ਮਿਹਰ ਸਿੰਘ
ਕੁਰਾਲੀ, 5 ਅਪਰੈਲ
ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਐਲਾਨ ਕੀਤਾ ਕਿ ‘ਆਪ’ ਸਰਕਾਰ ਕਿਸਾਨਾਂ ਨੂੰ ਮੰਡੀਆਂ ’ਚ ਰੁਲਣ ਨਹੀਂ ਦੇਵੇਗੀ ਸਗੋਂ ਪੂਰੇ ਮਾਣ-ਸਨਮਾਨ ਨਾਲ ਕਣਕ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਅੱਜ ਕੁਰਾਲੀ ਨੇੜਲੇ ਇਤਿਹਾਸਕ ਪਿੰਡ ਖਿਜ਼ਰਾਬਾਦ ਵਿੱਚ ਕਣਕ ਦੀ ਖਰੀਦ ਸ਼ੁਰੂ ਕਰਵਾਉਂਦਿਆਂ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਭਰ ਵਿੱਚ ਕਣਕ ਦੀ ਫਸਲ ਖਰੀਦਣ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ 1862 ਮੰਡੀਆਂ ਪੱਕੇ ਤੌਰ ’ਤੇ ਚੱਲ ਰਹੀਆਂ ਹਨ ਜਦਕਿ ਕੋਵਿਡ-19 ਦੇ ਮੱਦੇਨਜ਼ਰ ਸਥਾਪਿਤ ਕੀਤੀਆਂ 450 ਹੋਰ ਮੰਡੀਆਂ ਇਸ ਸੀਜ਼ਨ ਦੌਰਾਨ ਵੀ ਚਾਲੂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਅਤੇ ਕਿਸਾਨਾਂ ਨੂੰ ਅਦਾਇਗੀ ਕਰਨ ਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸਰਕਾਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਪ੍ਰੇਸ਼ਾਨੀ ਨਾ ਝੱਲਣੀ ਪਏ। ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਬਹੁਤ ਸਾਰੀਆਂ ਘਾਟਾਂ ਉਨ੍ਹਾਂ ਦੀ ਸਰਕਾਰ ਨੂੰ ਵਿਰਾਸਤ ਵਿੱਚ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਮੰਡੀਆਂ ਵਿੱਚ ਸੁਧਾਰ ਲਿਆਉਣ ਲਈ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਾਫ਼ ਸੁਥਰੀ ਫਸਲ ਹੀ ਮੰਡੀ ਵਿੱਚ ਲਿਆਉਣ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਕਣਕ ਦੀ ਫਸਲ ਲੈ ਕੇ ਆਏ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਸਮੱਸਿਆਵਾਂ ਵੀ ਜਾਣੀਆਂ। ਉਨ੍ਹਾਂ ਪਹਿਲੀ ਢੇਰੀ ਲੈ ਕੇ ਆਉਣ ਵਾਲੇ ਕਿਸਾਨ ਰਾਜਵੀਰ ਸਿੰਘ ਨੂੰ ਵਧਾਈ ਵੀ ਦਿੱਤੀ। ਹਲਕਾ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹੋਰਨਾਂ ਐੱਮਐੱਸਪੀ ਤੋਂ ਸੱਖਣੇ ਸੂਬਿਆਂ ਵਿੱਚੋਂ ਕਣਕ ਦੀ ਫਸਲ ਨਾ ਆਵੇ ਇਸ ਮਨੋਰਥ ਲਈ ਵੀ ਰਾਜ ਦੀਆਂ ਸਰਹੱਦਾਂ ਸੀਲ ਕੀਤੀਆਂ ਗਈਆਂ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ, ਐੱਸਡੀਐੱਮ ਖਰੜ ਦਲਵਿੰਦਰ ਸਿੰਘ ਬੈਨਪੀਪਾਲ, ਸਰਪੰਚ ਗੁਰਿੰਦਰ ਸਿੰਘ ਖਿਜ਼ਰਾਬਾਦ, ਗੁਰਪ੍ਰੀਤ ਸਿੰਘ ਕਾਦੀਮਾਜਰਾ, ਜਗਜੀਤ ਸਿੰਘ, ਮੇਵਾ ਸਿੰਘ, ਭਾਗ ਸਿੰਘ ਫਾਟਵਾਂ, ਮਾਰਕੀਟ ਕਮੇਟੀ ਦੇ ਚੇਅਰਮੈਨ ਕ੍ਰਿਪਾਲ ਸਿੰਘ ਅਤੇ ਹੋਰ ਅਧਿਕਾਰੀ ਤੇ ਪਤਵੰਤੇ ਵੀ ਹਾਜ਼ਰ ਸਨ।