ਸ਼ਿਕਾਰੀਆਂ ਵੱਲੋਂ ਚਲਾਈ ਗੋਲੀ ਕਾਰਨ ਕਿਸਾਨ ਜ਼ਖ਼ਮੀ

ਸ਼ਿਕਾਰੀਆਂ ਵੱਲੋਂ ਚਲਾਈ ਗੋਲੀ ਕਾਰਨ ਕਿਸਾਨ ਜ਼ਖ਼ਮੀ

ਜ਼ਖ਼ਮੀ ਕਿਸਾਨ ਜ਼ੇਰੇ ਇਲਾਜ।

ਮਿਹਰ ਸਿੰਘ

ਕੁਰਾਲੀ, 28 ਜਨਵਰੀ

ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਮਾਜਰੀ ਕਲੋਨੀ ਵਿੱਚ ਰਾਤ ਸਮੇਂ ਜੰਗਲੀ ਜਾਨਵਰਾਂ ਤੋਂ ਫਸਲਾਂ ਦੀ ਰਾਖੀ ਕਰ ਰਹੇ ਕਿਸਾਨ ’ਤੇ ਕੁਝ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਛਾਤੀ ਵਿੱਚ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋਏ ਕਿਸਾਨ ਨੂੰ ਪੀਜੀਆਈ ਚੰਡੀਗੜ੍ਹ ਦਾਖ਼ਲ ਕਰਵਾਇਆ ਗਿਆ ਹੈ। ਪੁਲੀਸ ਨੇ ਇਸ ਸਬੰਧੀ ਚਾਰ ਜਣਿਆਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ।

ਇਸ ਸਬੰਧੀ ਮਾਜਰੀ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਮਾਜਰੀ ਕਲੋਨੀ ਵਾਸੀ ਸੋਮਾ ਪੁੱਤਰ ਬੀਰੂ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਖੇਤਾਂ ’ਚ ਕਣਕ ਦੀ ਫਸਲ ਦੀ ਰਾਖੀ ਕਰ ਰਿਹਾ ਸੀ। ਉਹ ਖੇਤਾਂ ਵੱਲ ਜਾ ਹੀ ਰਿਹਾ ਸੀ ਕਿ ਪਿੰਡ ਦੇ ਚਾਰ ਵਿਅਕਤੀ ਉਸ ਨੂੰ ਮਿਲੇ ਜਿਨ੍ਹਾਂ ਕੋਲ ਰਾਈਫਲ ਵੀ ਸੀ। ਪੁੱਛਣ ’ਤੇ ਉਨ੍ਹਾਂ ਚਾਰਾਂ ਨੇ ਦੱਸਿਆ ਕਿ ਉਹ ਜੰਗਲ ਵਿੱਚ ਸ਼ਿਕਾਰ ਖੇਡਣ ਜਾ ਰਹੇ ਹਨ। ਸੋਮਾ ਨੇ ਦੱਸਿਆ ਕਿ ਇਸ ਉਪਰੰਤ ਖੇਤਾਂ ਵਿੱਚ ਫਸਲਾਂ ਦੀ ਰਾਖੀ ਲਈ ਬਣਾਈ ਗਈ ਆਪਣੀ ਛੋਟੀ ਜਿਹੀ ਛੰਨ ਵਿੱਚ ਜਾ ਕੇ ਲੇਟ ਗਿਆ ਤੇ ਕੁਝ ਦੇਰ ਬਾਅਦ ਹੀ ਇੱਕ ਫਾਇਰ ਉਸ ਦੀ ਛਾਤੀ ’ਤੇ ਵੱਜਿਆ। ਰੌਲਾ ਪਾਉਣ ’ਤੇ ਸ਼ਿਕਾਰੀ ਭੱਜ ਗਏ ਅਤੇ ਲੋਕਾਂ ਨੇ ਉਸ ਨੂੰ ਪੀਜੀਆਈ ਦਾਖਲ ਕਰਵਾਇਆ। ਇਸ ਸਬੰਧੀ ਥਾਣਾ ਮਾਜਰੀ ਦੇ ਏਐੱਸਆਈ ਕੇਸਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਮਨਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।

ਹਥਿਆਰ ਜਮ੍ਹਾਂ ਨਾ ਕਰਵਾਉਣ ’ਤੇ ਸਵਾਲ ਉਠੇ

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸਾਰਿਆਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ। ਇਸ ਦੇ ਬਾਵਜੂਦ ਸ਼ਿਕਾਰ ਕਰਨ ਦੇ ਸ਼ੌਕੀਨਾਂ ਵੱਲੋਂ ਹਥਿਆਰ ਜਮ੍ਹਾਂ ਨਹੀਂ ਕਰਵਾਏ ਗਏ ਅਤੇ ਸ਼ਿਕਾਰ ਖੇਡ ਕੇ ਪ੍ਰਸ਼ਾਸ਼ਨ ਅਤੇ ਸਰਕਾਰ ਦੀਆਂ ਹਦਾਇਤਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਜੰਗਲੀ ਜੀਵਾਂ ਦਾ ਸ਼ਿਕਾਰ ਅਪਰਾਧ ਹੈ। ਪੀੜਤ ਪਰਿਵਾਰ ਨੇ ਇਸ ਮਾਮਲੇ ਦੀ ਜਾਂਚ ਦੀ ਅਪੀਲ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All