ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 20 ਮਈ
ਇੱਥੋਂ ਦੇ ਗੁਰਦੁਆਰਾ ਅੰਬ ਸਾਹਿਬ ਵਿੱਚ 16 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਅੱਜ ਕਿਸਾਨ ਯੂਨੀਅਨ (ਦੋਆਬਾ) ਦੇ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਕਿਸਾਨਾਂ ਨੇ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਨ, ਕਰਜ਼ਾ ਨਾ ਮੋੜਨ ਵਾਲੇ ਕਿਸਾਨਾਂ ਖ਼ਿਲਾਫ਼ ਜਾਰੀ ਕੀਤੇ ਵਾਰੰਟ ਰੱਦ ਕਰਨ, ਖੇਤੀ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ।
ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਬਲਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਬਾਸਮਤੀ ਲਈ 5 ਹਜ਼ਾਰ ਰੁਪਏ ਦਾ ਘੱਟੋ-ਘੱਟ ਸਮਰਥਨ ਮੁੱਲ ਦੇਣਾ ਚਾਹੀਦਾ ਹੈ ਅਤੇ ਝੋਨੇ ਤੋਂ ਇਲਾਵਾ ਹੋਰ ਫਸਲਾਂ ਉਗਾਉਣ ਵਾਲੇ ਕਿਸਾਨਾਂ ਨੂੰ ਵਿਭਿੰਨਤਾ ਬੋਨਸ ਵਜੋਂ 10 ਹਜ਼ਾਰ ਰੁਪਏ ਦਿੱਤੇ ਜਾਣ। ਛੋਟੇ ਕਿਸਾਨਾਂ ਦੀਆਂ ਸ਼ਾਮਲਾਤ ਜ਼ਮੀਨਾਂ ਐਕੁਆਇਰ ਨਾ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਗੰਨੇ ਦੀ ਬਕਾਇਆ ਰਾਸ਼ੀ ਦੇ 900 ਕਰੋੜ ਰੁਪਏ ਖੜ੍ਹੇ ਹਨ।
ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਚਾਰ ਦਿਨ ਦਾ ਅਲਟੀਮੇਟਮ ਦਿੰਦੇ ਹੋਏ ਚਿਤਾਵਨੀ ਦਿੱਤੀ ਕਿ ਜੇਕਰ ਇਸ ਦੌਰਾਨ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਨਾ ਕੀਤੀ ਅਤੇ ਹੋਰ ਜਾਇਜ਼ ਮੰਗਾਂ ਨਾ ਮੰਨੀਆਂ ਗਈਆਂ 25 ਮਈ ਨੂੰ ਕਿਸਾਨ ਜਥੇਬੰਦੀਆਂ ਫਗਵਾੜਾ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਕੌਮੀ ਮਾਰਗ ਜਾਮ ਕਰਨਗੀਆਂ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਨਹਿਰ ਦੀ ਸਫ਼ਾਈ ਜੰਗੀ ਪੱਧਰ ’ਤੇ ਕਰਵਾਈ ਜਾਵੇ ਅਤੇ ਨਹਿਰਾਂ ਵਿੱਚ ਪਾਣੀ ਜਲਦੀ ਤੋਂ ਜਲਦੀ ਛੱਡਿਆ ਜਾਵੇ।
ਸਰਕਾਰ ’ਤੇ ਕਿਸਾਨਾਂ ’ਚ ਫੁੱਟ ਪਾਉਣ ਦੀ ਕੋਸ਼ਿਸ਼ ਦਾ ਦੋਸ਼
ਕਿਸਾਨ ਆਗੂ ਮਨਜੀਤ ਸਿੰਘ ਰਾਏ ਨੇ ਦੱਸਿਆ ਕਿ 2 ਜੂਨ ਨੂੰ ਪੰਜਾਬ, ਹਰਿਆਣਾ, ਉੱਤਰਾਖੰਡ ਅਤੇ ਰਾਜਸਥਾਨ ਤੋਂ ਐੱਸ.ਕੇ.ਐੱਮ ਦੇ ਆਗੂ ਮੁੜ ਲਖੀਮਪੁਰ ਖੇੜੀ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਇਹ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਐੱਸਕੇਐੱਮ ਨੇ ਲਖੀਮਪੁਰ ਖੇੜੀ ਕਾਂਡ ਦੇ ਪੀੜਤ ਪਰਿਵਾਰਾਂ ਦੀ ਮਦਦ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਹੁਣ ਤੱਕ ਪ੍ਰਭਾਵਿਤ ਪਰਿਵਾਰਾਂ ਨੂੰ 8.50 ਲੱਖ ਰੁਪਏ ਵਿੱਤੀ ਅਤੇ ਕਾਨੂੰਨੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਕਿਸਾਨ ਆਗੂਆਂ ਵਿੱਚ ਫੁੱਟ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।