ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼

ਕਿਸਾਨਾਂ ਨੇ ਦਿੱਲੀ ਵੱਲ ਘੱਤੀਆਂ ਵਹੀਰਾਂ

ਦੱਪਰ ਟੌਲ ਪਲਾਜ਼ਾ ’ਤੇ ਵੱਡੀ ਗਿਣਤੀ ਕਿਸਾਨ ਇਕੱਤਰ ਹੋਏ

ਕਿਸਾਨਾਂ ਨੇ ਦਿੱਲੀ ਵੱਲ ਘੱਤੀਆਂ ਵਹੀਰਾਂ

ਅੰਬਾਲਾ ਸਥਿਤ ਮੋਹੜਾ ਦਾਣਾ ਮੰਡੀ ਨੇੜੇ ਲਗਾਏ ਬੈਰੀਕੇਡ ਤੋੜ ਕੇ ਦਿੱਲੀ ਵੱਲ ਰਵਾਨਾ ਹੁੰਦੇ ਹੋਏ ਕਿਸਾਨ। -ਫੋਟੋ: ਰਤਨ ਸਿੰਘ ਢਿੱਲੋਂ

ਸਰਬਜੀਤ ਸਿੰਘ ਭੱਟੀ

ਲਾਲੜੂ, 25 ਨਵੰਬਰ

ਕੇਂਦਰੀ ਖੇਤੀ ਕਾਨੂੰਨਾ ਖ਼ਿਲਾਫ਼ ਦਿੱਲੀ ਵਿੱਚ 26-27 ਨਵੰਬਰ ਨੂੰ ਕੀਤੇ ਜਾਣ ਵਾਲੇ ਸੰਘਰਸ਼ ਨੂੰ ਲੈ ਕੇ ਅੱਜ ਟੌਲ ਪਲਾਜ਼ਾ ਦੱਪਰ ਵਿਚ ਹਲਕੇ ਦੇ ਕਿਸਾਨ ਇਕੱਠੇ ਹੋਏ ਅਤੇ 26 ਨਵੰਬਰ ਨੂੰ ਸਵੇਰੇ ਵੱਡੇ ਕਾਫਲੇ ਦੇ ਰੂਪ ਵਿੱਚ ਦਿੱਲੀ ਵੱਲ ਕੂਚ ਕਰਨ ਦਾ ਫ਼ੈਸਲਾ ਕੀਤਾ ਗਿਆ। ਕਿਸਾਨ ਅੰਦੋਲਨ ਦੀ ਤਿਆਰੀਆਂ ਪਿਛਲੇ ਕਈ ਦਿਨਾਂ ਤੋਂ ਇਲਾਕੇ ਵਿੱਚ ਕਿਸਾਨਾਂ ਵੱਲੋਂ ਆਪਣੇ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ। ਕਿਸਾਨ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਨਿਰਮੈਲ ਸਿੰਘ ਜੌਲਾ ਤੇ ਕਿਸਾਨ ਆਗੂ ਮਨਪ੍ਰੀਤ ਸਿੰਘ ਅਮਲਾਲਾ, ਕਰਮ ਸਿੰਘ ਬਰੌਲੀ, ਜਸਵੰਤ ਸਿੰਘ ਕੁਰਲੀ, ਸਰਪੰਚ ਬਲਿਹਾਰ ਸਿੰਘ ਬੱਲੀ, ਗੁਰਪ੍ਰੀਰਤ ਸਿੰਘ ਜਾਸਤਨਾ, ਨਿੱਕਾ ਸਿੰਘ ਝਰਮੜੀ, ਕੁਲਦੀਪ ਸਿੰਘ ਸਰਸੀਣੀ, ਨਰਿੰਦਰ ਸਿੰਘ ਕੁਰਲੀ, ਨੰਬਰਦਾਰ ਕਰਮ ਸਿੰਘ ਕਾਰਕੌਰ ਨੇ ਦੱਸਿਆ ਕਿ ਹਲਕੇ ਦੇ ਸਾਰੇ ਪਿੰਡਾਂ ’ਚੋਂ ਕਿਸਾਨ ਆਪਣੇ ਟਰੈਕਟਰ ਟਰਾਲੀਆਂ ਅਤੇ ਰਾਸ਼ਨ, ਪਾਣੀ ਸਮੇਤ ਦਿੱਲੀ ਵੱਲ ਚਾਲੇ ਪਾਉਣਗੇ ਅਤੇ ਜਦੋਂ ਤੱਕ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉੰਨੀ ਦੇਰ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਬਾਰਡਰ ਸੀਲ ਕੀਤੇ ਜਾਣ ਕਾਰਨ ਕਿਸਾਨ ਹੋਰ ਰਸਤਿਆਂ ਅਤੇ ਬਦਲਵੇਂ ਸਾਧਨਾ ਰਾਂਹੀ ਵੀ ਦਿੱਲੀ ਪਹੁੰਚ ਰਹੇ ਹਨ, ਜਿਥੇ ਵੀ ਭਾਜਪਾ ਸਰਕਾਰ ਉਨ੍ਹਾਂ ਲਈ ਰੁਕਾਵਟ ਖੜ੍ਹੀ ਕਰੇਗੀ ਕਿਸਾਨ ਉਥੇ ਹੀ ਧਰਨਾ ਸ਼ੁਰੂ ਕਰ ਦੇਣਗੇ।

ਐਸਏਐਸ ਨਗਰ (ਪੱਤਰ ਪ੍ਰੇਰਕ): ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਬਣਾਏ ਗਏ ਨਵੇਂ ਖੇਤੀ ਕਾਨੂੰਨ ਦੇ ਖ਼ਿਲਾਫ਼ 26 ਨਵੰਬਰ ਅਤੇ 27 ਨਵੰਬਰ ਨੂੰ ਦਿੱਲੀ ਜਾ ਰਹੇ ਕਿਸਾਨਾਂ ਦੇ ਕਾਫ਼ਲਿਆਂ ਵਿੱਚ ਮੁਹਾਲੀ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਆਮ ਲੋਕ ਤੇ ਕਿਸਾਨ ਸ਼ਮੂਲੀਅਤ ਕਰਨਗੇ। ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਮੁਹਾਲੀ ਦੇ ਕਨਵੀਨਰ ਅਮਨਦੀਪ ਰਤੀਆ, ਸਲਾਹਕਾਰ ਕਾਮਰੇਡ ਕੰਵਲਜੀਤ ਸਿੰਘ, ਜਰਨੈਲ ਸਿੰਘ ਅਤੇ ਜਗਦੀਪ ਸਿੰਘ ਕੰਸਾਲਾ ਨੇ ਯੂਨੀਅਨ ਦੀਆਂ ਵੱਖ-ਵੱਖ ਮੀਟਿੰਗਾਂ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਕਿਸਾਨ ਯੂਨੀਅਨ ਦੇ ਬੈਨਰ ਹੇਠ ਮੁਹਾਲੀ ਜ਼ਿਲ੍ਹੇ ਵਿਚੋਂ ਵੱਡੀ ਗਿਣਤੀ ਕਿਸਾਨ ਸ਼ਮੂਲੀਅਤ ਕਰਨਗੇ।

ਫਤਹਿਗੜ੍ਹ ਸਾਹਿਬ (ਡਾ. ਹਿਮਾਂਸੂ ਸੂਦ): ਟਰੈਕਟਰ-ਟਰਾਲੀਆਂ ਰਾਹੀਂ ਦਿੱਲੀ ਕੂਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਸਰਕਾਰ ਵਲੋਂ ਸਰਹੱਦ ’ਤੇ ਰੋਕੇ ਜਾਣ ਕਾਰਨ ਕਿਸਾਨ ਜਥੇਬੰਦੀਆਂ ਦੇ ਕਾਫ਼ਲੇ ਅੱਜ ਦੇਰ ਸਾਮ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਪਹੁੰਚਣੇ ਸ਼ੁਰੂ ਹੋ ਗਏ ਹਨ। ਗੁਰਦੁਆਰੇ ਦੇ ਮਨੈਜਰ ਕਰਮ ਸਿੰਘ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਦੇ ਪਹੁੰਚੇ ਕੁਝ ਸਰਗਰਮ ਕਾਰਕੁਨਾਂ ਨੇ ਦੱਸਿਆ ਕਿ 5 ਹਜ਼ਾਰ ਦੇ ਕਰੀਬ ਕਿਸਾਨਾਂ ਦੇ ਪਹੁੰਚਣ ਦੀ ਸੰਭਾਵਨਾ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਸਾਰਿਆਂ ਦੀ ਸਹੂਲਤ ਲਈ ਪ੍ਰਬੰਧ ਕੀਤੇ ਗਏ ਹਨ। ਕਿਸਾਨ ਆਗੂ ਹਰਪਾਲ ਸਿੰਘ, ਦਿਲਪ੍ਰੀਤ ਸਿੰਘ, ਜਤਿੰਦਰ ਸਿੰਘ ਅਤੇ ਸਤਨਾਮ ਸਿੰਘ ਕਲੱਸੀ ਆਦਿ ਨੇ ਇਥੇ ਦੱਸਿਆ ਕਿ ਉਹ ਕਿਸਾਨ ਆਗੂ ਹਰਜੀਤ ਸਿੰਘ ਕਾਂਦੀਆਂ ਦੀ ਅੱਗਵਾਈ ਹੇਠ ਦਿੱਲੀ ਲਈ ਰਵਾਨਾ ਹੋਣ ਲਈ ਇਥੇ ਆਏ ਹਨ ਅਤੇ ਦੇਰ ਰਾਤ ਤੱਕ ਦੁਆਬਾ ਖੇਤਰ ਫਲੌਰ, ਫਗਵਾੜਾ ਆਦਿ ਵਿੱਚੋਂ 1500 ਤੋਂ ਵੱਧ ਟਰੈਕਟਰ ਟਰਾਲੀਆਂ ਰਾਹੀ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਇਥੇ ਪਹੁੰਚ ਜਾਣਗੇ।

ਬਨੂੜ (ਕਰਮਜੀਤ ਸਿੰਘ ਚਿੱਲਾ): ਕਿਸਾਨ ਜਥੇਬੰਦੀਆਂ ਵੱਲੋਂ 26-27 ਨਵੰਬਰ ਨੂੰ ਦਿੱਲੀ ਜਾਣ ਦੇ ਪ੍ਰੋਗਰਾਮ ਲਈ ਬਨੂੜ ਖੇਤਰ ਵਿੱਚ ਲਾਮਿਸਾਲ ਉਤਸ਼ਾਹ ਪਾਇਆ ਜਾ ਰਿਹਾ ਹੈ। ਸਮੁੱਚੇ ਪਿੰਡਾਂ ਵਿੱਚ ਕਿਸਾਨ ਜਥੇਬੰਦੀਆਂ ਦੇ ਕਾਰਕੁਨਾਂ ਦੇ ਨਾਲ-ਨਾਲ ਪਿੰਡਾਂ ਦੇ ਵਸਨੀਕਾਂ ਵੱਲੋਂ ਆਪਣੇ ਪੱਧਰ ਉੱਤੇ ਦਿੱਲੀ ਜਾਣ ਦੀ ਤਿਆਰੀ ਨੂੰ ਆਖਰੀ ਰੂਪ ਦਿੱਤਾ ਜਾ ਰਿਹਾ ਹੈ। ਕਿਸਾਨ ਸਭਾ ਦੇ ਆਗੂ ਗੁਰਦਰਸ਼ਨ ਸਿੰਘ ਖਾਸਪੁਰ, ਸਿੱਧੂਪੁਰ-ਏਕਤਾ ਗਰੁੱਪ ਦੇ ਆਗੂ ਜਸਵੰਤ ਸਿੰਘ ਨੰਡਿਆਲੀ, ਕਿਰਪਾਲ ਸਿੰਘ ਸਿਆਊ, ਲਖਵਿੰਦਰ ਸਿੰਘ ਕਰਾਲਾ ਨੇ ਦੱਸਿਆ ਨੇ ਹਰ ਵਰਗ ਦੇ ਵਸਨੀਕ 26 ਨਵੰਬਰ ਨੂੰ ਦਿੱਲੀ ਜਾਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦੇ ਅੜਿੱਕੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਨਹੀਂ ਰੋਕ ਸਕਣਗੇ। ਉਨ੍ਹਾਂ ਕਿਹਾ ਕਿ ਕਿਸਾਨ ਪਰਿਵਾਰਾਂ ਸਮੇਤ ਦਿੱਲੀ ਜਾਣਗੇ।

ਤਖ਼ਤ ਕੇਸਗੜ੍ਹ ਸਾਹਿਬ ਪਹੁੰਚੇ ਅਦਾਕਾਰ ਰਾਜ ਬੱਬਰ।

ਰਾਜ ਬੱਬਰ ਵੱਲੋਂ ਖੇਤੀ ਕਾਨੂੰਨਾਂ ਦਾ ਵਿਰੋਧ

ਸ੍ਰੀ ਆਨੰਦਪੁਰ ਸਾਹਿਬ (ਬੀਐੱਸ ਚਾਨਾ): ਅੱਜ ਖਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਆਨੰਦਪੁਰ ਸਾਹਿਬ ਵਿਚ ਸ਼ੁਸ਼ੋਭਿਤ ਤਖ਼ਤ ਕੇਸਗੜ੍ਹ ਸਾਹਿਬ ਵਿਚ ਇੱਕ ਫਿਲਮ ਦੀ ਸ਼ੂਟਿੰਗ ਲਈ ਪਹੁੰਚੇ ਕਾਂਗਰਸੀ ਆਗੂ ਤੇ ਅਦਾਕਾਰ ਰਾਜ ਬੱਬਰ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਦੱਸਦਿਆਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਉਹ ਧਰਤੀ ਹੈ ਜਿੱਥੋਂ ਸਦੀਆਂ ਤੋਂ ਜਬਰ ਤੇ ਜ਼ੁਲਮ ਖ਼ਿਲਾਫ਼ ਆਵਾਜ਼ ਉੱਠਦੀ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਉਹ ਵੀ ਇਨ੍ਹਾਂ ਕਾਲੇ ਕਾਨੂੰਨਾਂ ਦਾ ਡੱਟਵਾਂ ਵਿਰੋਧ ਕਰਦੇ ਹਨ। ਇਸ ਮੌਕੇ ਉਨ੍ਹਾਂ ਨਾਲ ਅਦਾਕਾਰਾ ਜੈਪ੍ਰਦਾ ਤੇ ਸਰਦਾਰ ਸੋਹੀ ਸਿੰਘ ਵੀ ਹਾਜ਼ਰ ਸਨ।

ਮਜ਼ਦੂਰ ਕਿਸਾਨਾਂ ਨਾਲ ਦਿੱਲੀ ਜਾਣਗੇ ਆੜ੍ਹਤੀ ਤੇ ਮੁਨੀਮ

ਚਮਕੌਰ ਸਾਹਿਬ (ਸੰਜੀਵ ਬੱਬੀ): ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਦੇ ਮੈਂਬਰਾਂ ਦੀ ਮੀਟਿੰਗ ਇੱਥੇ ਅਨਾਜ ਮੰਡੀ ਵਿਚ ਪ੍ਰਧਾਨ ਆੜ੍ਹਤੀ ਮੇਜਰ ਸਿੰਘ ਮਾਂਗਟ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਬਿੱਲਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਸਬੰਧੀ ਵਿਚਾਰ ਚਰਚਾ ਕੀਤੀ ਗਈ। ਪ੍ਰਧਾਨ ਸ੍ਰੀ ਮਾਂਗਟ ਨੇ ਦੱਸਿਆ ਕਿ ਸਮੁੱਚਾ ਆੜ੍ਹਤੀ ਭਾਈਚਾਰਾ ਕਿਸਾਨਾਂ ਦੇ ਨਾਲ ਖੜ੍ਹਾ ਹੈ ਤੇ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਪਾਸ ਕੀਤੇ ਬਿਲਾਂ ਨੂੰ ਰੱਦ ਕਰਵਾਉਣ ਲਈ ਸੂਬੇ ਦੇ ਆੜ੍ਹਤੀ ਕਿਸਾਨ ਅੰਦੋਲਨ ਵਿੱਚ ਉਨ੍ਹਾਂ ਦਾ ਪੂਰਾ ਸਾਥ ਦੇ ਰਹੇ ਹਨ। ਉਨ੍ਹਾਂ ਕਿਹਾ ਕਿ 26 ਤੇ 27 ਨਵੰਬਰ ਨੂੰ ਜ਼ਿਲ੍ਹਾ ਰੂਪਨਗਰ ਦੀਆਂ ਸਮੁੱਚੀਆਂ ਅਨਾਜ ਮੰਡੀਆਂ ਬੰਦ ਕਰ ਕੇ ਆੜ੍ਹਤੀ ਤੇ ਮੁਨੀਮ ਮਜ਼ਦੂਰ ਕਿਸਾਨਾਂ ਨਾਲ ਦਿੱਲੀ ਜਾਣਗੇ, ਪਰ ਜੇਕਰ ਰਸਤੇ ਵਿੱਚ ਕਿਸੇ ਵੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਰੋਕਿਆ ਗਿਆ ਤਾਂ ਉਹ ਉੱਥੇ ਹੀ ਧਰਨਾ ਲਗਾ ਦੇਣਗੇ।

ਹਰਿਆਣਾ ਬਾਰਡਰ ਸੀਲ ਕਰਨਾ ਗ਼ੈਰ ਜਮਹੂਰੀ: ਕੇਂਦਰੀ ਸਿੰਘ ਸਭਾ

ਚੰਡੀਗੜ੍ਹ (ਖੇਤਰੀ ਪ੍ਰਤੀਨਿਧ): ਦਿੱਲੀ ਨੂੰ ਕੂਚ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਬਾਰਡਰ ਨੂੰ ਸੀਲ ਕਰਨਾ ਇੱਕ ਗੈਰ ਜਮਹੂਰੀ ਅਤੇ ਤਾਨਾਸ਼ਾਹੀ ਕਦਮ ਹੈ ਜਿਸ ਦੇ ਨਾਲ ਦੇਸ਼ ਲਈ ਅਣਸੁਖਾਵੇ ਦੁਰਗਾਮੀ ਸਿੱਟੇ ਨਿਕਲ ਸਕਦੇ ਹਨ। ਕੇਂਦਰੀ ਸਿੰਘ ਸਭਾ ਨਾਲ ਜੁੜ੍ਹੇ ਸਿੱਖ ਚਿੰਤਕਾਂ ਪ੍ਰੋਫੈਸਰ ਸ਼ਾਮ ਸਿੰਘ, ਪ੍ਰੋਫੈ਼ਸਰ ਮਨਜੀਤ ਸਿੰਘ, ਸੁਖਦੇਵ ਸਿੰਘ ਪੱਤਰਕਾਰ ਤੇ ਹੋਰਨਾਂ ਨੇ ਇਥੇ ਜਾਰੀ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਦਿੱਲੀ ਹਾਕਮਾਂ ਦੇ ਹੁਕਮਾਂ ਦੀ ਪਾਲਣਾ ਕਰਦਿਆਂ, ਹਰਿਆਣਾ ਪੁਲੀਸ ਦਿੱਲੀ ਨੂੰ ਜਾ ਰਹੇ ਕਿਸਾਨਾਂ ਨੂੰ ਰੋਕ ਕੇ ਉਨ੍ਹਾਂ ਨੂੰ ਟਕਰਾਅ ਅਤੇ ਹਿੰਸਾ ਵੱਲ ਧੱਕ ਰਹੇ ਹਨ ਤਾਂ ਕਿ ਸਟੇਟ ਮਸ਼ੀਨਰੀ ਨੂੰ ਮੁਜ਼ਾਹਰਾਕਾਰੀ ਉੱਤੇ ਤਸ਼ੱਦਦ ਕਰਨ ਦਾ ਮੌਕਾ ਮਿਲ ਸਕੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਸ਼ਹਿਰ

View All