਮੁੱਖ ਸਕੱਤਰ ਗੁਲਾਬ ਚੰਦ ਕਟਾਰੀਆ ਨੇ ਸਾਰੇ ਅਧਿਕਾਰੀਆਂ ਨੂੰ ਉਕਤ ਮਾਮਲਿਆਂ ਦਾ ਸਮੇਂ ਸਿਰ ਨਿਬੇੜਾ ਕਰਨ ਦੇ ਨਿਰਦੇਸ਼ ਦਿੱਤੇ ਸਨ।

