ਪੱਤਰ ਪ੍ਰੇਰਕ
ਲਾਲੜੂ, 22 ਨਵੰਬਰ
ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਪਿੰਡ ਦੱਪਰ ਵਿੱਚ ਕਿਸਾਨ-ਮਜ਼ਦੂਰ ਸੰਮੇਲਨ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਇਲਾਕਾ ਵਾਸੀਆਂ ਨੇ ਸ਼ਿਰਕਤ ਕੀਤੀ। ਸਮਾਗਮ ਦੇ ਮੁੱਖ ਪ੍ਰਬੰਧਕ ਤੇ ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਐਡਵੋਕੇਟ ਜਸਪਾਲ ਸਿੰਘ ਦੱਪਰ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਹੁਕਮ ਅਨੁਸਾਰ ਕਿਸਾਨਾਂ ਦੀਆਂ ਮੰਗਾਂ ਅਤੇ ਇਲਾਕੇ ਦੇ ਲੋਕਾਂ ਨੂੰ ਅੰਦੋਲਨ ਵਿੱਚ ਸ਼ਾਮਲ ਕਰਵਾਉਣ ਨੂੰ ਮੁੱਖ ਰੱਖ ਕੇ ਇਹ ਸੰਮੇਲਨ ਕਰਵਾਇਆ ਗਿਆ ਹੈ। ਸੀਨੀਅਰ ਕਿਸਾਨ ਆਗੂ ਬਲਦੇਵ ਸਿੰਘ ਨਿਹਾਲ ਸਿੰਘ ਵਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਤਿੰਨੋਂ ਕਾਨੂੰਨ ਵਾਪਸ ਲੈਣ ਦਾ ਐਲਾਨ ਸ਼ਾਂਤੀਪੁੂਰਨ ਘੋਲ ਦਾ ਨਤੀਜਾ ਹੈ। ਆਲ ਇੰਡੀਆ ਕਿਸਾਨ ਸਭਾ ਦੇ ਕੌਮੀ ਪ੍ਰਧਾਨ ਭੁਪਿੰਦਰ ਸਿੰਘ ਸਾਂਭਰ ਨੇ ਕਿਹਾ ਕਿ ਦੇਸ਼ ਦੇ ਕਿਰਤੀ ਵਰਗ ਨੂੰ ਆਪਣੀ ਮੰਗਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ। ਇਸ ਮੌਕੇ ਮਾਸਟਰ ਕਰਮ ਚੰਦ, ਬਿਜਲੀ ਮੁਲਾਜ਼ਮ ਆਗੂ ਜਗਦੀਸ਼ ਸਰਮਾ, ਕਿਸਾਨ ਆਗੂ ਜਸਵੰਤ ਸਿੰਘ ਕੁਰਲੀ ਤੇ ਕਰਮ ਸਿੰਘ ਬਰੌਲੀ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।