ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਪੁਤਲੇ ਫੂਕੇ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਮੁਕਤ ਵਪਾਰ ਸਮਝੌਤੇ ਖ਼ਿਲਾਫ਼ ਅੱਜ ਕਿਸਾਨਾਂ ਨੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਪੁਤਲੇ ਫੂਕੇ। ਕਿਸਾਨਾਂ ਨੇ ਮੁਕਤ ਵਪਾਰ ਸਮਝੌਤਾ ਰੱਦ ਕਰਨ ਦੀ ਮੰਗ ’ਤੇ ਨਰਿੰਦਰ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਸਤਪਾਲ ਸਿੰਘ ਰਾਜੋਮਾਜਰਾ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਦਾਂ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਕਰਾਲਾ ਦੀ ਅਗਵਾਈ ਹੇਠ ਕਿਸਾਨ ਗੁੱਗਾਮਾੜੀ ਗਰਾਊਂਡ ਵਿੱਚ ਇਕੱਠੇ ਹੋਏ ਅਤੇ ਬੰਨੋ ਮਾਈ ਚੌਕ ’ਚ ਮੋਦੀ ਅਤੇ ਟਰੰਪ ਦੇ ਪੁਤਲੇ ਫੂਕੇ।
ਇਸ ਮੌਕੇ ਕਿਸਾਨ ਆਗੂਆਂ ਸਤਪਾਲ ਸਿੰਘ ਰਾਜੋਮਾਜਰਾ, ਜਗਜੀਤ ਸਿੰਘ ਕਰਾਲਾ, ਮੋਹਨ ਸਿੰਘ ਸੋਢੀ, ਗੁਰਪ੍ਰੀਤ ਸਿੰਘ ਸੇਖਨਮਾਜਰਾ ਤੇ ਬਲਵਿੰਦਰ ਸਿੰਘ ਬਾਕਰਪੁਰ ਨੇ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦੇ ਦਬਾਅ ਹੇਠ ਆ ਕੇ ਨਰਿੰਦਰ ਮੋਦੀ ਵੱਲੋਂ ਮੁਕਤ ਵਪਾਰ ਸਮਝੌਤਾ ਕੀਤਾ ਜਾ ਰਿਹਾ ਹੈ। ਇਸ ਨਾਲ ਖੇਤੀ ਸੈਕਟਰ ਨੂੰ ਭਾਰੀ ਸੱਟ ਵੱਜੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਡਾਨੀ ਦੇ ਕਾਰੋਬਾਰ ਨੂੰ ਸੁਰੱਖਿਅਤ ਰੱਖਣ ਲਈ ਟਰੰਪ ਅੱਗੇ ਗੋਡੇ ਟੇਕ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵੀ ਨਰਿੰਦਰ ਮੋਦੀ ਦੇ ਰਾਹ ਉੱਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਮਾਨ ਸਰਕਾਰ ਨੇ ਕਿਸਾਨਾਂ ਦੇ ਦਬਾਅ ਕਾਰਨ ਲੈਂਡ ਪੂਲਿੰਗ ਨੀਤੀ ਵਾਪਸ ਲੈ ਲਈ ਹੈ, ਪਰ ਜਦੋਂ ਤਕ ਕੈਬਨਿਟ ਵਿੱਚ ਇਹ ਫ਼ੈਸਲਾ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤਕ ਸੰਘਰਸ਼ ਜਾਰੀ ਰਹੇਗਾ।
ਉਨ੍ਹਾਂ ਐੱਸਕੇਐੱਮ ਦੀ 24 ਅਗਸਤ ਦੀ ਸਮਰਾਲਾ ਰੈਲੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਹਰੀ ਚੰਦ, ਹਰਦੀਪ ਸਿੰਘ, ਜਸਵੀਰ ਸਿੰਘ ਖਲੌਰ, ਤਰਲੋਚਨ ਸਿੰਘ, ਦਲੇਰ ਸਿੰਘ, ਸਲੀਮ ਭੱਟੋ, ਕਰਤਾਰ ਸਿੰਘ ਨੰਡਿਆਲੀ, ਪਿਆਰਾ ਸਿੰਘ ਪੰਛੀ, ਅਮਰ ਸਿੰਘ, ਗੁਰਬਚਨ ਸਿੰਘ, ਕਮਲਜੀਤ ਸਿੰਘ, ਹਰਦਿੱਤ ਸਿੰਘ, ਸਰਪੰਚ ਹਰਬੰਸ ਸਿੰਘ ਆਦਿ ਹਾਜ਼ਰ ਸਨ।