ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 4 ਅਗਸਤ
ਖੇਤੀ ਕਾਨੂੰਨ ਵਾਪਸ ਲੈਣ ਵੇਲੇ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਹਾਲੇ ਤੱਕ ਵਫ਼ਾ ਨਹੀਂ ਹੋਏ। ਲਖਮੀਰਪੁਰ ਖੀਰੀ ਘਟਨਾ ਅਤੇ ਐੱਮਐੱਸਪੀ ਗਾਰੰਟੀ ਕਾਨੂੰਨ ਬਣਾਉਣ ਸਮੇਤ ਹੋਰ ਜਾਇਜ਼ ਮੰਗਾਂ ਸਬੰਧੀ ਕਿਸਾਨਾਂ ਦੀ ਉਡੀਕ ਲੰਮੀ ਹੁੰਦੀ ਜਾ ਰਹੀ ਹੈ। ਇਸ ਕਾਰਨ ਕਿਸਾਨ ਮੁੜ ਤੋਂ ਸੰਘਰਸ਼ ਵਿੱਢਣ ਦੇ ਰੌਂਅ ਵਿੱਚ ਹਨ।
ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਅਗਨੀਪਥ ਯੋਜਨਾ ਖ਼ਿਲਾਫ਼ 16 ਅਗਸਤ ਨੂੰ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਰਾਹੀਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜੇ ਜਾਣਗੇ ਅਤੇ ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਨਾ ਦੇਣ ਅਤੇ ਐੱਮਐੱਸਪੀ ਗਰੰਟੀ ਕਾਨੂੰਨੀ ਨਾ ਬਣਾਏ ਜਾਣ ਦੇ ਰੋਸ ਵਜੋਂ 18, 19 ਅਤੇ 20 ਅਗਸਤ ਨੂੰ 72 ਘੰਟੇ ਲਈ ਲਖਮੀਰਪੁਰ ਖੀਰੀ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਐੱਮਐੱਸਪੀ ’ਤੇ ਪਹਿਲਾਂ ਵੀ ਕਈ ਕਮੇਟੀਆਂ ਬਣੀਆਂ ਹਨ ਪਰ ਹੁਣ ਤੱਕ ਕੋਈ ਸਿੱਟਾ ਨਹੀਂ ਨਿਕਲਿਆ। ਜ਼ਮੀਨਾਂ ਐਕੁਆਇਰ ਕਰਨ ਅਤੇ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੇ ਮੁੱਦੇ ’ਤੇ ਬੋਲਦਿਆਂ ਸ੍ਰੀ ਲੱਖੋਵਾਲ ਨੇ ਕਿਹਾ ਕਿ ਪਿੱਛੇ ਜਿਹੇ ਮੁੱਖ ਮੰਤਰੀ ਨਾਲ ਮੀਟਿੰਗਾਂ ਕੀਤੀਆਂ ਗਈਆਂ ਸਨ ਪਰ ਕੋਈ ਹੱਲ ਨਹੀਂ ਹੋਇਆ। ਉਨ੍ਹਾਂ ਮੰਗ ਕੀਤੀ ਕਿ ਫ਼ਸਲਾਂ ਦਾ ਬੀਮਾ ਕੀਤਾ ਜਾਵੇ ਅਤੇ ਪੀੜਤ ਕਿਸਾਨਾਂ ਨੂੰ ਫੌਰੀ ਤੌਰ ’ਤੇ ਵਿੱਤੀ ਰਾਹਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਸੜਕਾਂ ਬਣਾਉਣ ਲਈ ਜ਼ਮੀਨਾਂ ਦੇਣ ਨੂੰ ਤਿਆਰ ਹਨ ਪਰ ਕਿਸਾਨਾਂ ਨੂੰ ਮੌਜੂਦਾ ਮਾਰਕੀਟ ਭਾਅ ਨਾਲੋਂ ਤਿੰਨ ਗੁਣਾ ਵੱਧ ਭਾਅ ਦਿੱਤਾ ਜਾਵੇ।
ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਗੂੰਜਿਆ
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਫਤਹਿ-ਏ-ਜੰਗ ਚੱਪੜਚਿੜੀ ਵਿੱਚ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਚੁੱਕਿਆ ਗਿਆ। ਸ੍ਰੀ ਲੱਖੋਵਾਲ ਨੇ ਕਿਹਾ ਕਿ ਕਾਨੂੰਨ ਮੁਤਾਬਕ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ ਅਤੇ ਹੁਣ ‘ਆਪ’ ਸਰਕਾਰ ਵੀ ਉਸੇ ਰਾਹ ਪੈ ਗਈ ਹੈ।