ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 13 ਜਨਵਰੀ
ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਦੇ ਸਾਂਝੇ ਉੱਦਮ ਤੋਂ ਬਾਅਦ ਹੋਂਦ ਵਿੱਚ ਆਏ ਸੰਯੁਕਤ ਸਮਾਜ ਮੋਰਚਾ ਵੱਲੋਂ ਭਾਰਤੀ ਕਿਸਾਨ ਯੂਨੀਅਨ (ਕਾਦੀਆ) ਦੇ ਕੌਮੀ ਬੁਲਾਰੇ ਅਤੇ ਨੌਜਵਾਨ ਆਗੂ ਰਵਨੀਤ ਸਿੰਘ ਬਰਾੜ ਨੂੰ ਮੁਹਾਲੀ ਤੋਂ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆਂ ਗਿਆ ਹੈ। ਹਾਲਾਂਕਿ ਪਿੱਛੋਂ ਉਹ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖੂੰਡੇ ਹਲਾਲ ਦੇ ਵਾਸੀ ਹਨ ਪਰ ਮੌਜੂਦਾ ਸਮੇਂ ਵਿੱਚ ਐਰੋਸਿਟੀ ਦੇ ਬਲਾਕ ਐਫ਼ ਵਿੱਚ ਰਹਿ ਰਹੇ ਹਨ। ਉਹ ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਦੇ ਅਤਿ ਨਜ਼ਦੀਕੀ ਸਮਝੇ ਜਾਂਦੇ ਹਨ। ਕਿਸਾਨ ਸੰਘਰਸ਼ ਦੌਰਾਨ ਉਹ ਪੂਰੀ ਤਰ੍ਹਾਂ ਸਰਗਰਮ ਰਹੇ ਅਤੇ ਦਿੱਲੀ ਵਿੱਚ ਕਿਸਾਨਾਂ ਵੱਲੋਂ ਲਗਾਈ ਗਈ ਸਮਾਂਨਾਂਤਰ ਸੰਸਦ ਦੌਰਾਨ ਉਨ੍ਹਾਂ ਨੇ ਖੇਤੀ ਮੰਤਰੀ ਦਾ ਕਿਰਦਾਰ ਨਿਭਾਇਆ ਸੀ। ਇਸ ਮੌਕੇ ਰਵਨੀਤ ਸਿੰਘ ਬਰਾੜ ਨੇ ਕਿਹਾ ਕਿ ਮੁਹਾਲੀ ਹਲਕਾ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਅਤੇ ਹੁਣ ਤੱਕ ਇਲਾਕੇ ਦੇ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਸਰਕਾਰ ਨੇ ਮੁਹਾਲੀ ਵਿੱਚ ਕੌਮਾਂਤਰੀ ਏਅਰਪੋਰਟ ਤਾਂ ਬਣਾ ਦਿੱਤਾ ਪਰ ਬੱਸ ਸਰਵਿਸ ਦੀ ਸੁਵਿਧਾ ਪ੍ਰਦਾਨ ਨਹੀਂ ਕੀਤੀ ਗਈ। ਇੰਜ ਹੀ ਮੁਹਾਲੀ ਰੇਲਵੇ ਸਟੇਸ਼ਨ ਤੱਕ ਕੋਈ ਬੱਸ ਨਹੀਂ ਜਾਂਦੀ। ਸੜਕਾਂ ਟੁੱਟੀਆਂ ਪਈਆਂ ਹਨ। ਚੱਪੜਚਿੜੀ ਜੰਗੀ ਯਾਦਗਾਰ ਦੀ ਸਹੀ ਤਰੀਕੇ ਨਾਲ ਸੰਭਾਲ ਨਹੀਂ ਹੋ ਸਕੀ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਵੱਖਰੇ ਉਮੀਦਵਾਰ ਖੜ੍ਹੇ ਕਰਨ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਸ੍ਰੀ ਚੜੂਨੀ ਨਾਲ ਸੀਟਾਂ ਦੀ ਵੰਡ ਬਾਰੇ ਗੱਲ ਚਲ ਰਹੀ ਹੈ ਅਤੇ ਛੇਤੀ ਹੀ ਇਹਾ ਰੇੜਕਾ ਵੀ ਖ਼ਤਮ ਹੋ ਜਾਵੇਗਾ ਅਤੇ ਉਹ ਵੀ ਸੰਯੁਕਤ ਸਮਾਜ ਮੋਰਚਾ ਦੇ ਨਾਲ ਮਿਲ ਕੇ ਚੋਣ ਲੜਨਗੇ।