ਕਿਸਾਨਾਂ ਵੱਲੋਂ ਸੰਗਰੂਰ ਧਰਨੇ ਦੀ ਤਿਆਰੀ ਲਈ ਲਾਮਬੰਦੀ
ਪੰਜਾਬ ਦੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 25 ਜੁਲਾਈ ਨੂੰ ਸੰਗਰੂਰ ਵਿੱਚ ਵੱਡਾ ਧਰਨਾ ਪ੍ਰਦਰਸ਼ਨ ਕਰਨ ਸਬੰਧੀ ਪ੍ਰਧਾਨ ਹਰਜੀਤ ਸਿੰਘ ਸੈਦਪੁਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਕਿਰਤੀ ਕਿਸਾਨ ਮੋਰਚੇ ਦੇ ਪ੍ਰਧਾਨ ਵੀਰ ਸਿੰਘ ਬੜਵਾ ਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਪ੍ਰਧਾਨ ਰਣਵੀਰ ਸਿੰਘ ਰੰਧਾਵਾ ਨੇ ਕਿਹਾ ਕਿ ਸੰਗਰੂਰ ਵਿੱਚ ਮਜ਼ਦੂਰ ਜਥੇਬੰਦੀ ਦੇ ਆਗੂਆਂ ਨੂੰ ਫੜ ਕੇ ਜੇਲ੍ਹ ਵਿੱਚ ਬੰਦ ਕੀਤਾ ਜਾ ਰਿਹਾ ਹੈ। ਸੰਗਰੂਰ ਵਿੱਚ ਧਰਨੇ ਮੁਜ਼ਾਹਰਿਆਂ ਉੱਪਰ ਅਣਐਲਾਨੀ ਪਾਬੰਦੀ ਲਾਈ ਹੋਈ ਹੈ। ਉਨ੍ਹਾਂ ਕਿਹਾ ਕਿ ਝੂਠੇ ਪੁਲੀਸ ਮੁਕਾਬਲੇ ਬਣਾਏ ਜਾ ਰਹੇ ਹਨ ਅਤੇ ਦੋਸ਼ੀ ਪੁਲੀਸ ਅਧਿਕਾਰੀਆਂ ਨੂੰ ਫੜਨ ਦੀ ਬਜਾਏ ਤਰੱਕੀਆਂ ਦਿੱਤੀਆਂ ਜਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ 25 ਜੁਲਾਈ ਦੇ ਧਰਨੇ ਨੂੰ ਸਫਲ ਕਰਨ ਲਈ ਚਮਕੌਰ ਸਾਹਿਬ ਦੇ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਵੱਡੀ ਗਿਣਤੀ ਲੋਕਾਂ ਵੱਲੋਂ ਸੰਗਰੂਰ ਧਰਨੇ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ । ਆਗੂਆਂ ਨੇ ਕਿਹਾ ਕਿ ਕਾਰਪੋਰੇਟ ਸੈਕਟਰ ਨੂੰ ਕਿਸਾਨਾਂ ਦੀ 40 ਹਜ਼ਾਰ ਤੋਂ ਉੱਪਰ ਜ਼ਮੀਨ ਲੈਂਡ ਪੂਲਿੰਗ ਨੀਤੀ ਤਹਿਤ ਐਕੁਆਇਰ ਕਰਕੇ ਦਿੱਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਥੇਬੰਦਕ ਘੋਲਾਂ ਨੂੰ ਦਬਾਉਣ ਲਈ ਪੁਲੀਸ ਦੀ ਦਹਿਸ਼ਤ ਲੋਕਾਂ ਵਿੱਚ ਪਾਉਣ ਲਈ ਪੰਜਾਬ ਨੂੰ ਪੁਲੀਸ ਰਾਜ ਵਿੱਚ ਬਦਲਿਆ ਜਾ ਰਿਹਾ ਹੈ। ਉਕਤ ਆਗੂਆਂ ਨੇ ਪੰਜਾਬ ਦੇ ਸਮੂਹ ਲੋਕਾਂ ਨੂੰ 25 ਜੁਲਾਈ ਦੇ ਧਰਨੇ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਗੁਰਚਰਨ ਸਿੰਘ ,ਮਲਕੀਤ ਸਿੰਘ , ਹਰਵਿੰਦਰ ਸਿੰਘ ,ਕਰਮਜੀਤ ਸਿੰਘ , ਅਮਰ ਸਿੰਘ, ਜਗਤਾਰ ਸਿੰਘ ,ਗੁਰਜੀਤ ਸਿੰਘ ,ਜੈੱਲ ਸਿੰਘ ਕੰਧੋਲਾ , ਤਰਲੋਚਨ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।