ਪੱਤਰ ਪ੍ਰੇਰਕ
ਸ੍ਰੀ ਫ਼ਤਹਿਗੜ੍ਹ ਸਾਹਿਬ, 23 ਅਪਰੈਲ
ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਰੋਸ ਵਜੋਂ ਅੱਜ ਜਸਵੀਰ ਸਿੰਘ ਸਿੱਧੂਪੁਰ ਅਤੇ ਗੁਰਜਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਪੁਤਲੇ ਫੂਕੇ।
ਕਿਸਾਨ ਆਗੂ ਜਸਵੀਰ ਸਿੱਧੂਪੁਰ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਆਸ਼ੀਸ਼ ਮਿਸ਼ਰਾ ਟੈਨੀ ਦੀ ਜ਼ਮਾਨਤ ਅਰਜ਼ੀ ਰੱਦ ਕਰਨਾ ਸ਼ਲਾਘਾਯੋਗ ਹੈ, ਪਰ ਯੂਪੀ ਸਰਕਾਰ ਦੋਸ਼ੀਆਂ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਗੁਰਜਿੰਦਰ ਸਿੰਘ ਨੇ ਦੋਸ਼ ਲਾਇਆ ਕਿ ਲਖੀਮਪੁਰ ਖੀਰੀ ਦੀ ਘਟਨਾ ਇੱਕ ਸੋਚੀ-ਸਮਝੀ ਸਾਜਿਸ਼ ਸੀ, ਜਿਸ ਤਹਿਤ ਕਿਸਾਨਾਂ ਦਾ ਕਤਲ ਕੀਤਾ ਗਿਆ। ਇਸ ਮਾਮਲੇ ਵਿੱਚ ਅਸ਼ੀਸ਼ ਮਿਸ਼ਰਾ ਟੈਨੀ ਨੂੰ ਜ਼ਮਾਨਤ ਦੇ ਦਿੱਤੀ ਗਈ ਸੀ ਪਰ ਨਿਰਦੋਸ਼ ਕਿਸਾਨ ਜੋ ਬਿਨਾਂ ਕਿਸੇ ਜੁਰਮ ਦੇ ਜੇਲ੍ਹ ਵਿੱਚ ਬੰਦ ਹਨ, ਨਾ ਤਾਂ ਉਨ੍ਹਾਂ ਨੂੰ ਜ਼ਮਾਨਤ ਮਿਲ ਰਹੀ ਹੈ ਅਤੇ ਨਾ ਹੀ ਇਨਸਾਫ਼ ਦਿੱਤਾ ਜਾ ਰਿਹਾ ਹੈ।
ਡੇਰਾਬੱਸੀ (ਹਰਜੀਤ ਸਿੰਘ):ਸੰਯੁਕਤ ਕਿਸਾਨ ਮੋਰਚੇ ਵੱਲੋਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਕਤਲੇਆਮ ਦੇ ਗਵਾਹਾਂ ’ਤੇ ਕੀਤੇ ਜਾ ਰਹੇ ਹਮਲੇ ਅਤੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਰਵਈਏ ਦੇ ਰੋਸ ਵਜੋਂ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਬੱਸ ਸਟੈਂਡ ’ਤੇ ਇਕੱਤਰ ਹੋਏ ਵੱਡੀ ਗਿਣਤੀ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਪੁਤਲੇ ਸਾੜੇ।