ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 24 ਜੁਲਾਈ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਪੰਜਾਬ ਦੇ ਪਾਣੀਆਂ ਦੇ ਮੁੱਦੇ ’ਤੇ ਪੰਜ ਅਗਸਤ ਨੂੰ ਗੁਰਦੁਆਰਾ ਅੰਬ ਸਾਹਿਬ ਫੇਜ਼-8 ਦੇ ਪੁੱਡਾ ਗਰਾਉਂਡ ਵਿੱਚ ਵਿਸ਼ਾਲ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਅੱਜ ਇੱਥੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ।
ਮੀਟਿੰਗ ਵਿੱਚ ਕਿਸਾਨ ਜਥੇਬੰਦੀ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਕਰਾਲਾ, ਮੀਤ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ, ਅਵਤਾਰ ਸਿੰਘ, ਜਸਵਿੰਦਰ ਸਿੰਘ, ਧਰਮ ਸਿੰਘ, ਜਥੇਦਾਰ ਬਲਜਿੰਦਰ ਸਿੰਘ ਬਲਾਕ ਪ੍ਰਧਾਨ ਮੁਹਾਲੀ, ਹਰਦੀਪ ਸਿੰਘ, ਜਥੇਦਾਰ ਬਲਬੀਰ ਸਿੰਘ ਪ੍ਰਧਾਨ ਸਰਕਲ ਸੋਹਾਣਾ ਅਤੇ ਗੁਰਦੀਪ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲਾ ਪਾਣੀ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ ਜਦੋਂਕਿ ਸੂਬੇ ਦੀਆਂ ਨਹਿਰਾਂ ਦਾ ਪਾਦੀ ਪ੍ਰਦੂਸ਼ਿਤ ਹੋ ਰਿਹਾ ਹੈ, ਜੋ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ। ਕਿਸਾਨਾਂ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਜਥੇਬੰਦੀ 31 ਜੁਲਾਈ ਤੱਕ ਬੂਟੇ ਲਾਉਣ ਦਾ ਟੀਚਾ ਹਰ ਹਾਲਤ ਵਿੱਚ ਪੂਰਾ ਕੀਤਾ ਜਾਵੇਗਾ।