ਪੱਤਰ ਪ੍ਰੇਰਕ
ਬਨੂੜ, 17 ਜੂਨ
ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਕਿਸਾਨਾਂ ਵੱਲੋਂ ਮੂੰਗੀ ਦੀ ਸਰਕਾਰੀ ਖਰੀਦ ਲਈ ਲਗਾਈਆਂ ਸ਼ਰਤਾਂ ਵਿਰੁੱਧ ਸਬ ਤਹਿਸੀਲ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਨਾਇਬ ਤਹਿਸੀਲਦਾਰ ਰਾਹੀਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ ਅਤੇ ਖਰੀਦ ਸ਼ਰਤਾਂ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਸੰਘਰਸ਼ ਦੀ ਚਿਤਾਵਨੀ ਦਿੱਤੀ। ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਮੀਤ ਪ੍ਰਧਾਨ ਲਖਵਿੰਦਰ ਸਿੰਘ ਕਰਾਲਾ, ਡਕੌਂਦਾ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਕਰਾਲਾ, ਚੜੂਨੀ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਨੰਬਰਦਾਰ ਸਤਨਾਮ ਸਿੰਘ ਸੱਤਾ ਖਲੌਰ, ਵਾਹਿਗੁਰੂ ਸਿੰਘ ਜਲਾਲਪੁਰ, ਪ੍ਰੇਮ ਸਿੰਘ ਫੌਜੀ ਬਨੂੜ ਨੇ ਕਿਹਾ ਕਿ ਇੱਕ ਕਿਸਾਨ ਕੋਲੋਂ ਸਿਰਫ਼ 25 ਕੁਇੰਟਲ ਮੂੰਗੀ ਦੀ ਖਰੀਦ ਕਰਨੀ, ਜ਼ਮੀਨ ਦੀਆਂ ਫਰਦਾਂ ਲੈਣੀਆਂ, ਮੂੰਗੀ ਵਾਲੇ ਖੇਤ ਵਿੱਚ ਪੀਆਰ 126 ਕਿਸਮ ਦੇ ਝੋਨੇ ਦੀ ਲਵਾਈ ਕਰਨੀ ਆਦਿ ਸ਼ਰਤਾਂ ਲਾਈਆਂ ਜਾ ਰਹੀਆਂ ਹਨ। ਉਨ੍ਹਾਂ ਮੱਕੀ ’ਤੇ ਵੀ ਐੱਮਐੱਸਪੀ ਦੇਣ ਦੀ ਮੰਗ ਕੀਤੀ।