ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 30 ਅਗਸਤ
ਨੈਸ਼ਨਲ ਹਾਈਵੇਅ ਅਥਾਰਟੀ ਨਵੀਂ ਦਿੱਲੀ ਵੱਲੋਂ ਮੁਹਾਲੀ ਤੋਂ ਕੁਰਾਲੀ ਤੱਕ ਬਣਾਏ ਜਾਣ ਵਾਲੇ ਕੌਮੀ ਮਾਰਗ ਲਈ ਘੱਟ ਕੀਮਤ ’ਤੇ ਜ਼ਮੀਨਾਂ ਐਕੁਆਇਰ ਕਰਨ ਖ਼ਿਲਾਫ਼ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਡੀਸੀ ਦਫ਼ਤਰ ਮੁਹਾਲੀ ਦੇ ਬਾਹਰ ਪਿਛਲੇ ਕਰੀਬ ਸਾਢੇ ਤਿੰਨ ਮਹੀਨੇ ਤੋਂ ਲੜੀਵਾਰ ਧਰਨਾ ਜਾਰੀ ਹੈ। ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਦੇ ਪਿੰਡਾਂ ਦੇ ਕਿਸਾਨਾਂ ਦੇ ਵਫ਼ਦ ਦੀ ਅੱਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕਰਵਾਈ।
ਕਿਸਾਨਾਂ ਨੇ ਸ਼ੇਖਾਵਤ ਨੂੰ ਇੱਕ ਮੰਗ ਪੱਤਰ ਦੇ ਕੇ ਮੁਹਾਲੀ ’ਚੋਂ ਕੱਢੇ ਜਾਣ ਵਾਲੇ ਕੌਮੀ ਮਾਰਗਾਂ ਲਈ ਨੇੜਲੇ ਪਿੰਡਾਂ ਦੀਆਂ ਐਕੁਆਇਰ ਕੀਤੀਆਂ ਜਾਣ ਵਾਲੀਆਂ ਉਪਜਾਊ ਜ਼ਮੀਨਾਂ ਦਾ ਮੌਜੂਦਾ ਮਾਰਕੀਟ ਭਾਅ ਅਨੁਸਾਰ ਯੋਗ ਮੁਆਵਜ਼ਾ ਦੇਣ ਅਤੇ ਖੇਤੀ ਕਾਨੂੰਨ ਵਾਪਸ ਲੈਣ ਸਮੇਂ ਸਰਕਾਰ ਵੱਲੋਂ ਮੰਨੀਆਂ ਬਾਕੀ ਮੰਗਾਂ ਜਲਦੀ ਪੂਰੀਆਂ ਕਰਨ ਦੀ ਮੰਗ ਕੀਤੀ। ਕੇਂਦਰੀ ਮੰਤਰੀ ਨੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ’ਤੇ ਹਮਦਰਦੀ ਨਾਲ ਗੌਰ ਕਰਨ ਦਾ ਭਰੋਸਾ ਦਿੱਤਾ। ਬਲਬੀਰ ਸਿੱਧੂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਕਿਹਾ ਕਿ ਉਹ ਪਿਛਲੇ ਕਾਫ਼ੀ ਦਿਨਾਂ ਤੋਂ ਡੀਸੀ ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠੇ ਹਨ ਪਰ ‘ਆਪ’ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ।
ਬਲਜੀਤ ਸਿੰਘ ਖਾਲਸਾ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ
ਪੰਥਕ ਵਿਚਾਰ ਮੰਚ ਦੇ ਪ੍ਰਧਾਨ ਬਲਜੀਤ ਸਿੰਘ ਖਾਲਸਾ ਨੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪ ਕੇ ਪੰਜਾਬ ਸਮੇਤ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਮੂਹ ਸਿੱਖ ਕੈਦੀ ਕਾਨੂੰਨ ਅਨੁਸਾਰ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਹਨ, ਪਰ ਹਾਲੇ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਸਿੱਖਾਂ ਵਿੱਚ ਭਾਰੀ ਰੋਸ ਹੈ। ਸ਼ੇਖਾਵਤ ਨੇ ਇਸ ਮੰਗ ’ਤੇ ਵੀ ਗੌਰ ਕਰਨ ਦਾ ਭਰੋਸਾ ਦਿੱਤਾ।