ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 25 ਅਗਸਤ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਅਤੇ ਹੋਰ ਜਥੇਬੰਦੀਆਂ ਵੱਲੋਂ ਕਿਸਾਨ ਆਗੂ ਪਰਮਿੰਦਰ ਸਿੰਘ ਚਲਾਕੀ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-6 ਸਥਿਤ ਵੇਰਵਾ ਮਿਲਕ ਪਲਾਂਟ ਦੇ ਬਾਹਰ ਅਣਮਿਥੇ ਸਮੇਂ ਲਈ ਸ਼ੁਰੂ ਕੀਤਾ ਲੜੀਵਾਰ ਧਰਨਾ ਵੀਰਵਾਰ ਨੂੰ ਚੌਥੇ ਦਿਨ ਵੀ ਜਾਰੀ ਰਿਹਾ। ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਨ, ਕਿਰਪਾਲ ਸਿੰਘ ਸਿਆਊ ਅਤੇ ਲਖਵਿੰਦਰ ਸਿੰਘ ਕਰਾਲਾ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਅਤੇ ਦੁੱਧ ਉਤਪਾਦਕਾਂ ਦੀਆਂ ਜਾਇਜ਼ ਮੰਗਾਂ ਤੁਰੰਤ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਬੀਤੇ ਦਿਨ ਸ਼ਾਮ ਨੂੰ ਕਿਸਾਨਾਂ ਅਤੇ ਦੁੱਧ ਉਤਪਾਦਕਾਂ ਨੇ ਵੇਰਕਾ ਮਿਲਕ ਪਲਾਂਟ ਦਾ ਮੁੱਖ ਗੇਟ ਬੰਦ ਕਰਕੇ ਦੁੱਧ ਦੀ ਸਪਲਾਈ ਰੋਕਣ ਲਈ ਗੁਪਤ ਐਕਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਸੀ ਪਰ ਵੇਰਕਾ ਮਿਲਕ ਪਲਾਂਟ ਦੇ ਜਨਰਲ ਮੈਨੇਜਰ ਨੇ ਲਿਖਤੀ ਰੂਪ ਵਿੱਚ ਭਲਕੇ 26 ਅਗਸਤ ਨੂੰ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ। ਇਸ ਕਾਰਨ ਗੁਪਤ ਐਕਸ਼ਨ ਮੁਲਤਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸ਼ੁੱਕਰਵਾਰ ਨੂੰ ਮੀਟਿੰਗ ਵਿੱਚ ਕੋਈ ਮਸਲਾ ਹੱਲ ਨਾ ਹੋਇਆ ਤਾਂ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ ਅਤੇ ਇਸ ਸਬੰਧੀ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਕਰਕੇ ਸੰਘਰਸ਼ ਦਾ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।