ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 20 ਅਕਤੂਬਰ
ਮੁਹਾਲੀ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਜੁੜੇ ਇਲਾਕੇ ਦੇ ਕਿਸਾਨਾਂ ਨੇ ਮੰਗਲਵਾਰ ਨੂੰ ਖੇਤੀਬਾੜੀ ਨਾਲ ਸਬੰਧਤ ਤਿੰਨ ਕਾਨੂੰਨਾਂ ਬਾਰੇ ਭਾਜਪਾ ਦੀ ਮੀਟਿੰਗ ਦਾ ਸਖ਼ਤ ਵਿਰੋਧ ਕਰਦਿਆਂ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ ਨੇ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ, ਗਿਆਨ ਸਿੰਘ ਧੜਾਕ, ਲੱਖੋਵਾਲ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨਿਆਮੀਆਂ, ਮੁੱਖ ਸਲਾਹਕਾਰ ਨਛੱਤਰ ਸਿੰਘ ਬੈਦਵਾਨ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਕੁਰੜੀ, ਹਰਜੀਤ ਸਿੰਘ ਤਹਿਲਪੁਰਾ, ਜੀਤੀ ਪਡਿਆਲਾ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ। ਅੱਜ ਕੇਂਦਰੀ ਰਾਜ ਮੰਤਰੀ ਜਤਿੰਦਰ ਸਿੰਘ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਸੰਬਿਤ ਪਾਤਰਾ ਨੇ ਮੁਹਾਲੀ ਜ਼ਿਲ੍ਹੇ ਦੇ ਭਾਜਪਾ ਆਗੂਆਂ ਨਾਲ ਖੇਤੀ ਬਿੱਲਾਂ ਬਾਰੇ ਇਥੋਂ ਦੇ ਰਤਨ ਪ੍ਰੋਫੈਸ਼ਨਲ ਕਾਲਜ ਸੋਹਾਣਾ ਦੇ ਆਡੀਟੋਰੀਅਮ ਵਿੱਚ ਆਨਲਾਈਨ ਮੀਟਿੰਗ ਰੱਖੀ ਸੀ, ਜਿਸ ਦੀ ਭਿਣਕ ਕਿਸਾਨਾਂ ਨੂੰ ਲੱਗ ਗਈ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਰਤਨ ਕਾਲਜ ਦੇ ਬਾਹਰ ਪਹੁੰਚ ਗਏ ਅਤੇ ਭਾਜਪਾ ਮੀਟਿੰਗ ਦਾ ਸਖ਼ਤ ਵਿਰੋਧ ਕਰਦਿਆਂ ਕਾਲਜ ਗੇਟ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ।